ਨਵੀਂ ਦਿੱਲੀ: ਨਾਗਰਕਿਤਾ ਐਕਟ ਖ਼ਿਲਾਫ਼ ਦੇਸ਼ ਭਰ ਵਿੱਚ ਚੱਲ ਰਹੇ ਰੋਸ ਪ੍ਰਦਰਸ਼ਨਾਂ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ’ਤੇ ਪੁਲੀਸ ਬਲ ਦੀ ਵਰਤੋਂ ਕਰਕੇ ਲੋਕਾਂ ਦੀ ਆਵਾਜ਼ ਦਬਾਉਣ ਅਤੇ ਬੇਕਦਰੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਲੋਕਤੰਤਰ ਵਿੱਚ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਰਕਾਰ ਦੀ ਕਾਰਵਾਈ ਦੀ ਨਿੰਦਾ ਕਰਦਿਆਂ ਸੋਨੀਆ ਗਾਂਧੀ ਨੇ ਵਿਦਿਆਰਥੀਆਂ ਅਤੇ ਨਾਗਰਿਕਾਂ ਦੇ ਸੰਘਰਸ਼ ਨਾਲ ਕਾਂਗਰਸ ਪਾਰਟੀ ਦੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਗਲਤ ਫ਼ੈਸਲਿਆਂ ਅਤੇ ਨੀਤੀਆਂ ਖ਼ਿਲਾਫ਼ ਆਵਾਜ਼ ਚੁੱਕਣ ਅਤੇ ਆਪਣੀ ਚਿੰਤਾਵਾਂ ਦਰਜ ਕਰਵਾਉਣ ਦਾ ਲੋਕਾਂ ਕੋਲ ਪੂਰਨ ਅਧਿਕਾਰ ਹੈ। ਉਨ੍ਹਾਂ ਕਿਹਾ, ‘‘ਕਾਂਗਰਸ ਪਾਰਟੀ ਭਾਰਤ ਵਾਸੀਆਂ ਨੂੰ ਭਰੋਸਾ ਦਿਵਾਉਂਦੀ ਹੈ ਕਿ ਉਹ ਉਨ੍ਹਾਂ ਦੇ ਮੁੱਢਲੇ ਅਧਿਕਾਰਾਂ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।’’ ਉਨ੍ਹਾਂ ਇਸ ਐਕਟ ਨੂੰ ‘ਵਿਤਕਰਾ’ ਕਰਨ ਵਾਲਾ ਦੱਸਿਆ।
INDIA ਲੋਕ ਆਵਾਜ਼ ਦੀ ਬੇਕਦਰੀ: ਸੋਨੀਆ