ਚੰਡੀਗੜ੍ਹ (ਸਮਾਜਵੀਕਲੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬੀਆਂ ਨੂੰ ਤਾੜਨਾ ਕੀਤੀ ਕਿ ਪੰਜਾਬ ਸਰਕਾਰ ਕਿਸੇ ਹਾਲ ’ਚ ਸਿਹਤ ਸੁਰੱਖਿਆ ਉਪਾਵਾਂ ਦੀ ਉਲੰਘਣਾ ਦੀ ਇਜਾਜ਼ਤ ਨਹੀਂ ਦੇਵੇਗੀ। ਮੁੱਖ ਮੰਤਰੀ ਨੇ ਮਹਾਮਾਰੀ ਨੂੰ ਕਾਬੂ ਵਿਚ ਦੱਸਦਿਆਂ ਕਿਹਾ ਕਿ ਸਰਕਾਰ ਕੋਈ ਜੋਖ਼ਮ ਮੁੱਲ ਨਹੀਂ ਲਵੇਗੀ ਅਤੇ ਕੋਵਿਡ ਸੰਕਟ ਦੇ ਟਾਕਰੇ ਲਈ ਪੁਖਤਾ ਤਿਆਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੰਦਸ਼ਾਂ ’ਚ ਢਿੱਲ ਜ਼ਰੂਰੀ ਸੀ, ਪਰ ਕੋਈ ਵੀ ਸਰਕਾਰ ਵੱਲੋਂ ਜਾਰੀ ਸੇਧਾਂ ਦੀ ਪਾਲਣਾ ਕਰਨਾ ਨਾ ਭੁੱਲੇ।
ਮੁੱਖ ਮੰਤਰੀ ਨੇ ਫੇਸਬੁੱਕ ’ਤੇ ਲਾਈਵ ਹਫ਼ਤਾਵਾਰੀ ਪ੍ਰੋਗਰਾਮ ‘ਕੈਪਟਨ ਨੂੰ ਸੁਆਲ’ ਵਿੱਚ ਲੋਕਾਂ ਨੂੰ ਭਾਵੁਕ ਅਪੀਲ ਕੀਤੀ ਕਿ ਪੰਜਾਬ ਵਾਸੀ ‘ਮਹਾਮਾਰੀ ਤੋਂ ਬਚਾਅ’ ਲਈ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਬੰਦਸ਼ਾਂ ਵਿਚ ਢਿੱਲ ਦੇਣਾ ਜ਼ਰੂਰੀ ਹੋ ਗਿਆ ਸੀ, ਪ੍ਰੰਤੂ ਇਸ ਦੌਰਾਨ ਲੋਕ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ਬਾਰੇ ਅਵੇਸਲੇ ਹੋ ਗਏ, ਜਿਸ ਕਰਕੇ ਪੁਲੀਸ ਨੂੰ ਸਖ਼ਤੀ ਕਰਨੀ ਪਈ ਹੈ। ਉਨ੍ਹਾਂ ਕਿਹਾ ਕਿ ਕੋਵਿਡ ਪ੍ਰੋੋਟੋਕੋਲ ’ਚ ਕੋਤਾਹੀ ਅਤੇ ਲੋਕਾਂ ਦਾ ਗ਼ੈਰਜ਼ਿੰਮੇਵਾਰਾਨਾ ਵਤੀਰਾ ਪੰਜਾਬ ਨੂੰ ਹੋਰਨਾਂ ਸੂਬਿਆਂ ਦੀ ਰਾਹ ’ਤੇ ਲਿਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁਲਕ ਵਿੱਚ ਪੰਜਾਬ ਦੀ ਆਬਾਦੀ 2.5 ਫੀਸਦੀ ਹੈ ਅਤੇ ਮੌਜੂਦਾ ਸਮੇਂ ਕੋਵਿਡ ਕੇਸ ਮਹਿਜ਼ 0.5 ਫੀਸਦੀ ਹਨ। ਉਨ੍ਹਾਂ ਕਿਹਾ ਕਿ ਕੋਵਿਡ ਸੰਕਟ ਦੇ ਟਾਕਰੇ ਲਈ ਪੰਜਾਬ ਵਿੱਚ ਲੋੜੀਂਦਾ ਜ਼ਰੂਰੀ ਸਾਜ਼ੋ-ਸਾਮਾਨ ਮੌਜੂਦ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਲੰਘੇ ਸ਼ੁੱਕਰਵਾਰ ਨੂੰ ਜਨਤਕ ਤੌਰ ’ਤੇ ਮਾਸਕ ਨਾ ਪਹਿਨਣ ਬਦਲੇ 4600 ਚਲਾਨ ਕੀਤੇ ਗਏ। ਜਨਤਕ ਤੌਰ ’ਤੇ ਥੁੱਕਣ ਵਾਲੇ 160 ਵਿਅਕਤੀਆਂ ਅਤੇ ਸਮਾਜਿਕ ਦੂਰੀ ਨੇਮਾਂ ਦੀ ਉਲੰਘਣਾ ਕਰਨ ਵਾਲੇ ਦੋ ਦਰਜਨ ਵਿਅਕਤੀਆਂ ਦੇ ਚਲਾਨ ਕੱਟੇ ਗਏ ਹਨ। ਮੁੱਖ ਮੰਤਰੀ ਨੇ ‘ਮਿਸ਼ਨ ਫ਼ਤਿਹ’ ਨੂੰ ਕੋਵਿਡ ਵਿਰੁਧ ਲੜਾਈ ਦੱਸਦਿਆਂ ਕਿਹਾ ਕਿ ਲੋਕ ਪਹਿਲਾਂ ਦੀ ਤਰ੍ਹਾਂ ਸਰਕਾਰ ਨਾਲ ਪੂਰੀ ਤਰ੍ਹਾਂ ਸਹਿਯੋਗ ਕਰਨ। ਮੁੱਖ ਮੰਤਰੀ ਨੇ ਇਸ ਲੜਾਈ ’ਚ ਸਹਿਯੋਗ ਕਰਨ ਵਾਲੇ ਵਿਸ਼ੇਸ਼ ਤੌਰ ’ਤੇ ਅਮਿਤਾਭ ਬੱਚਨ, ਕਰੀਨਾ ਕਪੂਰ, ਸੋਨੂ ਸੂਦ, ਮਿਲਖਾ ਸਿੰਘ, ਕਪਿਲ ਦੇਵ, ਯੁਵਰਾਜ ਸਿੰਘ ਤੋਂ ਇਲਾਵਾ ਹੋਰਨਾਂ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਪੰਜਾਬ ਵਿੱਚ ਕੋਵਿਡ ਕੇਸਾਂ ਅਤੇ ਠੀਕ ਹੋ ਰਹੇ ਮਰੀਜ਼ਾਂ ਦੀ ਸਥਿਤੀ ਨੂੰ ਅੰਕੜਿਆਂ ਦੇ ਹਵਾਲੇ ਸਮਝਾਇਆ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਸੰਕਟ ਨਾਲ ਨਜਿੱਠਣ ਲਈ ਪਹਿਲੇ ਪੜਾਅ ਵਿੱਚ ਸਰਕਾਰੀ ਹਸਪਤਾਲਾਂ ਵਿੱਚ 4248 ਬੈੱਡਾਂ ਦਾ ਪ੍ਰਬੰਧ ਹੈ ਅਤੇ 2014 ਹੋਰ ਬੈੱਡ ਸ਼ਾਮਲ ਕੀਤੇ ਜਾ ਰਹੇ ਹਨ। ਸੰਕਟ ਗੰਭੀਰ ਹੋਣ ਦੀ ਸੂਰਤ ਵਿੱਚ 52 ਸਰਕਾਰੀ ਅਤੇ 195 ਪ੍ਰਾਈਵੇਟ ਹਸਪਤਾਲਾਂ ’ਚ ਏਕਾਂਤਵਾਸ ਕੇਂਦਰਾਂ ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ਼ਨਿਚਰਵਾਰ ਤੱਕ 554 ਵੈਂਟੀਲੇਟਰ ਮੌਜੂਦ ਹਨ। ਸਿਹਤ ਵਿਭਾਗ ਕੋਲ ਮਾਸਕਾਂ, ਪੀਪੀਈ ਕਿੱਟਾਂ ਅਤੇ ਆਕਸੀਜਨ ਸਿਲੰਡਰਾਂ ਦਾ ਸਟਾਕ ਮੌਜੂਦ ਹੈ।
ਮੁੱਖ ਮੰਤਰੀ ਨੇ ਇੱਕ ਸ਼ਿਕਾਇਤ ਦੇ ਜਵਾਬ ਵਿਚ ਕਿਹਾ ਕਿ ਕੋਵਿਡ ਮਰੀਜ਼ਾਂ ਨੂੰ ਦਾਖਲ ਕਰਨ ਸਮੇਂ ਪ੍ਰਾਈਵੇਟ ਹਸਪਤਾਲਾਂ ਵੱਲੋਂ ਜਬਰੀ ਫੀਸ ਵਸੂਲੇ ਜਾਣ ਦੀ ਸਿਹਤ ਮਹਿਕਮੇ ਕੋਲੋਂ ਚੈਕਿੰਗ ਕਰਵਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚਲੇ 13 ਲੱਖ ਪਰਵਾਸੀ ਮਜ਼ਦੂਰਾਂ ਵਿੱਚੋਂ 5 ਲੱਖ ਤੋਂ ਘੱਟ ਮਜ਼ਦੂਰ ਹੀ ਸੂਬਾ ਛੱਡ ਕੇ ਗਏ ਸਨ। ਇਸ ਤੋਂ ਇਲਾਵਾ ਸੂਬੇ ਵਿੱਚ ਸਥਾਨਕ ਮਜ਼ਦੂਰ ਵੀ ਹਨ ਜਿਸ ਕਾਰਨ ਕਿਸੇ ਵੀ ਹਾਲਤ ਵਿੱਚ ਕਿਸਾਨੀ ਅਤੇ ਉਦਯੋਗਿਕ ਯੂਨਿਟਾਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਮਹਾਮਾਰੀ ਕਰਕੇ ਚੀਨ ਸ਼ਿਫਟ ਹੋਏ ਕਾਰੋਬਾਰ ਨੂੰ ਵਾਪਸ ਲਿਆਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਦੇ ਗੰਨਾ ਕਾਸ਼ਤਕਾਰਾਂ ਦੇ ਬਕਾਏ ਨੂੰ ਸੂਬਾ ਸਰਕਾਰ ਤੇ ਸਹਿਕਾਰਤਾ ਵਿਭਾਗ ਵੱਲੋਂ ਜਲਦ ਹੀ ਨਿਬੇੜ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਆਫਲਾਈਨ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਯੂਜੀਸੀ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਲੋਕਾਂ ਨੇ ਮੁੱਖ ਮੰਤਰੀ ਕੋਲੋਂ ਰਾਸ਼ਨ ਕਾਰਡਾਂ, ਜਿਮ ਬਾਰੇ ਅਤੇ ਹੋਰਨਾਂ ਮਾਮਲਿਆਂ ਬਾਰੇ ਸੁਆਲ ਪੁੱਛੇ।