ਸ਼ਹੀਦ ਰਾਜਵਿੰਦਰ ਸਿੰਘ ਦਾ ਜੱਦੀ ਪਿੰਡ ਦੋਦੜਾ ’ਚ ਸਸਕਾਰ

ਸਮਾਣਾ (ਸਮਾਜਵੀਕਲੀ) : ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਵਿਚ ਬੀਤੇ ਦਿਨ ਅਤਿਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਏ ਪਿੰਡ ਦੋਦੜਾ ਦੇ ਵਸਨੀਕ ਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ (29) ਦਾ ਸਸਕਾਰ ਅੱਜ ਊਨ੍ਹਾਂ ਦੇ ਜੱਦੀ ਪਿੰਡ ਦੋਦੜਾ ਵਿਚ ਕੀਤਾ ਗਿਆ। ਸ਼ਹੀਦ ਦੇ ਪਿਤਾ ਅਵਤਾਰ ਸਿੰਘ, ਮਾਤਾ ਮਹਿੰਦਰ ਕੌਰ, ਵੱਡੇ ਭਰਾ ਬਲਵੰਤ ਸਿੰਘ ਨੇ ਸ਼ਹੀਦ ਨੂੰ ਸਲਾਮੀ ਦਿੱਤੀ।

ਕਸ਼ਮੀਰ ਤੋਂ ਭਾਰਤੀ ਫ਼ੌਜ ਦੇ ਵਿਸ਼ੇਸ਼ ਜਹਾਜ਼ ਰਾਹੀਂ ਨਾਇਕ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਹਿਲਾਂ ਚੰਡੀਗੜ੍ਹ ਤੇ ਊੱਥੋਂ ਪਟਿਆਲਾ ਮਿਲਟਰੀ ਸਟੇਸ਼ਨ ਲਿਆਂਦੀ ਗਈ। ਪਟਿਆਲਾ ਤੋਂ ਵੱਡੇ ਕਾਫ਼ਲੇ ਨਾਲ ਮ੍ਰਿਤਕ ਦੇਹ ਪਿੰਡ ਦੋਦੜਾ ਲਿਆਂਦੀ ਗਈ, ਜਿੱਥੇ ਸਰਕਾਰੀ ਤੇ ਫ਼ੌਜੀ ਸਨਮਾਨਾਂ ਨਾਲ ਨਾਇਕ ਰਾਜਵਿੰਦਰ ਸਿੰਘ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ ਐੱਸਡੀਐੱਮ ਨਾਭਾ ਕਾਲਾ ਰਾਮ ਕਾਂਸਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਲੋਕ ਸਭਾ ਮੈਂਬਰ ਪਟਿਆਲਾ ਪਰਨੀਤ ਕੌਰ ਵੱਲੋਂ ਉਨ੍ਹਾਂ ਦੇ ਨਿਜੀ ਸਕੱਤਰ ਬਲਵਿੰਦਰ ਸਿੰਘ, ਭਾਰਤੀ ਫ਼ੌਜ ਦੇ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਵੱਲੋਂ ਪਟਿਆਲਾ ਸਟੇਸ਼ਨ ਦੇ ਕਮਾਂਡਰ ਬ੍ਰਿਗੇਡੀਅਰ ਪ੍ਰਤਾਪ ਸਿੰਘ ਰਾਣਾਵਤ, ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਭਾਰਤੀ ਫ਼ੌਜ ਦੇ ਜਵਾਨਾਂ ਨੇ ਹਥਿਆਰ ਉਲਟੇ ਕਰ ਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰ ਕੇ ਸ਼ਹੀਦ ਨੂੰ ਸਲਾਮੀ ਦਿੱਤੀ।

ਪਟਿਆਲਾ ਮਿਲਟਰੀ ਸਟੇਸ਼ਨ ਦੇ ਕਮਾਂਡਰ ਬ੍ਰਿਗੇਡੀਅਰ ਪ੍ਰਤਾਪ ਸਿੰਘ ਰਾਣਾਵਤ ਨੇ ਸ਼ਹੀਦ ਦੇ ਤਾਬੂਤ ‘ਤੇ ਲਿਪਟਿਆ ਤਿਰੰਗਾ ਸ਼ਹੀਦ ਦੇ ਮਾਤਾ ਮਹਿੰਦਰ ਕੌਰ ਅਤੇ ਪਿਤਾ ਅਵਤਾਰ ਸਿੰਘ ਨੂੰ ਸੌਂਪਿਆ। ਡਿਪਟੀ ਕਮਿਸ਼ਨਰ ਪਟਿਆਲਾ  ਕੁਮਾਰ ਅਮਿਤ ਦੀ ਤਰਫ਼ੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ  ਇਸ਼ਵਿੰਦਰ ਸਿੰਘ ਗਰੇਵਾਲ, ਐੱਸਪੀ ਟ੍ਰੈਫਿਕ ਤੇ ਸੁਰੱਖਿਆ ਪਲਵਿੰਦਰ ਸਿੰਘ ਚੀਮਾ,  ਤਹਿਸੀਲਦਾਰ  ਸੰਦੀਪ ਸਿੰਘ, ਕਰਨਲ ਉਠੱਈਆ, ਲੈਫਟੀਨੈਂਟ ਕਰਨਲ ਅਨਿਲ ਪੁੰਨ, ਮੇਜਰ ਰਮੇਸ਼ ਭੱਟ, ਸੂਬੇਦਾਰ ਹਰਪ੍ਰੀਤ ਸਿੰਘ, ਸੂਬੇਦਰ ਮੈਨਪਾਲ ਸਿੰਘ, ਲਾਂਸ ਨਾਇਕ ਧਰਮਿੰਦਰ, ਸੈਨਿਕ ਅਕਾਸ਼, ਡੀਏਵੀ ਸਕੂਲ ਦੇ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ, ਪੰਜਾਬ ਏਕਤਾ ਪਾਰਟੀ ਦੇ ਜਰਨਲ ਸਕੱਤਰ ਰਛਪਾਲ ਸਿੰਘ ਜੌੜਾਮਾਜਰਾ, ਸਰਪੰਚ ਪਰਮਜੀਤ ਕੌਰ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਸ਼ਹੀਦ ਰਾਜਵਿੰਦਰ ਸਿੰਘ ਦੇ ਸਸਕਾਰ ਮੌਕੇ ਪੁੱਜੇ ਲੋਕਾਂ ਨੇ ‘ਸ਼ਹੀਦ ਰਾਜਵਿੰਦਰ ਸਿੰਘ ਅਮਰ ਰਹੇ’ ਦੇ ਨਾਅਰੇ ਲਾਉਂਦਿਆਂ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ।

Previous articleਗੈਂਗਸਟਰ ਵਿਕਾਸ ਦੂਬੇ ਉੱਜੈਨ ਤੋਂ ਗ੍ਰਿਫ਼ਤਾਰ
Next articleਅਮਰਿੰਦਰ ਵੱਲੋਂ ਸੁਖਬੀਰ ਨੂੰ ਕੇਂਦਰ ਨਾਲੋਂ ਗੱਠਜੋੜ ਤੋੜਨ ਦੀ ਚੁਣੌਤੀ