ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ’ਚ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਏਸ਼ਿਆਈ ਚੈਂਪੀਅਨਸ਼ਿਪ ਦੀ ਉਪ ਜੇਤੂ ਸਿਮਰਨਜੀਤ ਕੌਰ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਓਲੰਪਿਕ ਖੇਡਾਂ ਜਾਪਾਨ ਦੇ ਸ਼ਹਿਰ ਟੋਕੀਓ ਵਿੱਚ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਏਸ਼ੀਆ/ਓਸ਼ੇਨੀਆ ਕੁਆਲੀਫਾਈ ਟੂਰਨਾਮੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਸਿਮਰਨਜੀਤ ਕੌਰ ਨੇ ਨਾ ਸਿਰਫ਼ ਪੰਜਾਬ ਦਾ ਬਲਕਿ ਦੇਸ਼ ਦਾ ਮਾਣ ਵਧਾਇਆ ਹੈ।
ਉਨ੍ਹਾਂ ਕਿਹਾ ਕਿ ਇਹ ਸਾਧਾਰਨ ਪਰਿਵਾਰ ਦੀ ਧੀ ਦੀ ਅਸਾਧਾਰਨ ਪ੍ਰਾਪਤੀ ਹੈ। ਮੁੱਖ ਮੰਤਰੀ ਨੇ ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਦੀ ਤਗ਼ਮਾ ਜੇਤੂ ਨੂੰ ਭਰੋਸਾ ਦਿੱਤਾ ਕਿ ਉਸ ਦੇ ਅੱਗੇ ਵਧਣ ਲਈ ਸਰਕਾਰ ਵੱਲੋਂ ਹਰ ਸੰਭਵ ਮੱਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਮਰਨਜੀਤ ਕੌਰ ਪੰਜਾਬ ਦੀਆਂ ਕੁੜੀਆਂ ਲਈ ਚਾਨਣ ਮੁਨਾਰਾ ਹੈ ਜੋ ਖੇਡਾਂ ਦੇ ਖੇਤਰ ’ਚ ਅੱਗੇ ਵਧਣਾ ਚਾਹੁੰਦੀਆਂ ਹਨ।
ਖੇਡ ਮੰਤਰੀ ਰਾਣਾ ਸੋਢੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਚਕਰ ਦੀ ਇਸ ਮੁੱਕੇਬਾਜ਼ ਨੇ ਪਿੰਡ ਤੋਂ ਹੀ ਆਪਣਾ ਕਰੀਅਰ ਬਣਾਉਣਾ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਸਿਮਰਨਜੀਤ ਨੇ ਸਾਲ 2013 ਵਿੱਚ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ-2018 ਵਿੱਚ ਕਾਂਸੀ ਦਾ ਤਗ਼ਮਾ ਅਤੇ ਏਸ਼ਿਆਈ ਮੁੱਕੇਬਾਜ਼ੀ ਚੈਂਪੀਅਨਸ਼ਿਪ-2019 ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਰਾਣਾ ਸੋਢੀ ਨੇ ਉਸ ਨੂੰ ਨੌਕਰੀ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਸਿਮਰਨਜੀਤ ਕੌਰ ਦੀ ਮਾਤਾ ਰਾਜਪਾਲ ਕੌਰ, ਪ੍ਰਿੰਸੀਪਲ ਸਰਵਣ ਸਿੰਘ, ਉਸ ਦੇ ਮੁੱਢਲੇ ਕੋਚ ਪ੍ਰਿੰ. ਬਲਵੰਤ ਸਿੰਘ ਸੰਧੂ, ਪਿੰਡ ਚਕਰ ਦੇ ਪੰਚ ਗੁਰਜੀਤ ਸਿੰਘ ਹਾਜ਼ਰ ਸਨ।
Sports ਸਿਮਰਨਜੀਤ ਕੌਰ ਨੂੰ ਪੰਜ ਲੱਖ ਰੁਪਏ ਦੇਵੇਗੀ ਸਰਕਾਰ