ਐੱਨਆਰਸੀ ਹਰ ਹਾਲ ਵਿੱਚ ਲਾਗੂ ਹੋਵੇਗੀ: ਖੱਟਰ

* ‘ਪ੍ਰਧਾਨ ਮੰਤਰੀ ਨੇ ਬਿਲਕੁਲ ਨਹੀਂ ਕਿਹਾ ਕਿ ਐੱਨਆਰਸੀ ਕਦੇ ਵੀ ਲਾਗੂ ਨਹੀਂ ਕਰਾਂਗੇ’
* ਜੰਮੂ ਕਸ਼ਮੀਰ ’ਚ ਵੀ ਲਾਗੂ ਹੋਵੇਗਾ ਸੀਏਏ: ਮੁੱਖ ਮੰਤਰੀ
* ਵਿਰੋਧੀ ਪਾਰਟੀਆਂ ’ਤੇ ਭਰਮ-ਭੁਲੇਖੇ ਪੈਦਾ ਕਰਨ ਦਾ ਦੋਸ਼ ਲਾਇਆ
* ਲੋਕਾਂ ਨੂੰ ਐੱਨਆਰਸੀ ਤੋਂ ਨਾ ਘਬਰਾਉਣ ਲਈ ਕਿਹਾ

ਜਲੰਧਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਨਾਗਰਿਕਾਂ ਬਾਰੇ ਕੌਮੀ ਰਜਿਸਟਰ (ਐੱਨਆਰਸੀ) ਹਰ ਹਾਲ ਵਿੱਚ ਲਾਗੂ ਕੀਤਾ ਜਾਵੇਗਾ। ਉਹ ਅੱਜ ਇੱਥੇ ਨਾਗਰਿਕਤਾ ਸੋਧ ਕਾਨੂੰਨ ਅਤੇ ਅਤੇ ਐੱਨਆਰਸੀ ਬਾਰੇ ਭਾਜਪਾ ਵੱਲੋਂ ਪੂਰੇ ਦੇਸ਼ ’ਚ ਚਲਾਈ ਗਈ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਆਏ ਹੋਏ ਸਨ। ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਖੱਟਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਖ਼ਾਸ ਕਰ ਕੇ ਕਾਂਗਰਸ, ਜਾਣ-ਬੁੱਝ ਕੇ ਇਨ੍ਹਾਂ ਕਾਨੂੰਨਾਂ ਬਾਰੇ ਮੁਸਲਮਾਨਾਂ ਵਿੱਚ ਭਰਮ ਪੈਦਾ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕਾਨੂੰਨ ਨਾਗਰਿਕਤਾ ਦੇਣ ਲਈ ਬਣਾਏ ਗਏ ਹਨ ਨਾ ਕਿ ਕਿਸੇ ਦੀ ਨਾਗਰਿਕਤਾ ਖੋਹਣ ਲਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਨ੍ਹਾਂ ਕਾਨੂੰਨਾਂ ਬਾਰੇ ਆਪਾ ਵਿਰੋਧੀ ਬਿਆਨਾਂ ਬਾਰੇ ਪੁੱਛੇ ਜਾਣ ’ਤੇ ਸ੍ਰੀ ਖੱਟਰ ਨੇ ਕਿਹਾ ਕਿ ਐੱਨਆਰਸੀ ਬਾਰੇ ਅਜੇ ਕੋਈ ਅਮਲ ਸ਼ੁਰੂ ਨਹੀਂ ਹੋਇਆ ਹੈ। ਇਸੇ ਕਰ ਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਬਾਬਤ ਕੋਈ ਗੱਲਬਾਤ ਨਹੀਂ ਹੋਈ ਹੈ ਪਰ ਪ੍ਰਧਾਨ ਮੰਤਰੀ ਨੇ ਇਹ ਕਦੇ ਨਹੀਂ ਕਿਹਾ ਕਿ ਇਹ ਲਾਗੂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਐੱਨਆਰਸੀ ਲਾਗੂ ਕਰਨ ਦਾ ਵਾਅਦਾ ਕੀਤਾ ਹੋਇਆ ਹੈ। ਲੋਕਾਂ ਨੂੰ ਐੱਨਆਰਸੀ ਤੋਂ ਨਾ ਘਬਰਾਉਣ ਲਈ ਆਖਦਿਆਂ ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਦਾ ਹੁਕਮ ਹੋਵੇਗਾ ਤਾਂ ਹਰਿਆਣਾ ਸਰਕਾਰ ਵੀ ਐੱਨਆਰਸੀ ਲਾਗੂ ਕਰੇਗੀ।
ਦੇਸ਼ ਦੇ 11 ਸੂਬਿਆਂ ਵੱਲੋਂ ਸੀਏਏ ਨੂੰ ਲਾਗੂ ਨਾ ਕਰਨ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆ ਸ੍ਰੀ ਖੱਟਰ ਨੇ ਕਿਹਾ ਕਿ ਸੰਸਦ ਨੇ ਬਹੁਮੱਤ ਨਾਲ ਇਸ ਕਾਨੂੰਨ ਨੂੰ ਪਾਸ ਕੀਤਾ ਹੈ। ਇਸ ਲਈ ਸਾਰਿਆਂ ਨੂੰ ਇਹ ਮੰਨਣਾ ਹੀ ਪਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣ ਮਗਰੋਂ ਇਹ ਕਾਨੂੰਨ ਉਥੇ ਵੀ ਲਾਗੂ ਹੋਵੇਗਾ।
ਭਾਜਪਾ ਦੇ ਸਿਆਸੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਏਏ ਵਿੱਚ ਮੁਸਲਿਮ ਭਾਈਚਾਰੇ ਨੂੰ ਸ਼ਾਮਲ ਕਰਨ ਦੀ ਮੰਗ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ,‘‘ਨਨਕਾਣਾ ਸਾਹਿਬ ਵਿੱਚ ਵਾਪਰੀਆਂ ਘਟਨਾਵਾਂ ਤੋਂ ਸਾਫ਼ ਹੋ ਜਾਂਦਾ ਹੈ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਨਾਲ ਕੀ ਜ਼ੁਲਮ ਹੋ ਰਹੇ ਹਨ।’’ ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜੋ ਸਖ਼ਤ ਕਦਮ ਚੁੱਕੇ ਹਨ, ਉਸੇ ਦਾ ਨਤੀਜਾ ਹੈ ਕਿ ਅੱਜ ਪਾਕਿਸਤਾਨ ਜੰਮੂ ਕਸ਼ਮੀਰ ਵੱਲ ਅੱਖ ਚੁੱਕ ਕੇ ਵੀ ਨਹੀਂ ਦੇਖਦਾ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਕੇ ਡੀ ਭੰਡਾਰੀ, ਮਹਿੰਦਰ ਭਗਤ ਅਤੇ ਹੋਰ ਆਗੂ ਹਾਜ਼ਰ ਸਨ।

Previous articleToday my daughter, tomorrow maybe me: Aishe Ghosh’s father
Next articleJNU violence: Something sickening about govt, says Priyanka