ਵਿਸ਼ਵ ਕਬੱਡੀ ਕੱਪ: ਫਾਈਨਲ ਮੁਕਾਬਲੇ ‘ਚ ਭਾਰਤ ਨੇ ਕੈਨੇਡਾ ਨੂੰ 64-19 ਨਾਲ ਹਰਾਇਆ

ਡੇਰਾ ਬਾਬਾ ਨਾਨਕ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਰੋਹ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਗਏ । ਜਿੱਥੇ ਭਾਰਤ ਨੇ ਕੈਨੇਡਾ ਦੀ ਟੀਮ ਨੂੰ ਵੱਡੇ ਫਰਕ ਨਾਲ ਹਰਾ ਕੇ ਵਿਸ਼ਵ ਕਬੱਡੀ ਕੱਪ ‘ਤੇ ਕਬਜ਼ਾ ਕਰ ਲਿਆ, ਜਦਕਿ ਅਮਰੀਕਾ ਦੀ ਟੀਮ ਵੱਲੋਂ ਇੰਗਲੈਂਡ ਦੀ ਟੀਮ ਨੂੰ ਮਾਤ ਦੇ ਕੇ ਤੀਸਰੇ ਸਥਾਨ ‘ਤੇ ਕਬਜ਼ਾ ਕਰ ਲਿਆ ਗਿਆ ।
               ਇਨ੍ਹਾਂ ਫਾਈਨਲ ਮੁਕਾਬਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਉਣ ਦੀ ਸੰਭਾਵਨਾ ਨੂੰ ਦੇਖਦੇ ਤਿਆਰੀਆਂ ਕੀਤੀਆਂ ਗਈਆਂ ਸਨ, ਪਰ ਉਹ ਨਹੀਂ ਪਹੁੰਚੇ । ਇਸ ਬਾਰੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਬਕਾਇਦਾ ਐਲਾਨ ਕੀਤਾ ਗਿਆ ਕਿ ਮੌਸਮ ਖਰਾਬ ਹੋਣ ਕਾਰਨ ਮੁੱਖ ਮੰਤਰੀ ਇੱਥੇ ਨਹੀਂ ਪੁੱਜ ਸਕਣਗੇ । ਡੇਰਾ ਬਾਬਾ ਨਾਨਕ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਨ ।
              ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪਾਕਿਸਤਾਨ ਦੀ ਟੀਮ ਨੂੰ ਪੰਜਾਬ ਸਰਕਾਰ ਵੱਲੋਂ ਸੱਦਾ ਭੇਜਿਆ ਗਿਆ ਸੀ, ਪਰ ਭਾਰਤ ਸਰਕਾਰ ਦੇ ਪੱਧਰ ‘ਤੇ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ । ਉਨ੍ਹਾਂ ਕਿਹਾ ਕਿ ਇਸ ਵਿਸ਼ਵ ਕਬੱਡੀ ਕੱਪ ਨੂੰ ਹਰ ਸਾਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤੇ ਕਬੱਡੀ ਨੂੰ ਓਲੰਪਿਕ ਤੱਕ ਬਚਾਉਣ ਦੇ ਯਤਨ ਜਾਰੀ ਰਹਿਣਗੇ ।
                   ਕੈਬਨਿਟ ਮੰਤਰੀ ਸੋਢੀ ਨੇ ਅੱਗੇ ਕਿਹਾ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀਆਂ ਰਵਾਇਤੀ ਅਤੇ ਵਿਰਾਸਤੀ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕਰਨਾ ਹੈ । ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਂ ਖੇਡ ਹੈ ਅਤੇ ਸੂਬਾ ਸਰਕਾਰ ਅਜਿਹੇ ਟੂਰਨਾਮੈਂਟਾਂ ਰਾਹੀਂ ਇਸ ਨੂੰ ਪ੍ਰਫੁਲਿੱਤ ਕਰਨ ਲਈ ਪੂਰੀ ਤਰਾਂ ਨਾਲ ਵਚਨਬੱਧ ਹੈ । ਇਸ ਮੌਕੇ ਤਿਪ੍ਰਤ ਰਜਿੰਦਰ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ । ਉਥੇ ਹੀ ਉਨ੍ਹਾਂ ਵੱਲੋਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਦੇ ਵਿਕਾਸ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ ।
             ਇਸ ਮੌਕੇ ਰੰਧਾਵਾ ਨੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਬੱਡੀ ਟੂਰਨਾਂਮੈਂਟ ਦੇ ਕੀਤੇ ਗਏ ਸੁਚੱਜੇ ਪ੍ਰਬੰਧਾਂ ਲਈ ਸਮੁੱਚੀ ਟੀਮ ਦੀ ਸਰਾਹਨਾ ਕੀਤੀ ਤੇ ਕਿਹਾ ਕਿ ਪ੍ਰਸ਼ਾਸਨ ਵਲੋਂ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਟੂਰਨਾਂਮੈਂਟ ਨੂੰ ਸਫਲ ਤਰੀਕੇ ਨਾਲ ਸ਼ਾਨਦਾਰ ਤਰੀਕੇ ਨਾਲ ਸਮਾਪਤ ਕਰਵਾਇਆ ਗਿਆ ਹੈ ।
ਹਰਜਿੰਦਰ ਛਾਬੜਾ ਪਤਰਕਾਰ 9592282333
Previous articleजग्गा भाई सोलंकी के स्वाभिमान का संघर्ष
Next articleबाबा साहेब के रास्ते चलकर बद्लाव का बीज बोते कच्छ के दलित