ਕਰੋਨਾਵਾਇਰਸ ਕਾਰਨ ਸ਼੍ਰੋਮਣੀ ਕਮੇਟੀ ਦਾ 28 ਮਾਰਚ ਨੂੰ ਹੋਣ ਵਾਲਾ ਬਜਟ ਇਜਲਾਸ ਅੱਜ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਕੀਤਾ ਗਿਆ ਹੈ। ਅੰਤ੍ਰਿੰਗ ਕਮੇਟੀ ਵੱਲੋਂ ਫ਼ਿਲਹਾਲ 90 ਦਿਨਾਂ ਲਈ ਨਿੱਤ ਦਾ ਖ਼ਰਚ ਚਲਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਅੱਜ ਇੱਥੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਅੰਤ੍ਰਿੰਗ ਕਮੇਟੀ ਦੇ ਕੁੱਲ 15 ਵਿਚੋਂ 10 ਮੈਂਬਰ ਹੀ ਹਾਜ਼ਰ ਸਨ। ਕਰੋਨਾਵਾਇਰਸ ਸਬੰਧੀ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਤਹਿਤ ਮੈਂਬਰ ਅਤੇ ਅਧਿਕਾਰੀ ਇਕ ਦੂਜੇ ਤੋਂ ਦੂਰ ਬੈਠੇ ਸਨ ਅਤੇ ਸਾਰਿਆਂ ਨੇ ਮਾਸਕ ਪਹਿਨੇ ਸਨ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸਿੱਖ ਸੰਸਥਾ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਹੋਣਾ ਸੀ ਪਰ ਕਰੋਨਾਵਾਇਰਸ ਕਾਰਨ ਬਣੀ ਸਥਿਤੀ ਦੌਰਾਨ ਇਹ ਜਨਰਲ ਇਜਲਾਸ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਅੰਤ੍ਰਿੰਗ ਕਮੇਟੀ ਵੱਲੋਂ ਅੱਜ ਇਸ ਸਬੰਧੀ ਇਕ ਨੁਕਾਤੀ ਏਜੰਡੇ ’ਤੇ ਮੀਟਿੰਗ ਸੱਦੀ ਗਈ ਸੀ, ਜਿਸ ਵਿਚ ਇਸ ਸਬੰਧੀ ਸਥਿਤੀ ’ਤੇ ਵਿਚਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਮਤਾ ਪਾਸ ਕੀਤਾ ਸੀ, ਜਿਸ ਨੂੰ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਪਾਸ ਕੀਤਾ ਹੈ। ਇਸ ਫ਼ੈਸਲੇ ਮੁਤਾਬਕ ਬਜਟ ਜਨਰਲ ਇਜਲਾਸ ਮੁਲਤਵੀ ਕਰ ਦਿੱਤਾ ਹੈ ਅਤੇ ਇਸ ਦੀ ਅਗਲੀ ਤਰੀਕ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।
ਇਸ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਇਸ ਨਾਲ ਸਬੰਧਤ ਅਦਾਰੇ, ਗੁਰਦੁਆਰੇ ਅਤੇ ਵਿੱਦਿਅਕ ਸੰਸਥਾਵਾਂ ਦੇ ਕੰਮਕਾਜ ਨੂੰ ਚਲਾਉਣ ਵਾਸਤੇ ਫਿਲਹਾਲ 90 ਦਿਨਾਂ ਦੇ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਮਹਾਮਾਰੀ ਦੌਰਾਨ ਮਨੁੱਖਤਾ ਦੀ ਭਲਾਈ ਅਤੇ ਸਲਾਮਤੀ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਵਾਸਤੇ ਵੀ ਵਿਸ਼ੇਸ਼ ਖਰਚ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਦੌਰਾਨ ਸ੍ਰੀ ਲੌਂਗੋਵਾਲ ਨੇ ਆਖਿਆ ਕਿ ਕਰੋਨਾਵਾਇਰਸ ਕਾਰਨ ਬਣੇ ਸੰਕਟ ਸਮੇਂ ਸਿੱਖ ਜਥੇਬੰਦੀ ਵੱਲੋਂ ਲੋੜਵੰਦਾਂ ਅਤੇ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਇਹ ਮਦਦ ਅਗਾਂਹ ਵੀ ਜਾਰੀ ਰੱਖੀ ਜਾਵੇਗੀ। ਉਨ੍ਹਾਂ ਨੇ ਅਫ਼ਗਾਨਿਸਤਾਨ ਵਿਚ ਗੁਰਦੁਆਰੇ ’ਤੇ ਕੀਤੇ ਗਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕੀਤੀ ਜਾਵੇਗੀ। ਮੀਟਿੰਗ ਵਿਚ ਰਜਿੰਦਰ ਸਿੰਘ ਮਹਿਤਾ, ਗੁਰਬਖਸ਼ ਸਿੰਘ ਖਾਲਸਾ, ਹਰਜਿੰਦਰ ਸਿੰਘ ਧਾਮੀ ਆਦਿ ਹਾਜ਼ਰ ਸਨ।
INDIA ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਮੁਲਤਵੀ