ਨਵੀਂ ਦਿੱਲੀ (ਸਮਾਜ ਵੀਕਲੀ) : ਰੱਖਿਆ ਮੰਤਰੀ ਰਾਜਨਾਥ ਸਿੰਘ ਪੂਰਬੀ ਲੱਦਾਖ ਵਿੱਚ ਚੀਨ ਨਾਲ ਜਾਰੀ ਸਰਹੱਦੀ ਤਣਾਅ ਦਰਮਿਆਨ ਵੀਰਵਾਰ ਨੂੰ ਰਾਜ ਸਭਾ ਵਿੱਚ ਬਿਆਨ ਦੇਣਗੇ। ਸੂਤਰਾਂ ਮੁਤਾਬਕ ਰੱਖਿਆ ਮੰਤਰੀ ਦੇ ਬਿਆਨ ਮਗਰੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਬੋਲਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਲੋੜ ਪੈਣ ’ਤੇ ਰੱਖਿਆ ਮੰਤਰੀ ਸਪਸ਼ਟੀਕਰਨ ਵੀ ਦੇਣਗੇ।
ਸੂਤਰਾਂ ਮੁਤਾਬਕ ਇਹ ਫੈਸਲਾ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਸਦਨ ਦੇ ਆਗੂ ਥਾਵਰਚੰਦ ਗਹਿਲੋਤ ਦੀ ਮੌਜੂਦਗੀ ਵਿੱਚ ਰਾਜ ਸਭਾ ਵਿੱਚ ਵੱਖ ਵੱਖ ਪਾਰਟੀਆਂ ਦੇ ਆਗੂਆਂ ਨਾਲ ਹੋਈ ਮੀਟਿੰਗ ’ਚ ਲਿਆ ਗਿਆ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਮੰਗਲਵਾਰ ਨੂੰ ਇਸ ਮੁੱਦੇ ’ਤੇ ਲੋਕ ਸਭਾ ਵਿੱਚ ਬਿਆਨ ਦੇ ਚੁੱਕੇ ਹਨ। ਉਂਜ ਸਰਬ ਪਾਰਟੀ ਮੀਟਿੰਗ ਦੌਰਾਨ ਵਿਰੋਧੀ ਧਿਰਾਂ ਨੇ ਖੇਤੀ ਸੈਕਟਰ ਨਾਲ ਸਬੰਧਤ ਬਿਲਾਂ ਨੂੰ ਤਫ਼ਸੀਲੀ ਜਾਂਚ-ਪੜਤਾਲ ਲਈ ਸੰਸਦੀ ਕਮੇਟੀਆਂ ਕੋਲ ਭੇਜਣ ਦੀ ਮੰਗ ਕੀਤੀ।
ਗੌਰਤਲਬ ਹੈ ਕਿ ਸਰਕਾਰ ਨੇ ਕਿਸਾਨ ਤੇ ਹੋਰਨਾਂ ਧਿਰਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਸੋਮਵਾਰ ਨੂੰ ਖੇਤੀ ਸੈਕਟਰ ਨਾਲ ਸਬੰਧਤ ਤਿੰਨ ਬਿਲਾਂ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਸੀ। ਇਨ੍ਹਾਂ ਵਿੱਚੋਂ ਇਕ ਬਿੱਲ (ਜ਼ਰੂਰੀ ਵਸਤਾਂ (ਸੋਧ) ਬਿੱਲ) ਐੱਨਡੀਏ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਤੇ ਹੋਰਨਾਂ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਮੰਗਲਵਾਰ ਨੂੰ ਲੋਕ ਸਭਾ ਵਿੱਚ ਪਾਸ ਹੋ ਗਿਆ। ਸੂਤਰਾਂ ਮੁਤਾਬਕ ਸਰਕਾਰ ਤੇ ਵਿਰੋਧੀ ਧਿਰਾਂ ਨੇ ਜੀਐੱਸਟੀ, ਅਰਥਚਾਰੇ ਤੇ ਕੌਮੀ ਸਿੱਖਿਆ ਨੀਤੀ 2020 ’ਤੇ ਵਿਚਾਰ ਚਰਚਾ ਲਈ ਸਹਿਮਤੀ ਦਿੱਤੀ ਹੈ।