‘ਆਪ’ ਵਿੱਚ ਸ਼ਾਮਲ ਹੋ ਸਕਦੇ ਨੇ ਨਵਜੋਤ ਸਿੱਧੂ

ਨਵੀਂ ਦਿੱਲੀ (ਸਮਾਜਵੀਕਲੀ): ਆਮ ਆਦਮੀ ਪਾਰਟੀ (ਆਪ) ਵੱਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਪਾਰਟੀ ’ਚ ਸ਼ਾਮਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ‘ਆਪ’ ਦੀ ਪੰਜਾਬ ਇਕਾਈ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਹਾਲਾਂਕਿ ਸ੍ਰੀ ਸਿੱਧੂ ਨੂੰ ਭੇਜੇ ਗਏ ਸੰਦੇਸ਼ਾਂ ਦਾ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ ਹੈ। ਪਰ ਜੋ ਇਮਾਨਦਾਰੀ ਦੀ ਭਾਵਨਾ ਨਾਲ ਪਾਰਟੀ ’ਚ ਸ਼ਾਮਲ ਹੋਣਾ ਚਾਹੁੰਦੇ ਹਨ, ਉਨ੍ਹਾਂ ਦਾ ਸਵਾਗਤ ਹੈ।

ਇਹ ਸਿੱਧੂ ਵੀ ਹੋ ਸਕਦੇ ਹਨ। ਪਰ ਉਹ ਇਸ ਗੱਲੋਂ ਅਣਜਾਣ ਹਨ ਕਿ ਕਾਂਗਰਸੀ ਆਗੂ ਨਾਲ ਗੱਲਬਾਤ ਕੌਣ ਕਰ ਰਿਹਾ ਹੈ। ਸੂਤਰਾਂ ਮੁਤਾਬਕ ਸਿੱਧੂ ਨੂੰ ‘ਆਪ’ ਵਿੱਚ ਸ਼ਾਮਲ ਕਰਵਾਉਣ ਲਈ ਵਿਚੋਲੇ ਦੀ ਭੂਮਿਕਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੱਲੋਂ ਨਿਭਾਈ ਜਾ ਰਹੀ ਹੈ। ਸ੍ਰੀ ਸਿੱਧੂ ਦੇ ਕਰੀਬੀ ਸੂਤਰਾਂ ਅਨੁਸਾਰ ਸਿੱਧੂ ਵੱਲੋਂ ਕਿਸ਼ੋਰ ਨਾਲ ਵੱਟਸਐਪ ’ਤੇ ‘ਆਪ’ ਸ਼ਾਮਲ ਸਬੰਧੀ ਸ਼ਰਤਾਂ ਬਾਰੇ ਗੱਲਬਾਤ ਕੀਤੀ ਗਈ ਹੈ।

ਸੂਤਰਾਂ ਮੁਤਾਬਕ ਸਿੱਧੂ ਨੇ ਕਿਸ਼ੋਰ ਨੂੰ ਪਾਰਟੀ ’ਚ ਉਨ੍ਹਾਂ ਦੀ ਭੂਮਿਕਾ ਅਤੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾਏ ਜਾਣ ਸਬੰਧੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਕ ਮਤਭੇਦ ਚੱਲ ਰਹੇ ਹਨ ਅਤੇ ਪਿਛਲੇ ਵਰ੍ਹੇ ਉਨ੍ਹਾਂ ਨੇ ਪੰਜਾਬ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਸੇ ਦੌਰਾਨ ਕਾਂਗਰਸ ਦੇ ਕੁਝ ਸੂਤਰਾਂ ਨੇ ਦੱਸਿਆ ਕਿ ਮੁੱਖ ਅਮਰਿੰਦਰ ਸਿੰਘ ਵੀ 2022 ਦੀਆਂ ਅਸੈਂਬਲੀ ਚੋਣਾਂ ਵਾਸਤੇ ਪ੍ਰਚਾਰ ਲਈ ਇਸ ਸਾਲ ਜਨਵਰੀ ਮਹੀਨੇ ਪ੍ਰਸ਼ਾਂਤ ਕਿਸ਼ੋਰ ਤੱਕ ਪਹੁੰਚ ਕਰ ਚੁੱਕੇ ਹਨ। ਜਦਕਿ ਦੂਜੇ ਪਾਸੇ ਪ੍ਰਸ਼ਾਂਤ ਕਿਸ਼ੋਰ ਦਿੱਲੀ ਤੇ ਪੰਜਾਬ ਵਿੱਚ ‘ਆਪ’ ਦੀ ਮੁਹਿੰਮ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਹੋਣ ਕਾਰਨ ਪੰਜਾਬ ਕਾਂਗਰਸ ਦੀ ਪੇਸ਼ਕਸ਼ ਸਵੀਕਾਰ ਕਰਨ ਲਈ ਇਛੁੱਕ ਨਹੀਂ ਹਨ।

Previous articleਚੌਥਾ ਦਰਜਾ ਕਰਮਚਾਰੀਆਂ ਨੇ ਪਾਵਰਕੌਮ ਦਫ਼ਤਰਾਂ ਅੱਗੇ ਬਿਜਲੀ ਬਿੱਲ ਫੂਕੇ
Next articleਰਾਸ਼ਟਰਪਤੀ ਚੋਣਾਂ: ਇੰਡੀਆਨਾ ਤੋਂ ਪ੍ਰਾਇਮਰੀ ਚੋਣਾਂ ਜਿੱਤੇ ਬਾਈਡੇਨ ਅਤੇ ਟਰੰਪ