ਨਵੀਂ ਦਿੱਲੀ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਕਿਹਾ ਹੈ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ ਕਿਉਂਕਿ ਕਰੋਨਾਵਾਇਰਸ ਦਾ ਖ਼ਾਤਮਾ ਕਰਨ ਲਈ ਕੀਤੇ ਗਏ 21 ਦਿਨਾਂ ਦੇ ਦੇਸ਼ਵਿਆਪੀ ਲੌਕਡਾਊਨ ਦੌਰਾਨ ਜ਼ਰੂਰੀ ਵਸਤਾਂ ਤੇ ਦਵਾਈਆਂ ਵਾਲੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਕਾਲਾ ਬਾਜ਼ਾਰੀ ਕਰਨ ਵਾਲਿਆਂ ਤੇ ਜਮ੍ਹਾਂਖੋਰਾਂ ਨਾਲ ਨਜਿੱਠਣ ਲਈ ਕਾਨੂੰਨ ਪਹਿਲਾਂ ਤੋਂ ਮੌਜੂਦ ਹਨ। ਉਹ ਕਰੋਨਾਵਾਇਰਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੰਗਲਵਾਰ ਨੂੰ ਐਲਾਨੇ ਗਏ ਲੌਕਡਾਊਨ ਬਾਰੇ ਬੋਲ ਰਹੇ ਸਨ। ਅੱਜ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਬਾਰੇ ਮੀਡੀਆ ਨੂੰ ਜਾਣੂ ਕਰਵਾਉਂਦਿਆਂ ਸ੍ਰੀ ਜਾਵੜੇਕਰ ਨੇ ਕਿਹਾ ਕਿ ਲੌਕਡਾਊਨ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਤੇ ਸਾਰੇ ਰਾਜ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕੇਂਦਰ ਤੇ ਰਾਜਾਂ ਵਿਚਾਲੇ ਤਾਲਮੇਲ ਨੂੰ ਸਹਿਕਾਰੀ ਸੰਘਵਾਦ ਦੀ ਢੁੱਕਵੀਂ ਉਦਹਾਰਨ ਦੱਸਿਆ।
ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕੁਝ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਵੱਲੋਂ ਡਾਕਟਰਾਂ ਤੇ ਇੱਥੋਂ ਤੱਕ ਕਿ ਪੱਤਰਕਾਰਾਂ ਨੂੰ ਮਕਾਨ ਖਾਲੀ ਕਰਨ ਲਈ ਕਹੇ ਜਾਣ ਨੂੰ ਨਾਵਾਜ਼ਿਬ ਕਰਾਰ ਦਿੱਤਾ। ਉਨ੍ਹਾਂ ਚੇਤੇ ਕਰਵਾਇਆ ਕਿ ਐਤਵਾਰ ਨੂੰ ‘ਜਨਤਾ ਕਰਫਿਊ’ ਦੌਰਾਨ ਲੋਕਾਂ ਨੇ ਤਾੜੀਆਂ ਉਨ੍ਹਾਂ ਲਈ ਵਜਾਈਆਂ ਸਨ ਜੋ ਕਰੋਨਾਵਾਇਰਸ ਖ਼ਿਲਾਫ਼ ਲੜਾਈ ਲੜ ਰਹੇ ਹਨ ਤੇ ਸਮਾਜ ਨੂੰ ਇਹ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਰੋਨਾਵਾਇਰਸ ਮਹਾਮਾਰੀ ਬਾਰੇ ਵੀ ਚਰਚਾ ਹੋਈ ਹੈ, ਪਰ ਉਨ੍ਹਾਂ ਇਸ ਸਬੰਧੀ ਵਿਸਥਾਰ ’ਚ ਜਾਣਕਾਰੀ ਨਹੀਂ ਦਿੱਤੀ।
INDIA ਖੁੱਲ੍ਹੀਆਂ ਰਹਿਣਗੀਆਂ ਜ਼ਰੂਰੀ ਵਸਤਾਂ ਤੇ ਦਵਾਈਆਂ ਵਾਲੀਆਂ ਦੁਕਾਨਾਂ: ਜਾਵੜੇਕਰ