ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦੀ ਸੂਚੀ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਇੱਕ ਫੋਟੋ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਸਾਲ 2017 ਦੇ ਚੋਣ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਨਾਮੀ ਗੈਂਗਸਟਰ ਹਰਜਿੰਦਰ ਸਿੰਘ ਬਿੱਟੂ ਸਰਪੰਚ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਹੁਣ ਕਿਰਪਾ ਕਰਕੇ ਅੱਜ ਉਨ੍ਹਾਂ ਵੱਲੋਂ ਜਾਰੀ ਕੀਤੀ ਫੋਟੋ ਵੀ ਬਾਕੀ ਫੋਟੋਆਂ ਨਾਲ ਰੱਖ ਕੇ ਡੀਜੀਪੀ ਨੂੰ ਭੇਜੀਆਂ ਜਾਣ। ਇਹ ਸਬੂਤ ਡੀਜੀਪੀ ਦੀ ਉਨ੍ਹਾਂ ਅਸਲੀ ਸਿਆਸਤਦਾਨਾਂ ਨੂੰ ਲੱਭਣ ਵਿਚ ਮਦਦ ਕਰਨਗੇ, ਜੋ ਗੈਂਗਸਟਰਾਂ ਨਾਲ ਮਿਲੇ ਹੋਏ ਹਨ ਤੇ ਆਪਣੇ ਸਿਆਸੀ ਉਦੇਸ਼ਾਂ ਦੀ ਪੂਰਤੀ ਲਈ ਉਨ੍ਹਾਂ ਦੀ ਵਰਤੋਂ ਕਰ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਕਿਰਪਾ ਕਰਕੇ ਇਹ ਫੋਟੋ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਵੀ ਭੇਜ ਦਿਓ ਤਾਂ ਕਿ ਉਹ ਵੀ ਸਮਝ ਜਾਣ ਕਿ ਕਿਸ ਤਰ੍ਹਾਂ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਸਿਆਸੀ ਲਾਭਾਂ ਲਈ ਗੈਂਗਸਟਰਾਂ ਦੀ ਵਰਤੋਂ ਕੀਤੀ ਸੀ। ਇਹ ਟਿੱਪਣੀ ਕਰਦਿਆਂ ਕਿ ਮੁੱਖ ਮੰਤਰੀ ਦੇ ਆਪਣੇ ਡੀਜੀਪੀ ਵੱਲੋਂ ਪੁੱਛਗਿੱਛ ਲਈ ਸੱਦਿਆ ਜਾਣਾ ਕੈਪਟਨ ਨੂੰ ਮੁਸ਼ਕਿਲ ਲੱਗੇਗਾ, ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਰਾਜਪਾਲ ਨੂੰ ਬੇਨਤੀ ਕਰੇਗਾ ਕਿ ਉਹ ਸਰਕਾਰ ਨੂੰ ਇਸ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਲਈ ਕਹਿਣ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਵੱਲੋਂ ਬਿੱਟੂ ਨੂੰ ਕਾਂਗਰਸ ਵਿਚ ਸ਼ਾਮਲ ਕਰਨ ਦੀ ਤਸਵੀਰ ਸਮੇਤ ਅਕਾਲੀ ਦਲ ਇੱਕ ਹੋਰ ਤਸਵੀਰ ਵੀ ਭੇਜੇਗਾ, ਜਿਸ ਵਿਚ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਨਾਮੀ ਗੈਂਗਸਟਰ ਪਰਦੀਪ ਸੰਧੂ ਨੂੰ ਕਾਂਗਰਸ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਇਹ ਤਸਵੀਰ ਵੀ 2017 ਦੀ ਹੈ। ਸ੍ਰੀ ਬਾਦਲ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਮੁੱਖ ਮੰਤਰੀ ਨੇ ਬਿੱਟੂ ਦੀਆਂ ਅਕਾਲੀ ਆਗੂਆਂ ਨਾਲ ਖਿੱਚੀਆਂ ਕੁੱਝ ਪੁਰਾਣੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਹਨ, ਪਰ ਉਹ ਇਹ ਭੁੱਲ ਗਿਆ ਹੈ ਕਿ ਉਸ ਨੇ 2017 ’ਚ ਸਰਕਾਰ ਬਣਾਉਣ ਮੌਕੇ ਬਿੱਟੂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਕੇ ਉਸ ਨੂੰ ਸਿਆਸੀ ਸਰਪ੍ਰਸਤੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ਵਿਚ ਪਈ ਹੈ ਕਿ ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਅਸਫ਼ਲ ਰਹਿਣ ਮਗਰੋਂ ਹੀ ਬਿੱਟੂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਇਆ ਸੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਦੀ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦਾ ਬਚਾਅ ਕਰਨ ਦੀ ਮਨਸ਼ਾ ਵੀ ਸਾਫ਼ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਕਾਂਗਰਸ ਨੇ ਆਪਣੇ ਸਿਆਸੀ ਵਿਰੋਧੀਆਂ ਤੋਂ ਬਦਲੇ ਲੈਣ ਲਈ ਗੈਗਸਟਰਾਂ ਨਾਲ ਗੱਠਜੋੜ ਕੀਤਾ ਹੋਇਆ ਹੈ।
INDIA ਗੈਂਗਸਟਰਾਂ ਦੇ ਪੁਸ਼ਤਪਨਾਹਾਂ ਦੀ ਸੂਚੀ ’ਚ ਕੈਪਟਨ ਆਪਣਾ ਨਾਮ ਵੀ ਜੋੜੇ: ਸੁਖਬੀਰ