ਮੰਡੀ ਗੋਬਿੰਦਗੜ੍ਹ-‘ਬੇਰੁਜ਼ਗਾਰੀ ਦੀ ਵੱਡੀ ਸਮੱਸਿਆ ਹੱਲ ਕਰਵਾਉਣ ਲਈ ਵੱਧ ਤੋਂ ਵੱਧ ਉਦਯੋਗ ਸਥਾਪਤ ਕਰਨ ਦੀ ਲੋੜ ਹੈ। ਇਸ ਲਈ ਪੰਜਾਬ ਸਰਕਾਰ ਨੇ ਨਵੀਆਂ ਸਨਅਤਾਂ ਲਈ ਸ਼ਾਮਲਾਤ ਜ਼ਮੀਨਾਂ ਦੇਣ ਦਾ ਫ਼ੈਸਲਾ ਕੀਤਾ ਹੈ।’
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਅੱਜ ਇੱਥੇ ਜੋਗਿੰਦਰਾ ਵੈੱਲਫੇਅਰ ਟਰੱਸਟ ਵੱਲੋਂ ਵਿਸ਼ਵ ਜਾਗ੍ਰਿਤੀ ਮਿਸ਼ਨ ਦੇ ਸਹਿਯੋਗ ਨਾਲ ਲਗਾਏ ਚੌਥੇ ਮੁਫ਼ਤ ਮੈਡੀਕਲ ਕੈਂਪ ਕੈਪ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਲਈ ਸਰਕਾਰ ਵੱਲੋਂ ਗੰਭੀਰਤਾ ਨਾਲ ਫ਼ੈਸਲੇ ਕੀਤੇ ਜਾ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀਆਂ ਗ਼ਲਤੀਆਂ ਕਾਰਨ ਹੀ ਬਿਜਲੀ ਦੀਆਂ ਦਰਾਂ ’ਚ ਵਾਧਾ ਹੋਇਆ ਹੈ। ਨਨਕਾਣਾ ਸਾਹਿਬ ਦੀ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਜਿਸ ਦੇ ਵਿਰੋਧ ਵਿੱਚ 6 ਜਨਵਰੀ ਨੂੰ ਪਟਿਆਲਾ ਵਿੱਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮੈਡੀਕਲ ਕੈਂਪ ਦੌਰਾਨ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਕਰਨਾ ਸਭ ਤੋਂ ਉੱਤਮ ਕਾਰਜ ਹੈ ਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਵਿਕਾਸ ਯੋਜਨਾ ਗ਼ਰੀਬਾਂ ਤੇ ਲੋੜਵੰਦਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਪ੍ਰਬੰਧਕਾਂ ਵੱਲੋਂ ਲਗਾਏ ਕੈਪ ਦੀ ਸ਼ਲਾਘਾ ਕੀਤੀ।
ਇਸ ਮੌਕੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਆਰਥਿਕ ਪੱਖੋਂ ਸਮਰੱਥ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਮਾਈ ਵਿਚੋਂ ਗ਼ਰੀਬਾਂ ਤੇ ਲੋੜਵੰਦਾਂ ਦੀ ਸਹਾਇਤਾ ਲਈ ਦਸਵੰਧ ਜ਼ਰੂਰ ਕੱਢਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਹੋ ਸਕਣ। ਇਸ ਕੈਂਪ ’ਚ 1 ਹਜ਼ਾਰ ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਤੇ ਜ਼ਰੂਰਤਮੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਅੰਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ, ਸਟੇਟ ਸੂਚਨਾ ਕਮਿਸ਼ਨਰ ਸੰਜੀਵ ਗਰਗ, ਐਸ.ਡੀ.ਐਮ. ਅਮਲੋਹ ਆਨੰਦ ਸਾਗਰ ਸ਼ਰਮਾ, ਡੀ.ਐਸ.ਪੀ. ਅਮਲੋਹ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
INDIA ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਉਦਯੋਗ ਲਾਵਾਂਗੇ: ਪ੍ਰਨੀਤ ਕੌਰ