ਮੁੰਬਈ (ਸਮਾਜਵੀਕਲੀ) : ਭਾਜਪਾ ’ਤੇ ਹਮਲਾ ਬੋਲਦਿਆਂ ਰਾਸ਼ਟਰੀ ਕਾਂਗਰਸ ਪਾਰਟੀ ਪ੍ਰਧਾਨ ਸ਼ਰਦ ਪਵਾਰ ਨੇ ਕਿਹਾ ਕਿ ਨੇਤਾਵਾਂ ਨੂੰ ਵੋਟਰਾਂ ਨੂੰ ਨਜ਼ਰਅੰਦਾਜ਼ ਕਰਨ ਦੀ ਭੁੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਇੰਦਰਾ ਗਾਂਧੀ ਅਤੇ ਅਟਲ ਬਿਹਾਰੀ ਵਾਜਪਾਈ ਵਰਗੇ ਪ੍ਰਭਾਵਸ਼ਾਲੀ ਆਗੂਆਂ ਨੂੰ ਵੀ ਚੋਣਾਂ ਵਿੱਚ ਹਾਰ ਝੱਲਣੀ ਪਈ ਸੀ।
ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਬੀਤੇ ਵਰ੍ਹੇ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਮੀ ਪੁਨ: ਯੇਨ’ (ਮੈਂ ਦੁਬਾਰਾ ਆਵਾਂਗਾ) ਦਾ ਰਾਗ ਅਲਾਪਣ ਦੀ ਆਲੋਚਨਾ ਕਰਦਿਆਂ, ‘‘ਪਵਾਰ ਨੇ ਕਿਹਾ ਕਿ ਵੋਟਰਾਂ ਨੇ ਸੋਚਿਆ ਕਿ ਉਸ ਵਿੱਚ ਹੰਕਾਰ ਆ ਗਿਆ ਹੈ ਅਤੇ ਮਹਿਸੂਸ ਕੀਤਾ ਕਿ ਉਸ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ।’’
ਪਵਾਰ ਨੇ ਇਹ ਵੀ ਕਿਹਾ ਕਿ ਊਧਵ ਠਾਕਰੇ ਦੀ ਅਗਵਾਈ ਵਾਲੇ ਮਹਾਂ ਵਿਕਾਸ ਅਗਾੜੀ ਦੇ ਭਾਈਵਾਲਾਂ- ਸ਼ਿਵਸੈਨਾ, ਰਾਸ਼ਟਰੀ ਕਾਂਗਰਸ ਪਾਰਟੀ ਅਤੇ ਕਾਂਗਰਸ ਵਿਚਾਲੇ ਮਤਭੇਦਾਂ ਦੀਆਂ ਖ਼ਬਰਾਂ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਮਹਾਰਾਸ਼ਟਰ ਵਿਕਾਸ ਅਗਾੜੀ ਦੇ ਨਾ ਤਾਂ ਹੈੱਡਮਾਸਟਰ ਹਨ ਤੇ ਨਾ ਹੀ ਰਿਮੋਟ ਕੰਟਰੋਲ। ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰ ਠਾਕਰੇ ਅਤੇ ਉਨ੍ਹਾਂ ਦੇ ਮੰਤਰੀ ਚਲਾ ਰਹੇ ਹਨ।