ਕਾਹਨੂੰਵਾਨ (ਸਮਾਜ ਵੀਕਲੀ) : ਇਥੇ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਰੋਧ ’ਚ ਜਾ ਕੇ ਅੰਮ੍ਰਿਤਪਾਨ ਕਰਵਾਉਣ ਦੀ ਘਟਨਾ ਨੂੰ ਸਾਬਕਾ ਸਿੱਖਿਆ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਮੰਦਭਾਗੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਦੇ ਜਿਸ ਸਥਾਨ ’ਤੇ ਇਹ ਕਾਰਵਾਈ ਕੀਤੀ ਗਈ ਹੈ ਉਹ ਗੁਰੂਘਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਹੈ, ਜਿਸ ਤੋਂ ਇਹ ਗੱਲ ਸਾਫ਼ ਹੁੰਦੀ ਹੈ ਕਿ ਇਹ ਕਾਰਵਾਈ ਅਕਾਲੀ ਦਲ ਬਾਦਲ ਦੀ ਹਾਈ ਕਮਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਸ਼ਹਿ ਨਾਲ ਹੋਈ ਹੈ। ਇਹ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਦੇਣ ਵਾਲੀ ਗੱਲ ਹੈ।
ਊਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਗੁਰਿੰਦਰਪਾਲ ਸਿੰਘ ਗੋਰਾ ਅਤੇ ਰਤਨ ਸਿੰਘ ਜਫ਼ਰਵਾਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ। ਜਥੇਦਾਰ ਸੇਖਵਾਂ ਨੇ ਮੰਗ ਕੀਤੀ ਕਿ ਸੁੱਚਾ ਸਿੰਘ ਲੰਗਾਹ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਉੱਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰੂਘਰਾਂ ਵਿੱਚ ਅੰਮ੍ਰਿਤ ਦੀ ਦਾਤ ਸ਼੍ਰੋਮਣੀ ਕਮੇਟੀ ਦੁਆਰਾ ਨਿਯੁਕਤ ਕੀਤੇ ਪੰਜ ਪਿਆਰਿਆਂ ਦੁਆਰਾ ਹੀ ਬਖ਼ਸ਼ੀ ਜਾਂਦੀ ਹੈ ਪਰ ਇੱਥੇ ਇਸ ਮਰਿਆਦਾ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ।