ਚੰਡੀਗੜ੍ਹ (ਸਮਾਜਵੀਕਲੀ) : ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ 16 ਰੂਟਾਂ ’ਤੇ ਸੀਟੀਯੂ ਦੀਆਂ 47 ਬੱਸਾਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੌਰਾਨ ਟ੍ਰਾਈਸਿਟੀ ਵਿੱਚ ਬੱਸਾਂ ਚਲਾਉਣ ਦੇ ਫ਼ੈਸਲੇ ਨੂੰ ਵੀ ਜਲਦ ਹੀ ਬੂਰ ਪੈਣ ਦੇ ਆਸਾਰ ਹਨ। ਇਸ ਗੱਲ ਦਾ ਪ੍ਰਗਟਾਵਾ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਅਗਵਾਈ ਵਿੱਚ ਹੋਈ ਸਮੀਖਿਆ ਮੀਟਿੰਗ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਬੱਸਾਂ ਨੂੰ ਚਲਾਉਣ ਤੋਂ ਪਹਿਲਾਂ ਸੈਨੀਟਾਈਜ਼ ਕੀਤਾ ਗਿਆ ਹੈ ਅਤੇ ਬੱਸਾਂ ਵਿੱਚ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।
ਸੀਟੀਯੂ ਦੇ ਡਾਈਰੈਕਟਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਲੋਕਲ ਰੂਟਾਂ ’ਤੇ ਬੱਸ ਸੇਵਾ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਚਲਾਈ ਜਾਵੇਗੀ ਜਿਸ ਦਾ ਕਿਰਾਇਆ 20 ਰੁਪਏ ਪ੍ਰਤੀ ਸਵਾਰੀ ਰੱਖਿਆ ਗਿਆ ਹੈ। ਸਵਾਰੀ ਸਿੱਧਾ ਕੰਟਕਟਰ ਦੇ ਬੈਗ ਵਿੱਚ ਨਗਦੀ ਪਾ ਕੇ ਟਿਕਟ ਲਵੇਗੀ। ਉਨ੍ਹਾਂ ਦੱਸਿਆ ਕਿ ਬੱਸਾਂ ਵਿੱਚ ਸਮਾਜਿਕ ਦੂਰੀ ਦੇ ਨਿਯਮ ਨੂੰ ਧਿਆਨ ਵਿੱਚ ਰੱਖਦੀਆਂ 50 ਫ਼ੀਸਦ ਸਵਾਰੀਆਂ ਨੂੰ ਹੀ ਬਿਠਾਇਆ ਜਾਵੇਗਾ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੇ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਰੋਨਾ ਪ੍ਰਭਾਵਿਤ ਖੇਤਰਾਂ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਰੋਨਾ ਪ੍ਰਭਾਵਿਤ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਲੋੜੀਂਦੀਆਂ ਵਸਤਾਂ ਦੀ ਸਪਲਾਈ ਪ੍ਰਸ਼ਾਸਨ ਵੱਲੋਂ ਘਰਾਂ ਤੱਕ ਕੀਤੀ ਜਾਵੇਗੀ।
ਇਸੇ ਦੌਰਾਨ ਗਰੀਬ ਲੋਕਾਂ ਨੂੰ ਰਾਸ਼ਨ ਨਾ ਮਿਲਣ ਸਬੰਧੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਆਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਕੇਂਦਰ ਸਰਕਾਰ ਦੇ ਆਦੇਸ਼ਾਂ ’ਤੇ ਬਿਨਾਂ ਰਾਸ਼ਨ ਕਾਰਡਧਾਰਕ ਗਰੀਬ ਵਿਅਕਤੀਆਂ ਦੀਆਂ ਸੂਚੀਆਂ ਤਿਆਰ ਕੀਤੀ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਰਾਸ਼ਨ ਦਿੱਤਾ ਜਾ ਸਕੇ।
ਇਸੇ ਤਰ੍ਹਾਂ ਵਿੱਤ ਸਕੱਤਰ ਏ.ਕੇ. ਸਿਨਹਾ ਨੇ ਦੱਸਿਆ ਕਿ ਕਰੋਨਾਵਾਇਰਸ ਕਰਕੇ ਚੰਡੀਗੜ੍ਹ ਵਿੱਚ ਫਸੇ 25 ਹਜ਼ਾਰ ਪਰਵਾਸੀਆਂ ਨੂੰ 18 ਸ਼੍ਰਮਿਕ ਰੇਲ ਗੱਡੀਆਂ ਰਾਹੀ ਉਨ੍ਹਾਂ ਦੇ ਪਿੱਤਰੀ ਰਾਜਾਂ ਵੱਲ ਰਵਾਨਾ ਕੀਤਾ ਗਿਆ ਹੈ ਜਦਕਿ 10 ਹੋਰ ਗੱਡੀਆਂ ਰਾਹੀ 15 ਹਜ਼ਾਰ ਦੇ ਕਰੀਬ ਵਿਅਕਤੀਆਂ ਨੂੰ ਭੇਜਿਆ ਜਾਵੇਗਾ। ਇਸੇ ਤਰ੍ਹਾਂ ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦੀ ਰੀ-ਕਾਰਪੈਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੈਕਟਰ-26 ਦੀ ਥੋਕ ਮਾਰਕੀਟ ਵਿੱਚ ਜ਼ਰੂਰੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ।