ਐੱਸਏਐੱਸ ਨਗਰ (ਮੁਹਾਲੀ) (ਸਮਾਜਵੀਕਲੀ): ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਦੀ ਸੁਣਵਾਈ 10 ਜੁਲਾਈ ਲਈ ਟਲ ਗਈ ਹੈ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿੱਚ ਚੱਲ ਰਹੀ ਹੈ ਪਰ ਕਰੋਨਾਵਾਇਰਸ ਕਾਰਨ ਅਦਾਲਤਾਂ ਵਿੱਚ ਛੁੱਟੀਆਂ ਹੋਣ ਕਾਰਨ ਅੱਜ ਇਸ ਕੇਸ ਦੀ ਸੁਣਵਾਈ ਨਹੀਂ ਹੋ ਸਕੀ।
ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਦੱਸਿਆ ਕਿ ਹੁਣ ਇਸ ਕੇਸ ਦੀ ਸੁਣਵਾਈ ਦਸ ਜੁਲਾਈ ਨੂੰ ਹੋਵੇਗੀ। ਕਰੋਨਾ ਮੱਦੇਨਜ਼ਰ ਮੁਹਾਲੀ ਦੀਆਂ ਸਾਰੀਆਂ ਅਦਾਲਤਾਂ ਵਿੱਚ ਛੁੱਟੀਆਂ ਹਨ ਅਤੇ ਜੱਜ ਘਰੋਂ ਅਦਾਲਤਾਂ ਚਲਾ ਰਹੇ ਹਨ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜੁਡੀਸ਼ਲ ਮੈਜਿਸਟਰੇਟ ਨੂੰ ਅਦਾਲਤੀ ਕੰਮ ਲਈ ਡਿਊਟੀ ਮੈਜਿਸਟਰੇਟ ਵਜੋਂ ਤਾਇਨਾਤ ਕੀਤਾ ਗਿਆ ਹੈ, ਜਦੋਂਕਿ ਨਾਇਬ ਕੋਰਟ ਮੁਲਾਜ਼ਮਾਂ ਸਮੇਤ ਹੋਰ ਕਰਮਚਾਰੀਆਂ ਨੂੰ ਅਗਲੇ ਹੁਕਮਾਂ ਤੱਕ ਲੋੜ ਅਨੁਸਾਰ ਵੱਖ-ਵੱਖ ਥਾਣਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ।
ਉਧਰ ਪੰਜਾਬ ਸਰਕਾਰ ਨੇ ਸ਼ਿਕਾਇਤਕਰਤਾ ਰਣਜੀਤ ਸਿੰਘ ਵਾਸੀ ਪਿੰਡ ਬੁਰਜ ਸਿੰਘ ਵਾਲਾ ਅਤੇ ਗੁਰਦੁਆਰੇ ਦੇ ਗ੍ਰੰਥੀ ਗੋਰਾ ਸਿੰਘ ਤੋਂ ਪੁਲੀਸ ਸੁਰੱਖਿਆ ਵਾਪਸ ਲੈ ਗਈ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਪਹਿਲਾਂ ਵੀ ਉਨ੍ਹਾਂ ਨੇ ਪੁਲੀਸ ਜਾਂ ਸਰਕਾਰ ਤੋਂ ਕੋਈ ਸੁਰੱਖਿਆ ਨਹੀਂ ਮੰਗੀ ਸੀ। ਇਸੇ ਦੌਰਾਨ ਬਰਗਾੜੀ ਪੁਲੀਸ ਦੇ ਨਵੇਂ ਇੰਚਾਰਜ ਅਤੇ ਬਾਜਾਖਾਨਾ ਥਾਣਾ ਦੇ ਨਵੇਂ ਥਾਣਾ ਮੁਖੀ ਨੇ ਸ਼ਿਕਾਇਤਕਰਤਾ ਨਾਲ ਤਾਲਮੇਲ ਕਰਕੇ ਸਮੁੱਚੇ ਘਟਨਾਕ੍ਰਮ ਬਾਰੇ ਮੁੱਢਲੀ ਜਾਂਚ ਹਾਸਲ ਕੀਤੀ।
ਸ੍ਰੀ ਰਣਜੀਤ ਸਿੰਘ ਬੁਰਜ ਸਿੰਘ ਵਾਲਾ ਅਤੇ ਗ੍ਰੰਥੀ ਗੋਰਾ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਜਲਦੀ ਇਨਸਾਫ਼ ਚਾਹੁੰਦੇ ਹਨ। ਉਨ੍ਹਾਂ ਨੂੰ ਇਸ ਗੱਲ ਤੋਂ ਕੁਝ ਨਹੀਂ ਲੈਣਾ ਹੈ ਕਿ ਮਾਮਲੇ ਦੀ ਜਾਂਚ ਸੀਬੀਆਈ ਜਾਂ ਪੰਜਾਬ ਪੁਲੀਸ ਕਰੇ, ਜਿਹੜੀ ਵੀ ਏਜੰਸੀ ਮਾਮਲੇ ਦੀ ਜਾਂਚ ਕਰੇ ਉਹ ਪੂਰੀ ਇਮਾਨਦਾਰੀ ਨਾਲ ਇਸ ਕੇਸ ਨੂੰ ਛੇਤੀ ਕਿਸੇ ਕੰਢੇ ਲਾਵੇ, ਕਿਉਂਕਿ ਵਿਸ਼ਵ ਭਰ ਦੇ ਸਿੱਖ ਬੜੀ ਬੇਸਬਰੀ ਨਾਲ ਫੈਸਲੇ ਦੀ ਉਡੀਕ ਕਰ ਰਹੇ ਹਨ।