ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅੱਜ 72 ਸ਼ੱਕੀ ਵਿਅਕਤੀਆਂ ਦੇ ਕਰੋਨਾਵਾਇਰਸ ਦੀ ਪੁਸ਼ਟੀ ਲਈ ਨਵੇਂ ਸੈਂਪਲ ਲਏ ਗਏ ਹਨ। ਇਨ੍ਹਾਂ ਦੇ ਨਤੀਜੇ ਐਤਵਾਰ ਨੂੰ ਆਉਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਨਿੱਜੀ ਖੇਤਰ ਦੇ ਵੱਡੇ ਹਪਸਤਾਲਾਂ ਅਤੇ ਮੈਡੀਕਲ ਕਾਲਜਾਂ ਖਾਸ ਕਰ ਡੀ.ਐੱਮ.ਸੀ., ਸੀ.ਐੱਮ.ਸੀ. ਅਤੇ ਓਸਵਾਲ ਕੈਂਸਰ ਹਸਪਤਾਲ ਲੁਧਿਆਣਾ ਸਮੇਤ ਦਰਜ਼ਨ ਦੇ ਕਰੀਬ ਹਸਪਤਾਲਾਂ ਨੂੰ ਹੰਗਾਮੀ ਹਾਲਤ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਹਸਪਤਾਲਾਂ ਦੀਆਂ ਵੈਂਟੀਲੇਟਰ ਸੁਵਿਧਾਵਾਂ ਲੋੜ ਪੈਣ ’ਤੇ ਵਰਤੀਆਂ ਜਾਣਗੀਆਂ।
ਇਸੇ ਦੌਰਾਨ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਪਟਿਆਲਾ ਅਤੇ ਸਿਹਤ ਨਿਗਮ ਦੇ ਐੱਮ.ਡੀ. ਮਨਵੇਸ਼ ਸਿੰਘ ਸਿੱਧੂ ਨੇ ਲੁਧਿਆਣਾ ’ਚ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸੂਬੇ ਵਿੱਚ ਇਸ ਖ਼ਤਰਨਾਕ ਬਿਮਾਰੀ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 38 ਹੈ ਜਦਕਿ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ। ਗੁਆਂਢੀ ਸੂਬੇ ਹਰਿਆਣਾ ਵਿੱਚ ਇਸ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 20 ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰੋਨਾਵਾਇਰਸ ਤੋਂ ਪੀੜਤ ਕੋਈ ਨਵਾਂ ਮਰੀਜ਼ ਭਾਵੇਂ ਅੱਜ ਸਾਹਮਣੇ ਨਹੀਂ ਆਇਆ ਪਰ ਇਸ ਦਾ ਅਰਥ ਇਹ ਨਹੀਂ ਕਿ ਖ਼ਤਰਾ ਟਲ ਗਿਆ ਹੈ। ਅਧਿਕਾਰੀਆਂ ਅਨੁਸਾਰ ਅੱਜ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਨੂੰ ਜਿਹੜੇ ਨਵੇਂ 72 ਸੈਂਪਲ ਭੇਜੇ ਗਏ ਹਨ ਉਹ ਅਜਿਹੇ ਵਿਅਕਤੀਆਂ ਦੇ ਹਨ ਜੋ ਪਹਿਲਾਂ ਤੋਂ ਹੀ ਪਾਜ਼ੇਟਿਵ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਸਨ। ਇਸ ਲਈ ਇਨ੍ਹਾਂ ਵਿੱਚ ਵਾਇਰਸ ਦੇ ਲੱਛਣ ਪਾਏ ਜਾਣ ਦਾ ਖ਼ਦਸ਼ਾ ਹੈ। ਵਿਭਾਗ ਵੱਲੋਂ ਜਾਰੀ ਬੁਲੇਟਿਨ ਮੁਤਾਬਕ ਹੁਣ ਤੱਕ 898 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿੱਚੋਂ 596 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਤੇ 264 ਵਿਅਕਤੀਆਂ ਦੇ ਸੈਂਪਲਾਂ ਦੇ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਵਿਭਾਗ ਮੁਤਾਬਕ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਜਿਨ੍ਹਾਂ ਵਿਅਕਤੀਆਂ ਦੇ ਸੈਂਪਲ ਲਏ ਗਏ ਸਨ ਉਨ੍ਹਾਂ ਵਿੱਚੋਂ ਜ਼ਿਆਦਾਤਰ ਦੇ ਨੈਗੇਟਿਵ ਆਏ। ਸੂਬੇ ਵਿੱਚ ਜਿਨ੍ਹਾਂ 38 ਵਿਅਕਤੀਆਂ ਦੇ ਸੈਂਪਲ ਪਾਜ਼ੇਟਿਵ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਮਿਲਣ ਵਾਲਿਆਂ ਨੂੰ ਅਲਹਿਦਾ ਕੀਤਾ ਜਾ ਚੁੱਕਾ ਹੈ।
HOME ਕੋਵਿਡ-19: ਪੰਜਾਬ ’ਚ ਨਵਾਂ ਕੇਸ ਸਾਹਮਣੇ ਆਉਣ ਤੋਂ ਰਿਹਾ ਬਚਾਅ