ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਨਤਮਸਤਕ

ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁੱਜਰ ਕੌਰ ਦੀ ਸ਼ਹੀਦੀ ਸਭਾ ਮੌਕੇ ਦੂਸਰੇ ਦਿਨ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਵਿਖੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦਾ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਨੇ ਕੀਤਾ। ਇਸ ਦੌਰਾਨ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਲੜੀਵਾਰ ਕਥਾ ਕੀਤੀ। ਗੁਰੂ ਘਰ ਨਤਮਸਤਕ ਹੋਣ ਵਾਲੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜੰਗਲਾਤ ਤੇ ਸਮਾਜਿਕ ਨਿਆਂ ਮੰਤਰੀ ਸਾਧੂ ਸਿੰਘ ਧਰਮਸੋਤ, ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸੁਰਜੀਤ ਸਿੰਘ ਰੱਖੜਾ, ਦਰਬਾਰਾ ਸਿੰਘ ਗੁਰੂ, ਦੀਦਾਰ ਸਿੰਘ ਭੱਟੀ, ਸ਼ਰਨਜੀਤ ਸਿੰਘ ਚਨਾਰਥਲ, ਹੀਰਾ ਸਿੰਘ ਗਾਬੜੀਆ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਆਦਿ ਸ਼ਾਮਲ ਸਨ। ਇਸ ਮੌਕੇ ਭਾਈ ਲੌਂਗੋਵਾਲ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਲਾਸਾਨੀ ਹੈ, ਜਿਸ ਤੋਂ ਹਿੰਮਤ, ਅਣਖ, ਦਲੇਰੀ ਅਤੇ ਨਿਡਰਤਾ ਨਾਲ ਧਰਮ ਦੇ ਅਸੂਲਾਂ ’ਤੇ ਪਹਿਰਾ ਦੇਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਮੁਗ਼ਲਾਂ ਵੱਲੋਂ ਦਿੱਤੇ ਗਏ ਖ਼ੌਫ਼ਨਾਕ ਡਰਾਵੇ, ਐਸ਼ੋ-ਆਰਾਮ ਦੇ ਲਾਲਚਾਂ ਨੂੰ ਨਕਾਰ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਧਰਮ ਪ੍ਰਪੱਕਤਾ ਦੀ ਬੇਮਿਸਾਲ ਉਦਾਹਰਨ ਪੇਸ਼ ਕੀਤੀ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ, ਰਹਿਤ-ਬਹਿਤ ਅਤੇ ਅੰਮ੍ਰਿਤ ਦੇ ਧਾਰਨੀ ਹੋਣ ਲਈ ਪ੍ਰਚਾਰਕ ਦੀ ਭੂਮਿਕਾ ਨਿਭਾਉਣ। ਭਾਈ ਲੌਂਗੋਵਾਲ ਨੇ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੇ ਸਮਰਪਣ ਨੂੰ ਵੀ ਸਤਿਕਾਰ ਭੇਟ ਕੀਤਾ। ਇਸ ਮੌਕੇ ਦੀਦਾਰ ਸਿੰਘ ਭੱਟੀ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਹਾਜ਼ਰ ਸਨ। ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦੱਸਿਆ ਕਿ 29 ਦਸੰਬਰ ਨੂੰ ਦੁਪਹਿਰ 12 ਵਜੇ ਪੂਰੇ ਜਾਹੋ ਜਲਾਲ ਨਾਲ ਖ਼ਾਲਸਾਈ ਮਹੱਲਾ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮੈਦਾਨ ਵਿਚ ਖੇਡਿਆ ਜਾਵੇਗਾ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ ਵਲੋਂ ਸ਼ਹੀਦੀ ਸਭਾ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

Previous articleਆਊਟ ਹੋਣ ’ਤੇ ਪੇਨ ਨੇ ਡੀਆਰਐੱਸ ਨੂੰ ਭੰਡਿਆ
Next articleਸਲਮਾਨ ਦੀ ਭੈਣ ਅਰਪਿਤਾ ਤੇ ਜੀਜੇ ਆਯੂਸ਼ ਦੇ ਘਰ ਆਈ ਨੰਨ੍ਹੀ ਪਰੀ