ਅੰਮ੍ਰਿਤਸਰ- ਸਿੱਖ ਆਗੂ ਬਲਦੇਵ ਸਿੰਘ ਸਿਰਸਾ ਨੇ ਸ੍ਰੀ ਅਕਾਲ ਤਖਤ ’ਤੇ ਮੰਗ ਪੱਤਰ ਦੇ ਕੇ ਨਾਮਧਾਰੀ ਸੰਪਰਦਾ ਵਲੋਂ ਗੁਰਬਾਣੀ ਦੇ ਗੁਟਕਿਆਂ ਨਾਲ ਛੇੜਛਾੜ ਕੀਤੇ ਜਾਣ ਦਾ ਮੁੱਦਾ ਮੁੜ ਉਭਾਰਿਆ ਹੈ। ਇਸ ਮਾਮਲੇ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਖਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਪੱਤਰ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਸੌਂਪਿਆ ਹੈ। ਮੰਗ ਪੱਤਰ ਵਿਚ ਸ੍ਰੀ ਸਿਰਸਾ ਨੇ ਆਖਿਆ ਕਿ 24 ਦਸੰਬਰ 2018 ਨੂੰ ਸ੍ਰੀ ਅਕਾਲ ਤਖਤ ਵਲੋਂ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੂੰ ਲੋੜੀਂਦੀ ਕਾਰਵਾਈ ਦੇ ਆਦੇਸ਼ ਦਿੱਤੇ ਗਏ ਸਨ ਪਰ ਹੁਣ ਤਕ ਸ਼੍ਰੋਮਣੀ ਕਮੇਟੀ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਅਕਾਲ ਤਖਤ ’ਤੇ ਤਲਬ ਕਰਕੇ ਨਾ ਸਿਰਫ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਸਗੋਂ ਅਕਾਲ ਤਖਤ ਦੇ ਆਦੇਸ਼ ਲਾਗੂ ਕਰਾਉਣ ਲਈ ਵੀ ਆਖਿਆ ਜਾਵੇ। ਸਿੱਖ ਆਗੂ ਨੇ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਤਖਤ ਦੀ ਸੇਵਾ ਨਿਭਾ ਰਹੇ ਜਥੇਦਾਰਾਂ ਵਲੋਂ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਫੈਸਲੇ ਨਾ ਕੀਤੇ ਜਾਣ ਕਾਰਨ ਸਿੱਖ ਕੌਮ ਵਿਚ ਨਿਰਾਸ਼ਾ ਆਈ ਹੈ। ਉਨ੍ਹਾਂ ਇਸ ਮਾਮਲੇ ਵਿਚ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇਣ, ਮਗਰੋਂ ਮੁਆਫੀ ਵਾਪਸ ਲੈਣ ਅਤੇ ਮੁਆਫੀ ਦੇ ਸਮਰਥਨ ਵਿਚ ਸ਼੍ਰੋਮਣੀ ਕਮੇਟੀ ਵਲੋਂ 92 ਲੱਖ ਦੇ ਇਸ਼ਤਿਹਾਰ ਦੇਣ ਦੇ ਮਾਮਲੇ ਨੂੰ ਉਭਾਰਿਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖਤ ਤੋਂ ਮਹਾਰਾਜਾ ਰਣਜੀਤ ਸਿੰਘ, ਸਾਬਕਾ ਤੇ ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ, ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਤੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਤੱਕ ਨੂੰ ਤਲਬ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖਤ ਤੋਂ ਇਸ ਰਵਾਇਤ ਨੂੰ ਕਾਇਮ ਰੱਖਣ ਦੀ ਲੋੜ ਹੈ।
INDIA ਗੁਟਕਿਆਂ ਨਾਲ ਛੇੜਛਾੜ: ਨਾਮਧਾਰੀ ਸੰਪਰਦਾ ਖ਼ਿਲਾਫ਼ ਕਾਰਵਾਈ ਮੰਗੀ