ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤਦਾਨਾਂ ਤੇ ਗੈਂਗਸਟਰਾਂ ਦਰਮਿਆਨ ਗੰਢਤੁੱਪ ਦੀਆਂ ਮੀਡੀਆ ਰਿਪੋਰਟਾਂ ਦੇ ਸੰਦਰਭ ਵਿੱਚ ਜਾਂਚ ਦੇ ਦਿੱਤੇ ਹੁਕਮਾਂ ’ਤੇ ਅਕਾਲੀਆਂ ਦੀਆਂ ਨੌਟੰਕੀਆਂ ਅੱਗੇ ਝੁਕਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਅਕਾਲੀਆਂ ਦੇ ਅਜਿਹੇ ਸੌੜੇ ਹੱਥਕੰਡਿਆਂ ਅੱਗੇ ਦੱਬਣ ਵਾਲੇ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਪੂਰੀ ਛਾਣਬੀਣ ਕੀਤੀ ਜਾਵੇਗੀ ਅਤੇ ਅਜਿਹੇ ਦੋਸ਼ਾਂ ਦੇ ਗੁਨਾਹਗਾਰ ਪਾਏ ਜਾਣ ਵਾਲਿਆਂ ਨੂੰ ਭੱਜਣ ਨਹੀਂ ਦਿੱਤਾ ਜਾਵੇਗਾ। ਇਹ ਵੀ ਜ਼ਿਕਰਯੋਗ ਹੈ ਕਿ ਸੂਬੇ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਸਿੱਧੇ ਢੰਗ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ਗੀ ਜਤਾਉਣੀ ਸ਼ੁਰੂ ਕਰ ਦਿੱਤੀ ਸੀ, ਜਿਸ ਮਗਰੋਂ ਕੈਪਟਨ ਨੇ ਅਕਾਲੀਆਂ ਨੂੰ ਗੈਂਗਸਟਰਾਂ ਨਾਲ ਸਬੰਧਾਂ ਦੇ ਮੁੱਦੇ ’ਤੇ ਘੇਰਨ ਦਾ ਯਤਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਸਿਖਰਲੀ ਲੀਡਰਸ਼ਿਪ ਦੇ ਖਤਰਨਾਕ ਅਪਰਾਧੀਆਂ/ਗੈਂਗਸਟਰਾਂ ਨਾਲ ਸਬੰਧਾਂ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੀਆਂ ਤਸਵੀਰਾਂ ਹਾਸਲ ਕਰਨ ਮਗਰੋਂ ਉਨ੍ਹਾਂ ਡੀਜੀਪੀ ਨੂੰ ਇਸ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੜਤਾਲ ਦੇ ਹੁਕਮ ਦੇਣ ਤੋਂ ਪਹਿਲਾਂ ਤਸਵੀਰਾਂ ਬਾਰੇ ਰਾਜਪਾਲ ਨੂੰ ਜਾਣੂ ਕਰਵਾਇਆ ਗਿਆ ਸੀ ਤੇ ਜੇਕਰ ਇਹ ਸਹੀ ਸਾਬਤ ਹੋ ਗਿਆ ਤਾਂ ਇਸ ਨਾਲ ਸੂਬੇ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਵਿੱਚ ਅਕਾਲੀਆਂ ਦੀ ਸ਼ਮੂਲੀਅਤ ਬੇਨਕਾਬ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਬੂਤ ਬਹੁਤ ਸਟੀਕ ਹਨ ਅਤੇ ਇਨ੍ਹਾਂ ਦੀ ਪੁਲੀਸ ਪੜਤਾਲ ਕਰਵਾਉਣ ਦੀ ਲੋੜ ਹੈ, ਜਿਸ ਕਰਕੇ ਉਨ੍ਹਾਂ ਡੀਜੀਪੀ ਨੂੰ ਆਦੇਸ਼ ਦਿੱਤੇ ਹਨ ਕਿ ਇਸ ਜਾਂਚ ਨੂੰ ਛੇਤੀ ਤੋਂ ਛੇਤੀ ਮੁਕੰਮਲ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨਿਸ਼ਾਨਾ ਬਣਾ ਕੇ ਆਪਣੀ ਸ਼ਮੂਲੀਅਤ ਹੋਣ ਤੋਂ ਧਿਆਨ ਹਟਾਉਣ ਲਈ ਹੱਥ-ਪੈਰ ਮਾਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਕੋਲ ਸ੍ਰੀ ਰੰਧਾਵਾ ਜਾਂ ਹੋਰ ਕਾਂਗਰਸੀ ਮੰਤਰੀਆਂ/ਲੀਡਰਾਂ ਦੀ ਗੈਂਗਸਟਰਾਂ ਤੇ ਅਪਰਾਧੀਆਂ ਨਾਲ ਕਿਸੇ ਤਰ੍ਹਾਂ ਦੀ ਸਾਂਝ ਹੋਣ ਦਾ ਕੋਈ ਸਬੂਤ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਅਕਾਲੀਆਂ ਖਿਲਾਫ਼ ਸਬੂਤ ਦਸਤਾਵੇਜ਼ੀ ਹਨ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਪ੍ਰਾਪਤ ਹੋਈਆਂ ਤਸਵੀਰਾਂ ਵਿੱਚ ਹਰਜਿੰਦਰ ਸਿੰਘ ਬਿੱਟੂ ਉਰਫ਼ ਬਿੱਟੂ ਸਰਪੰਚ ਸੀਨੀਅਰ ਅਕਾਲੀ ਸਿਆਸਤਦਾਨਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਬਾਦਲ ਤੇ ਬਿਕਰਮ ਮਜੀਠੀਆ ਨੂੰ ਸਨਮਾਨਿਤ ਕਰਦਾ ਨਜ਼ਰ ਆਉਂਦਾ ਹੈ। ਪੁਲੀਸ ਨੂੰ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬਿੱਟੂ ਦੀ ਤਲਵੰਡੀ ਸਾਬੋ ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨਾਲ ਵੀ ਕਥਿਤ ਨੇੜਤਾ ਹੈ। ਉਧਰ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਆਰਗੇਨਾਈਜ਼ਡ ਕਰਾਈਮ ਕੰਟਰੋਲ ਯੂਨਿਟ, ਪੰਜਾਬ ਕੋਲ ਹਾਸਲ ਜਾਣਕਾਰੀ ਵਿੱਚ ਖੁਲਾਸਾ ਹੋਇਆ ਹੈ ਕਿ ਬੀਤੇ ਸਮੇਂ ਵਿੱਚ ਬਿੱਟੂ ਬਦਨਾਮ ਗੁਰਪ੍ਰੀਤ ਸੇਖੋਂ ਗੈਂਗ ਦੇ ਮੈਂਬਰਾਂ ਨੂੰ ਸ਼ਰਨ ਦਿਵਾਉਂਦਾ ਰਿਹਾ ਹੈ। ਸ੍ਰੀ ਗੁਪਤਾ ਅਨੁਸਾਰ ਬਿੱਟੂ ਨਸ਼ੇ, ਕਤਲ, ਡਕੈਤੀ, ਆਰਮਜ਼ ਐਕਟ ਆਦਿ ਨਾਲ ਸਬੰਧਤ ਕਈ ਅਪਰਾਧਕ ਮਾਮਲਿਆਂ ਵਿੱਚ ਨਾਮਜ਼ਦ ਹੈ। ਆਰਗੇਨਾਈਜ਼ਡ ਕਰਾਈਮ ਕੰਟਰੋਲ ਯੂਨਿਟ, ਪੰਜਾਬ ਕੋਲ ਮੌਜੂਦਾ ਜਾਣਕਾਰੀ ਅਨੁਸਾਰ ਹਰਜਿੰਦਰ ਸਿਘ ਉਰਫ਼ ਬਿੱਟੂ ਵਾਸੀ ਰਾਮ ਤੀਰਥ ਖਿਲਾਫ਼ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ 7 ਅਪਰਾਧਿਕ ਮਾਮਲੇ ਦਰਜ ਹਨ। ਸ੍ਰੀ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲੀਸ ਨੂੰ ਸੂਬੇ ਵਿੱਚ ਸਰਗਰਮ ਅਪਰਾਧੀਆਂ ਅਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਦੇ ਸਖ਼ਤ ਅਤੇ ਸਪੱਸ਼ਟ ਹੁਕਮ ਦਿੱਤੇ ਗਏ ਹਨ। ਇਸ ਕਾਰਵਾਈ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਕੈਟਾਗਰੀ-ਏ ਦੇ 8 ਗੈਂਗਸਟਰਾਂ ਸਮੇਤ ਹੁਣ ਤੱਕ 2127 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 10 ਗੈਂਗਸਟਰਾਂ (ਇਨ੍ਹਾਂ ਵਿੱਚੋਂ ਪੰਜ ਏ-ਕੈਟਾਗਰੀ ਦੇ) ਖ਼ਿਲਾਫ਼ ਢੁਕਵੀਂ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਗੈਂਗਸਟਰਾਂ ਤੋਂ ਕੁਲ 1040 ਹਥਿਆਰ ਅਤੇ 468 ਵਾਹਨ ਜ਼ਬਤ ਕੀਤੇ ਗਏ ਹਨ।
HOME ਜੇਲ੍ਹ ਮੰਤਰੀ ਦੀ ‘ਨਾਰਾਜ਼ਗੀ’ ਮਗਰੋਂ ਕੈਪਟਨ ਨੇ ਗੈਂਗਸਟਰਾਂ ਦੇ ਮੁੱਦੇ ’ਤੇ ਅਕਾਲੀ...