ਵਜ਼ੀਫ਼ਾ ਘੁਟਾਲਾ: ਕੈਪਟਨ ਵੱਲੋਂ ਮੁੱਖ ਸਕੱਤਰ ਨੂੰ ਜਾਂਚ ਦੇ ਆਦੇਸ਼

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕਥਿਤ ਘੁਟਾਲੇ ਦੀ ਜਾਂਚ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੋਸ਼ੀ ਮਿਲਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ ’ਤੇ ਬੈਠੇ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਸਕਾਲਰਸ਼ਿਪ ਮਾਮਲੇ ਦੀ ਨਿਰਪੱਖ ਪੜਤਾਲ ਅਤੇ ਪੂਰਨ ਜਾਂਚ ਤੋਂ ਬਿਨਾਂ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ, ਜਿਸ ਕਾਰਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਹਾਲੇ ਦੋਸ਼ੀ ਨਹੀਂ ਆਖਿਆ ਜਾ ਸਕਦਾ।

ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਉਹ ਸ਼ਰਾਰਤੀ ਪਾਰਟੀ ਵਾਂਗ ਵਿਵਹਾਰ ਕਰਦੀ ਹੋਈ ਇਸ ਮਾਮਲੇ ਵਿੱਚ ਬਿਨਾਂ ਪੂਰਨ ਜਾਂਚ ਦੇ ਸਾਧੂ ਸਿੰਘ ਧਰਮਸੋਤ ’ਤੇ ਦੋਸ਼ ਲਾਉਂਦੀ ਹੋਈ ਰੌਲਾ ਪਾ ਰਹੀ ਹੈ। ਉਨ੍ਹਾਂ ‘ਆਪ’ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਕੀਤੀ ਮੰਗ ਨੂੰ ਪੂਰੀ ਤਰ੍ਹਾਂ ਅਣਅਧਿਕਾਰਤ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਜਾਂਚ ਪੂਰੀ ਹੋਏ ਬਿਨਾਂ ਆਪਣੇ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਾਧੂ ਸਿੰਘ ਧਰਮਸੋਤ ਖ਼ੁਦ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਇਸ ਮਾਮਲੇ ਵਿੱਚ ਹਰੇਕ ਜਾਂਚ ਲਈ ਤਿਆਰ ਹਨ।

ਦੱਸਣਯੋਗ ਹੈ ਕਿ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ 63 ਕਰੋੜ ਰੁਪਏ ਦੇ ਕਥਿਤ ਘੁਟਾਲੇ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਲੋਕ ਇਨਸਾਫ਼ ਪਾਰਟੀ ਵੱਲੋਂ ਲੰਘੇ ਦਿਨ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ ਸੀ।

Previous articleਰਾਸ਼ਟਰਪਤੀ ਨੇ 74 ਖਿਡਾਰੀਆਂ ਨੂੰ ਆਨਲਾਈਨ ਖੇਡ ਪੁਰਸਕਾਰ ਵੰਡੇ
Next articleਦੇਸ਼ ’ਚ ਕਰੋਨਾ ਪੀੜਤਾਂ ਦਾ ਅੰਕੜਾ 34 ਲੱਖ ਤੋਂ ਪਾਰ