ਅੰਮ੍ਰਿਤਸਰ (ਸਮਾਜ ਵੀਕਲੀ) : ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਅੱਜ ਇਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਤਬਦੀਲੀ ਦੇ ਮਾਮਲੇ ਵਿੱਚ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲ ਤਖ਼ਤ ਤੇ ਤਲਬ ਕੀਤਾ ਜਾਵੇ ਅਤੇ ਉਨ੍ਹਾਂ ਕੋਲੋਂ ਪੁੱਛਿਆ ਜਾਵੇ ਕਿ ਹੁਣ ਤੱਕ ਇਹ ਤਬਦੀਲੀਆਂ ਕਿਉਂ ਨਹੀਂ ਕੀਤੀਆਂ।
ਉਨ੍ਹਾਂ ਕੋਲੋਂ ਗੁਰਦੁਆਰੇ ਦਾ ਪ੍ਰਬੰਧ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ। ਉਨ੍ਹਾਂ ਕਿਹਾ ਕਿ ਗਿਆਰਾਂ ਸਾਲ ਪਹਿਲਾਂ ਅਕਾਲ ਤਖ਼ਤ ਵੱਲੋਂ ਇਸ ਸਬੰਧ ਵਿਚ ਆਦੇਸ਼ ਕੀਤੇ ਗਏ ਸਨ ਪਰ ਉਨ੍ਹਾਂ ਆਦੇਸ਼ਾਂ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਹ ਇਸ ਮਾਮਲੇ ’ਤੇ ਕਈ ਵਾਰ ਰੋਸ ਪ੍ਰਦਰਸ਼ਨ ਵੀ ਕਰ ਚੁੱਕੇ ਹਨ ਅਤੇ ਭੁੱਖ ਹੜਤਾਲ ਵੀ ਕੀਤੀ ਹੈ। ਉਨ੍ਹਾਂ ਦੇ ਨਾਲ ਆਏ ਸਾਥੀਆਂ ਨੇ ਆਪਣੀ ਇਸ ਮੰਗ ਸਬੰਧੀ ਬੈਨਰ ਅਤੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ।