ਜੋਗਾ ਇੱਥੋਂ ਅੱਠ ਕਿਲੋਮੀਟਰ ਦੂਰ ਪਿੰਡ ਬੁਰਜ ਢਿੱਲਵਾਂ ਵਿੱਚ ਅੱਜ ਇੱਕ ਕਿਸਾਨ ਪਰਿਵਾਰ ਦੀ ਔਰਤ ਵੱਲੋਂ ਕੀਟਨਾਸ਼ਕ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਕਿਸਾਨ ਜਗਸੀਰ ਸਿੰਘ ਦੇ ਪਰਿਵਾਰ ’ਤੇ ਬੈਂਕ ਦੇ ਕਰਜ਼ੇ ਤੋਂ ਇਲਾਵਾ ਘਰੇਲੂ ਕਰਜ਼ਾ ਸੀ ਜਿਸ ਕਰਕੇ ਪਰਮਜੀਤ ਕੌਰ ਪ੍ਰੇਸ਼ਾਨ ਰਹਿੰਦੀ ਸੀ। ਇਸ ਕਾਰਨ ਉਸ ਨੇ ਇੱਕ ਕਮਰੇ ਵਿੱਚ ਜਾ ਕੇ ਕੀਟਨਾਸ਼ਕ ਪੀ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸਰਪੰਚ ਜਗਦੀਪ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦਾ ਪੂਰਾ ਕਰਜ਼ਾ ਮੁਆਫ਼ ਕੀਤਾ ਜਾਵੇ ਤੇ ਇੱਕ ਮੈਂਬਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਜਾਵੇ। ਥਾਣਾ ਜੋਗਾ ਦੇ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਸਿਵਲ ਹਸਪਤਾਲ ਮਾਨਸਾ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।