ਐੱਸਏਐੱਸ ਨਗਰ (ਮੁਹਾਲੀ) (ਸਮਾਜ ਵੀਕਲੀ) : ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਦੀ ਬਦੌਲਤ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਮੁਹਾਲੀ ਦੇ ਕਿਰਤ ਭਵਨ ਵਿੱਚ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਪੈਨਲ ਮੀਟਿੰਗ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਚਰਚਾ ਕਰਦਿਆਂ ਪਾਵਰਕੌਮ ਦੇ ਬਰਖ਼ਾਸਤ ਠੇਕਾ ਕਾਮਿਆਂ ਦੀ ਬਹਾਲੀ, ਛਾਂਟੀ ਨੀਤੀ ਨੂੰ ਰੱਦ ਕਰਨ ਸਮੇਤ ਡਿਊਟੀ ਦੌਰਾਨ ਫੌਤ ਅਤੇ ਅਪਾਹਜ ਹੋਏ ਮੁਲਾਜ਼ਮਾਂ ਦੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਮਨਜ਼ੂਰ ਕੀਤੀ ਗਈ ਹੈ।
ਮੀਟਿੰਗ ਵਿੱਚ ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਜੰਜੂਆ, ਕਿਰਤ ਕਮਿਸ਼ਨਰ ਪੰਜਾਬ ਪ੍ਰਵੀਨ ਕੁਮਾਰ ਥਿੰਦ, ਵਧੀਕ ਕਿਰਤ ਕਮਿਸ਼ਨਰ ਮੋਨਾ ਪੁਰੀ, ਪਾਵਰਕੌਮ ਦੇ ਪ੍ਰਬੰਧਕੀ ਡਾਇਰੈਕਟਰ ਆਰ.ਪੀ. ਪਾਂਡਵ, ਸਕੱਤਰ ਬਲਵਿੰਦਰ ਸਿੰਘ ਗੁਰਮ ਅਤੇ ਠੇਕਾ ਮੁਲਾਜ਼ਮ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ, ਸਰਕਲ ਪ੍ਰਧਾਨ ਚੌਧਰ ਸਿੰਘ, ਡਵੀਜ਼ਨ ਪ੍ਰਧਾਨ ਸ਼ਿਵ ਸੰਕਰ ਸ਼ਾਮਲ ਸਨ। ਇਸ ਮੌਕੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਸਬੰਧੀ ਪ੍ਰਕਿਰਿਆ ਜਾਰੀ ਹੈ ਪ੍ਰੰਤੂ ਕਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਸੰਕਟ ਦੇ ਚੱਲਦਿਆਂ ਇਹ ਕੰਮ ਪਛੜ ਜ਼ਰੂਰ ਗਿਆ।