ਨਵੀਂ ਦਿੱਲੀ (ਸਮਾਜਵੀਕਲੀ) – ਦਿੱਲੀ ਦੀ ਇਕ ਅਦਾਲਤ ਨੇ ਜੰਮੂ ਕਸ਼ਮੀਰ ਪੁਲੀਸ ਦੇ ਸਾਬਕਾ ਅਧਿਕਾਰੀ ਦਵਿੰਦਰ ਸਿੰਘ ਨੂੰ ਇਕ ਮਹੀਨੇ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਪੁਲੀਸ ਅਫ਼ਸਰ ਨੂੰ ਹਿਜ਼ਬੁਲ ਮੁਜਾਹੀਦੀਨ ਦੇ ਦੋ ਦਹਿਸ਼ਤਗਰਦਾਂ ਨਾਲ ਸ੍ਰੀਨਗਰ-ਜੰਮੂ ਕੌਮੀ ਮਾਰਗ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।
ਵਿਸ਼ੇਸ਼ ਜੱਜ ਅਜੈ ਕੁਮਾਰ ਨੇ 6 ਮਈ ਤੱਕ ਦਵਿੰਦਰ ਨੂੰ ਜੇਲ੍ਹ ਭੇਜ ਦਿੱਤਾ। ਦਿੱਲੀ ਪੁਲੀਸ ਕੋਲ ਦਵਿੰਦਰ ਦੀ 30 ਦਿਨਾਂ ਦੀ ਹਿਰਾਸਤ ਖ਼ਤਮ ਹੋਣ ’ਤੇ ਉਸ ਨੂੰ ਸ਼ੁੱਕਰਵਾਰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਹੋਰ ਪੁੱਛਗਿੱਛ ਦੀ ਲੋੜ ਨਹੀਂ ਹੈ। ਅਦਾਲਤ ਨੇ ਤਿੰਨ ਹੋਰ ਮੁਲਜ਼ਮਾਂ- ਜਾਵੇਦ ਇਕਬਾਲ, ਸਈਦ ਨਵੀਦ ਮੁਸ਼ਤਾਕ ਤੇ ਇਮਰਾਨ ਸ਼ਫ਼ੀ ਮੀਰ ਨੂੰ ਵੀ ਜੇਲ੍ਹ ਭੇਜ ਦਿੱਤਾ ਹੈ।
ਡੀਐੱਸਪੀ ਦਵਿੰਦਰ ਸਿੰਘ ਨੂੰ ਜੰਮੂ ਕਸ਼ਮੀਰ ਪੁਲੀਸ ਨੇ ਜਨਵਰੀ ਵਿਚ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਸੀ। ਦਿੱਲੀ ਪੁਲੀਸ ਨੇ ਕਿਹਾ ਸੀ ਕਿ ਸਈਦ ਨਵੀਦ ਮੁਸ਼ਤਾਕ ਤੇ ਹੋਰ ਦਿੱਲੀ ਤੇ ਮੁਲਕ ਵਿਚ ਹੋਰਨਾਂ ਥਾਵਾਂ ਅਤੇ ਸੁਰੱਖਿਆ ਪ੍ਰਾਪਤ ਵਿਅਕਤੀਆਂ ’ਤੇ ਅਤਿਵਾਦੀ ਹਮਲਿਆਂ ਦੀ ਯੋਜਨਾ ਬਣਾ ਰਹੇ ਸਨ।