ਐਸ.ਏ.ਐਸ. ਨਗਰ (ਮੁਹਾਲੀ) (ਸਮਾਜਵੀਕਲੀ) : ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦਾ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਹਾਲਾਂਕਿ ਬੀਤੀ 7 ਜੁਲਾਈ ਨੂੰ ਮੁਹਾਲੀ ਅਦਾਲਤ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਕਾਂਗਰਸੀ ਆਗੂ ਜਸਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਗੁਰਦੁਆਰਾ ਪ੍ਰਬੰਧ ਵਿੱਚ ਕਿਸੇ ਕਿਸਮ ਦੀ ਦਖ਼ਲਅੰਦਾਜ਼ੀ ਕਰਨ ’ਤੇ ਰੋਕ ਲਗਾਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 18 ਜੁਲਾਈ ਨੂੰ ਹੋਣੀ ਹੈ ਪਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸੁਪਰਡੈਂਟ ਵੱਲੋਂ ਇੱਕ ਚਿੱਠੀ ਜਾਰੀ ਕਰਨ ਨਾਲ ਇਹ ਮਾਮਲਾ ਫਿਰ ਤੋਂ ਭਖ ਗਿਆ ਹੈ।
ਐੱਸਜੀਪੀਸੀ ਦੇ ਪੱਤਰ ਵਿੱਚ ਸੰਗਤ ਦੀ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਗੁਰਦੁਆਰਾ ਸਾਹਿਬ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਨੂੰ ਦੇਣ ਦੀ ਮੰਗ ’ਤੇ ਅਕਾਲ ਤਖ਼ਤ ਦੇ ਜਥੇਦਾਰ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਹੇਠ ਚਾਰ ਮੈਂਬਰੀ ਵਿਸ਼ੇਸ਼ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਐੱਸਜੀਪੀਸੀ ਦੇ ਵਧੀਕ ਸਕੱਤਰ ਸੁਖਵਿੰਦਰ ਸਿੰਘ, ਪਟਿਆਲਾ ਜ਼ਿਲ੍ਹੇ ਦੇ ਦੋ ਮੈਂਬਰ ਜਸਮੇਰ ਸਿੰਘ ਲਾਛੜੂ ਤੇ ਜਰਨੈਲ ਸਿੰਘ ਕਰਤਾਰਪੁਰ ਸ਼ਾਮਲ ਹਨ। ਪੱਤਰ ਵਿੱਚ ਐੱਸਜੀਪੀਸੀ ਦੇ ਮੈਨੇਜਰ ਨੂੰ ਗੁਰਦੁਆਰਾ ਫੇਜ਼-4 ਦਾ ਪ੍ਰਬੰਧ ਸੰਭਾਲਣ ਲਈ ਕਿਹਾ ਗਿਆ ਹੈ। ਉੱਧਰ, ਪੀੜਤ ਪੱਤਰਕਾਰ ਮੇਜਰ ਸਿੰਘ ਪੰਜਾਬੀ ਨੂੰ ਵੀ ਅਦਾਲਤੀ ਸੰਮਨ ਸੌਂਪੇ ਗਏ ਹਨ।
ਇਸ ਸਬੰਧੀ ਗੁਰਦੁਆਰਾ ਕਲਗੀਧਰ ਸਭਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਨੇ ਰੂਪਨਗਰ ਦੇ ਆਈਜੀ ਸਮੇਤ ਮੁਹਾਲੀ ਦੇ ਡਿਪਟੀ ਕਮਿਸ਼ਨਰ, ਐੱਸਐੱਸਪੀ, ਐੱਸਡੀਐੱਮ ਅਤੇ ਐੱਸਐੱਚਓ ਨੂੰ ਪੱਤਰ ਲਿਖ ਕੇ ਸ਼ਿਕਾਇਤ ਭੇਜੀ ਗਈ ਹੈ ਕਿ ਕੁਝ ਹਥਿਆਰਬੰਦ ਵਿਅਕਤੀਆਂ ਨੇ ਪਿਛਲੀ ਰਾਤ ਗੁਰਦੁਆਰੇ ਪਹੁੰਚ ਕੇ ਕਥਿਤ ਤੌਰ ’ਤੇ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ ਹੈ ਅਤੇ ਗੁਰਦੁਆਰੇ ਦੇ ਨੋਟਿਸ ਬੋਰਡ ’ਤੇ ਚਿਪਕਾਏ ਗਏ ਅਦਾਲਤੀ ਹੁਕਮਾਂ ਦੀ ਕਾਪੀ ਵੀ ਫਾੜ ਦਿੱਤੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਵਾਈ ਜਾਵੇ।
ਉਧਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਗੁਰਦੁਆਰਾ ਅੰਬ ਸਾਹਿਬ ਜਾਂ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਸੇਵਾਦਾਰ ਗੁਰਦੁਆਰਾ ਫੇਜ਼-4 ਵਿੱਚ ਨਹੀਂ ਗਿਆ ਹੈ। ਜੇਕਰ ਗੁਰਦੁਆਰੇ ਵਿੱਚ ਕੁਝ ਹੋਇਆ ਹੈ ਤਾਂ ਉਹ ਸੰਗਤ ਦੀ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਵਿਵਾਦ ਦੇ ਹੱਲ ਲਈ ਐੱਸਜੀਪੀਸੀ ਵੱਲੋਂ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਦੀ ਸੋਮਵਾਰ ਨੂੰ ਮੀਟਿੰਗ ਹੋਣੀ ਹੈ। ਇਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।