ਜੰਡਿਆਲਾ ਗੁਰੂ (ਸਮਾਜ ਵੀਕਲੀ) : ਅੰਮ੍ਰਿਤਸਰ-ਜਲੰਧਰ ਰੇਲ ਮਾਰਗ ’ਤੇ ਦੇਵੀਦਾਸਪੁਰ ਰੇਲ ਪਟੜੀਆਂ ਉਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਰੇਲ ਰੋਕੋ ਅੰਦੋਲਨ 20ਵੇਂ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨਾਂ ਨੇ ਰੇਲ ਪਟੜੀਆਂ ’ਤੇ ਟਰੈਕਟਰ ਖੜ੍ਹੇ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਅੰਦੋਲਨ ਵਿਚ ਸ਼ਰਾਰਤੀ ਅਨਸਰ ਦਾਖ਼ਲ ਕਰਵਾ ਕੇ ਹਿੰਸਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਰੇਲ ਰੋਕੋ ਅੰਦੋਲਨ ਸਹੀ ਦਿਸ਼ਾ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਅੰਦੋਲਨ ਪ੍ਰਤੀ ਹਮਦਰਦੀ ਖਤਮ ਕਰਨ ਲਈ ਅੰਦੋਲਨ ’ਚ ਸ਼ਰਾਰਤੀ ਅਨਸਰਾਂ ਨੂੰ ਭੇਜ ਕੇ ਹਿੰਸਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਪ੍ਰਚਾਰ ਮਾਧਿਅਮ ਰਾਹੀਂ ਸੰਘਰਸ਼ ਵਿਚ ਫੁੱਟ ਸਾਬਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਜਦਕਿ ਕਿਸਾਨ ਅੰਦੋਲਨ ਕੇਂਦਰ ਦੀ ਨੀਂਦ ਹਰਾਮ ਕਰੀ ਬੈਠਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਆਗੂ ਤਰੁਣ ਚੁੱਘ ਦੇ ਬਿਆਨ ਪੰਜਾਬ ਦੀ ਅਮਨ-ਸ਼ਾਂਤੀ ਨੂੰ ਲਾਂਬੂ ਲਾਉਣ ਵਾਲੇ ਹਨ। ਕਿਸਾਨ ਆਗੂਆਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਨਿਖੇਧੀ ਕੀਤੀ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਰੂਪਾਂ ਦੀ ਰਾਖੀ ਸੰਗਤ ਖ਼ੁਦ ਕਰੇ। ਇਸ ਮੌਕੇ ਮੰਗਦੀਪ ਸਿੰਘ, ਅਮਰਦੀਪ ਸਿੰਘ, ਦਿਆਲ ਸਿੰਘ, ਜਵਾਹਰ ਸਿੰਘ, ਫ਼ਤਹਿ ਸਿੰਘ, ਅਜੀਤ ਸਿੰਘ, ਇਕਬਾਲ ਸਿੰਘ, ਲਖਵੀਰ ਸਿੰਘ, ਕੁਲਵੰਤ ਸਿੰਘ, ਹਰਭਿੰਦਰ ਸਿੰਘ ਨੇ ਸੰਬੋਧਨ ਕੀਤਾ।