ਮੋਗਾ ਇਥੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਜ਼ਿਲ੍ਹਾ ਸਕੱਤਰੇਤ ਅੱਗੇ ਹਾਕਮ ਧਿਰ ਦੇ ਆਗੂਆਂ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਉੱਤੇ ਨਜਾਇਜ਼ ਕਬਜ਼ੇ ਕਰਨ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਪ੍ਰਸ਼ਾਸਨ ਨੂੰ ਕਿਸਾਨੀ ਮੰਗਾਂ ਬਾਰੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਸੁਬਾਈ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਇੱਕ ਕਾਂਗਰਸੀ ਆਗੂ ਖ਼ਿਲਾਫ਼ ਪਿੰਡ ਲੁਹਾਰਾ (ਧਰਮਕੋਟ) ਵਿੱਚ ਕਿਸਾਨ ਦੀ ਜ਼ਮੀਨ ’ਤੇ ਧੱਕੇ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਕਾਂਗਰਸੀਆਂ ਦੀਆਂ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਨਾਜਾਇਜ ਕਬਜ਼ੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਤੁਰੰਤ ਕਾਰਵਾਈ ਨਾ ਕੀਤੀ ਤਾਂ ਅਣਮਿੱਥੇ ਸਮੇਂ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਲੱਖੋਵਾਲ ਨੇ ਕਿਹਾ ਕਿ ਉਨ੍ਹਾਂ ਦਾ ਕਹਿਣਾ ਹੈ, ‘ਦੇਸ਼ ਦੇ ਵੱਡੇ ਘਰਾਣਿਆਂ ਦਾ ਮੂੰਹ ਹੁਣ ਪੰਜਾਬ ਵੱਲ ਹੈ, ਉਹ ਕਿਸਾਨਾਂ ਦੀਆਂ ਜ਼ਮੀਨਾਂ ਖ਼ਰੀਦ ਕੇ ਉਨ੍ਹਾਂ ਕਿਸਾਨਾਂ ਤੋਂ ਹੀ ਕੰਮ ਕਰਵਾਉਣਗੇ। ਇਸ ਲਈ ਸੂਬੇ ਦੇ ਕਿਸਾਨਾਂ ਨੂੰ ਲਾਮਬੰਦ ਹੋਣਾ ਜ਼ਰੂਰੀ ਹੈ।’ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਦਰਜ਼ ਕੀਤੇ ਪਰਚੇ ਰੱਦ ਕਰਨ ਦੀ ਮੰਗ ਕਰਦੇ ਕਿਹਾ ਕਿ ਸਰਕਾਰ ਨੇ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ ਨੂੰ ਮਸ਼ੀਨਰੀ ਤੇ ਖਰਚੇ ਲਈ ਕੋਈ ਵੀ ਮੱਦਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਸਰਕਾਰ ਨੂੰ 100 ਰੁਪਏ ਕੁਇੰਟਲ ਬੋਨਸ ਦੇਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਸਾਰੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ ਕਰਨ ਦੀ ਮੰਗ ਕਰਦੇ ਕਿਹਾ ਕਿ ਬੈਂਕਾਂ ਵੱਲੋਂ ਕੁਰਕੀ ਦੇ ਨੋਟਿਸ ਕੱਢੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਦੇ ਖਾਲੀ ਚੈੱਕ ਬੈਂਕਾਂ ਤੋਂ ਵਾਪਸ ਕਰਵਾਏ ਜਾਣ ਤੇ ਅਵਾਰਾ ਪਸ਼ੂਆਂ ਤੇ ਕੁੱਤਿਆਂ ਦਾ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜਿਥੇ ਅਵਾਰਾ ਪਸ਼ੂ ਲੋਕਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ, ਉਥੇ ਫਸਲਾਂ ਵੀ ਉਜਾੜ ਰਹੇ ਹਨ। ਜਦੋਂਕਿ ਪੰਜਾਬ ਦੇ ਲੋਕ ਸਰਕਾਰ ਨੂੰ ਕਰੋੜਾਂ ਰੁਪਏ ਦਾ ਗਊ ਸੈੱਸ ਦੇ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਅਵਾਰਾ ਪਸ਼ੂਆਂ ਦਾ ਪ੍ਰਬੰਧ ਨਾ ਕੀਤਾ ਤਾਂ ਸੂਬਾ ਭਰ ’ਚ ਜ਼ਿਲ੍ਹਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਉਨ੍ਹਾਂ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਖਸਖਸ ਦੀ ਖੇਤੀ ਨੂੰ ਕਾਨੂੰਨੀ ਮਾਨਤਾ ਦੇ ਕੇ ਇਜਾਜ਼ਤ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ‘ਫ਼ਸਲਾਂ ਲਈ ਜ਼ਹਿਰੀਲੀਆਂ ਖਾਦਾਂ ਤੇ ਰਸਾਇਣਕ ਦਵਾਈਆਂ ਤੋਂ ਹਟ ਕੇ ਕਿਸਾਨੀ ਨੂੰ ਕੁਦਰਤੀ ਖੇਤੀ ਵੱਲ ਮੋੜਨ ਦੀ ਤੁਰੰਤ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖਸਖਸ (ਅਫ਼ੀਮ) ਦੀ ਖੇਤੀ ਨਾਲ ਪੰਜਾਬ ਦਾ ਕਿਸਾਨ ਖੁਸ਼ਹਾਲ ਹੋਵੇਗਾ ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵੀ ਨੀਵਾਂ ਜਾਣ ਤੋਂ ਰੋਕਿਆ ਜਾ ਸਕੇਗਾ। ਉਨ੍ਹਾਂ ਰਾਜਸਥਾਨ ਤੇ ਮੱਧ ਪ੍ਰਦੇਸ਼ ਵਿੱਚ ਖਸਖਸ ਖੇਤੀ ਦਾ ਤਰਕ ਦਿੰਦੇ ਕਿਹਾ ਕਿ ਇਸ ਖੇਤੀ ਨਾਲ ਸੂਬੇ ਦੇ ਨੌਜਵਾਨ ਨਸ਼ੇ ’ਤੇ ਨਹੀਂ ਲੱਗਣਗੇ।
INDIA ਕਾਂਗਰਸੀਆਂ ਵੱਲੋਂ ਜ਼ਮੀਨਾਂ ’ਤੇ ਕੀਤੇ ਕਬਜ਼ਿਆਂ ਖ਼ਿਲਾਫ਼ ਧਰਨਾ