ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਦਾ ਐਲਾਨ ਹੋਣ ਵਿਚ ਕੁਝ ਹੀ ਸਮਾਂ ਬਾਕੀ ਹੈ। ਵੋਟਾਂ ਦੀ ਗਿਣਤੀ ਜਾਰੀ ਹੈ। ਸਾਰੀਆਂ 70 ਵਿਧਾਨ ਸਭਾ ਸੀਟਾਂ ਦੇ ਰੁਝਾਨ ਆ ਚੁੱਕੇ ਹਨ। ਸ਼ੁਰੂਆਤੀ ਰੁਝਾਨਾਂ ਅਨੁਸਾਰ ਆਮ ਆਦਮੀ ਪਾਰਟੀ ਇਕ ਵਾਰ ਫਿਰ ਦਿੱਲੀ ਵਿਚ ਸਰਕਾਰ ਬਣਾਉਣ ਜਾ ਰਹੀ ਹੈ।
ਆਪ ਕਰੀਬ 58 ਅਤੇ ਭਾਜਪਾ ਕਰੀਬ 12 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਜਿੱਤ ਵੱਲ ਵਧ ਰਹੇ ਕਦਮਾਂ ਨਾਲ ਆਪ ਵਰਕਰ ਕਾਫੀ ਉਤਸ਼ਾਹਿਤ ਹਨ। ਪਾਰਟੀ ਦੇ ਦਫਤਰ ਵਿਚ ਜਸ਼ਨ ਦਾ ਮਾਹੌਲ ਹੈ। ਦਫਤਰ ਵਿਚ ‘ਲਗੇ ਰਹੋ ਕੇਜਰੀਵਾਲ’ ਗੀਤ ਵਜਾਇਆ ਜਾ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸੰਬੋਧਨ ਕਰਨ ਲਈ ਸਟੇਜ ਤਿਆਰ ਕੀਤਾ ਜਾ ਰਿਹਾ ਹੈ।
ਚੋਣ ਨਤੀਜਿਆਂ ਦਾ ਇਹ ਦਿਨ ਕੇਜਰੀਵਾਲ ਲਈ ਬੇਹੱਦ ਖ਼ਾਸ ਹੈ। ਦਰਅਸਲ ਅੱਜ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਜਨਮ ਦਿਨ ਹੈ ਅਤੇ ਮੁੱਖ ਮੰਤਰੀ ਅਪਣੀ ਪਤਨੀ ਨੂੰ ਜਿੱਤ ਦਾ ਤੋਹਫਾ ਦੇਣ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਜਿੱਤ ਨਾਲ ਸੁਨੀਤਾ ਕੇਜਰੀਵਾਲ ਦੇ ਜਨਮ ਦਿਨ ਦਾ ਜਸ਼ਨ ਦੁੱਗਣਾ ਹੋ ਜਾਵੇਗਾ।
ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਆਪ ਵਰਕਰਾਂ ਦੀ ਆਮਦ ਸ਼ੁਰੂ ਹੋ ਗਈ ਹੈ। ਵੱਡੀ ਗਿਣਤੀ ਵਿਚ ਲੋਕ ਉਹਨਾਂ ਨੂੰ ਜਿੱਤ ਅਤੇ ਉਹਨਾਂ ਦੀ ਪਤਨੀ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ। ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਹਨ ਅਤੇ ਰੁਝਾਨਾਂ ਵਿਚ ਉਹ ਸਭ ਤੋਂ ਅੱਗੇ ਚੱਲ ਰਹੇ ਹਨ।
ਦੱਸ ਦਈਏ ਕਿ ਇਹਨਾਂ ਚੋਣਾਂ ਵਿਚ ਕੁਲ 672 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ। ਚੋਣਾਂ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚ ਦੇਖਿਆ ਜਾ ਰਿਹਾ ਹੈ। ਦੱਸ ਦਈਏ ਕਿ ਇਹ ਚੋਣਾਂ ਦੋ ਮੁੱਖ ਪਾਰਟੀਆਂ ਆਮ ਆਦਮੀ ਪਾਰਟੀ ਤੇ ਭਾਜਪਾ ਲਈ ਮੁੱਛ ਦਾ ਸਵਾਲ ਬਣੀਆਂ ਹੋਈਆਂ ਹਨ। ਐਗਜ਼ਿਟ ਪੋਲ ਦੇਖ ਕੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।
ਜ਼ਿਕਰਯੋਗ ਹੈ ਕਿ ਭਾਜਪਾ ਦੋ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਬਾਅਦ ਰਾਜਧਾਨੀ ਦੀ ਸੱਤਾ ਵਿਚ ਵਾਪਸੀ ਦੀ ਰਾਹ ਦੇਖ ਰਹੀ ਹੈ। ਉੱਥੇ ਹੀ ਕਾਂਗਰਸ ਵੀ ਵਾਪਸੀ ਦੀ ਕੋਸ਼ਿਸ਼ ਵਿਚ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਨੂੰ 70 ਵਿਚੋਂ 67 ਸੀਟਾਂ ਮਿਲੀਆਂ ਸਨ। ਤਿੰਨ ਸੀਟਾਂ ‘ਤੇ ਭਾਜਪਾ ਨੇ ਜਿੱਤ ਦਰਜ ਕੀਤੀ ਸੀ। ਕਾਂਗਰਸ ਨੂੰ ਇਕ ਵੀ ਸੀਟ ਹਾਸਲ ਨਹੀਂ ਹੋਈ ਸੀ।
ਹਰਜਿੰਦਰ ਛਾਬੜਾ – ਪਤਰਕਾਰ 9592282333