ਅੰਮ੍ਰਿਤਸਰ- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ’ਤੇ ਸ਼ਿਕਾਇਤਾਂ ਦੇਣ ਦਾ ਸਿਲਸਿਲਾ ਅੱਜ ਵੀ ਜਾਰੀ ਰਿਹਾ। ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ’ਤੇ ਇਸ ਸਬੰਧੀ ਪੱਤਰ ਦੇ ਕੇ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪੁਲੀਸ ਕਮਿਸ਼ਨਰ ਨੂੰ ਵੀ ਪੱਤਰ ਭੇਜਿਆ ਗਿਆ ਹੈ, ਜਿਸ ਰਾਹੀਂ ਕੈਬਨਿਟ ਮੰਤਰੀ ਖ਼ਿਲਾਫ਼ ਆਈਪੀਸੀ ਦੀ ਧਾਰਾ 295 ਏ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਸ੍ਰੀ ਅਕਾਲ ਤਖ਼ਤ ’ਤੇ ਇਹ ਪੱਤਰ ਦੇਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਮਗਵਿੰਦਰ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਤੇ ਗੁਰਪ੍ਰੀਤ ਸਿੰਘ ਝੱਬਰ ਸ਼ਾਮਲ ਸਨ। ਉਨ੍ਹਾਂ ਨੇ ਇਹ ਪੱਤਰ ਜਥੇਦਾਰ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਸੌਂਪਿਆ। ਇਸ ਮੌਕੇ ਭਾਈ ਮਹਿਤਾ ਨੇ ਆਖਿਆ ਕਿ ਕੈਬਨਿਟ ਮੰਤਰੀ ਨੇ ਹਕੂਮਤ ਦੇ ਨਸ਼ੇ ਵਿਚ ਗੁਰੂ ਸਾਹਿਬ ਬਾਰੇ ਇਤਰਾਜ਼ਯੋਗ ਸ਼ਬਦ ਬੋਲੇ ਹਨ। ਗੁਰੂ ਸਾਹਿਬ ਦੀ ਵਿਅਕਤੀ ਵਿਸ਼ੇਸ਼ ਨਾਲ ਤੁਲਨਾ ਕਰ ਕੇ ਨਿਰਾਦਰ ਕੀਤਾ ਗਿਆ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਨੂੰ ਕਿਸੇ ਵੀ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਹੱਕ ਨਹੀਂ ਹੈ। ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਕੈਬਨਿਟ ਮੰਤਰੀ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲੀਸ ਕਮਿਸ਼ਨਰ ਨੂੰ ਵੀ ਸ਼ਿਕਾਇਤ ਭੇਜੀ ਗਈ ਹੈ। ਇਸ ਲਿਖਤੀ ਸ਼ਿਕਾਇਤ ਵਿਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 295 ਏ ਤਹਿਤ ਕੇਸ ਦਰਜ ਕਰਨ ਦੀ ਅਪੀਲ ਕੀਤੀ ਗਈ ਹੈ। ਬੀਤੇ ਦਿਨ ਵੀ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ’ਤੇ ਇਸ ਸਬੰਧੀ ਪੱਤਰ ਸੌਂਪ ਕੇ ਰੰਧਾਵਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ। ਦਮਦਮੀ ਟਕਸਾਲ ਨੇ ਕੈਬਨਿਟ ਮੰਤਰੀ ਨੂੰ ਖਿਮਾ ਯਾਚਨਾ ਕਰਨ ਦਾ ਸੁਝਾਅ ਦਿੱਤਾ ਸੀ। ਭਾਜਪਾ ਵੱਲੋਂ ਵੀ ਇਸ ਸਬੰਧੀ ਸੂਬੇ ਦੇ ਰਾਜਪਾਲ ਨੂੰ ਪੱਤਰ ਸੌਂਪਿਆ ਜਾ ਚੁੱਕਾ ਹੈ।
INDIA ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਰੰਧਾਵਾ ਖ਼ਿਲਾਫ਼ ਅਕਾਲ ਤਖ਼ਤ ਵਿਖੇ ਸ਼ਿਕਾਇਤ