ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹੁਸ਼ਿਆਰਪੁਰ ਵਿੱਚ ਹੋਏ ਹਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਸਕੱਤਰ ਤੋਂ ਇਸ ਬਾਰੇ ਵਿਸਥਾਰਤ ਰਿਪੋਰਟ ਮੰਗ ਲਈ ਹੈ। ਰਾਜਪਾਲ ਨੇ ਪੰਜਾਬ ਸਰਕਾਰ ਨੂੰ ਹਮਲਾਵਰਾਂ ਖ਼ਿਲਾਫ਼ ਫ਼ੌਰੀ ਕਾਰਵਾਈ ਕਰਨ ਦੀ ਵੀ ਹਦਾਇਤ ਕੀਤੀ ਹੈ। ਉਨ੍ਹਾਂ ਅਸ਼ਵਨੀ ਸ਼ਰਮਾ ਤੋਂ ਇਲਾਵਾ ਭਾਜਪਾ ਆਗੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਰਾਜਪਾਲ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਭਾਜਪਾ ਆਗੂਆਂ ਦਾ ਘਿਰਾਓ ਕਰਨ ਤੇ ਉਨ੍ਹਾਂ ਦਾ ਰਾਹ ਰੋਕਣ ਵਾਲੇ ਅਨਸਰਾਂ ਖ਼ਿਲਾਫ਼ ਐਕਸ਼ਨ ਲਏ। ਚੇਤੇ ਰਹੇ ਕਿ ਭਾਜਪਾ ਆਗੂ ਇਸ ਹਮਲੇ ਪਿੱਛੇ ਕਾਂਗਰਸ ਦਾ ਹੱਥ ਦੱਸ ਰਹੇ ਹਨ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਮਲੇ ਦੇ ਮੱਦੇਨਜ਼ਰ ਰਾਜ ਦੀ ਅਮਨ ਤੇ ਕਾਨੂੰਨ ਵਿਵਸਥਾ ਭੰਗ ਕਰਨ ਲਈ ਭਾਜਪਾ ਭੜਕਾਊ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਪਹਿਲਾਂ ਹੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਜੋਂ ਪਛਾਣ ਕਰ ਚੁੱਕੀ ਹੈ। ਕੈਪਟਨ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਆਪਣੀ ਪਾਰਟੀ ਦੇ ਹਿੱਤ ਅੱਗੇ ਵਧਾਉਣ ਲਈ ਕੂੜ ਪ੍ਰਚਾਰ ਫੈਲਾਉਣ ਲਈ ਪੱਬਾਂ ਭਾਰ ਹਨ ਤਾਂ ਜੋ ਖੇਤੀ ਕਾਨੂੰਨਾਂ ਬਾਰੇ ਭਾਜਪਾ ਖ਼ਿਲਾਫ਼ ਕਿਸਾਨਾਂ ਵਿਚ ਪੈਦਾ ਹੋਏ ਰੋਹ ਤੋਂ ਲੋਕਾਂ ਦਾ ਧਿਆਨ ਹਟਾਇਆ ਜਾ ਸਕੇ।
ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਲੋਕ ਗੁੰਮਰਾਹ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਪ੍ਰਦਰਸ਼ਨਾਂ ਦੌਰਾਨ ਭਾਜਪਾ ਨੇਤਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਬਣਦਾ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਦਾ ਸੁਰੱਖਿਆ ਘੇਰਾ ਵਧਾ ਦਿੱਤਾ ਗਿਆ ਹੈ ਅਤੇ ਕਮਾਂਡੋਜ਼ ਸਮੇਤ ਪੰਜਾਬ ਪੁਲੀਸ ਦੇ ਕੁੱਲ 16 ਜਵਾਨ ਇਸ ਵੇਲੇ ਭਾਜਪਾ ਆਗੂ ਨਾਲ ਤਾਇਨਾਤ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜਦੋਂ ਤੋਂ ਕਿਸਾਨ ਅੰਦੋਲਨ ਤੇਜ਼ ਹੋਇਆ ਹੈ, ਪਿਛਲੇ 8-10 ਦਿਨਾਂ ਤੋਂ ਸਾਰੇ ਭਾਜਪਾ ਆਗੂਆਂ ਅਤੇ ਅਹੁਦੇਦਾਰਾਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਸਾਰੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਭਾਜਪਾ ਦੇ ਸੰਸਦ ਮੈਂਬਰਾਂ/ਵਿਧਾਇਕਾਂ/ ਨੇਤਾਵਾਂ ਦੇ ਦੌਰਿਆਂ ਅਤੇ ਪ੍ਰੋਗਰਾਮਾਂ ਬਾਰੇ ਅਗਾਊਂ ਜਾਣਕਾਰੀ ਲਈ ਭਾਜਪਾ ਨੇਤਾਵਾਂ ਨਾਲ ਸੰਪਰਕ ਕਾਇਮ ਰੱਖਣ ਲਈ ਕਿਹਾ ਗਿਆ ਹੈ।
ਇਸੇ ਦੌਰਾਨ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ’ਤੇ ਹਮਲੇ ਨਾਲ ਸਬੰਧਤ ਕੇਸ ਵਿੱਚ ਅਸ਼ਵਨੀ ਸ਼ਰਮਾ ਦੇ ਪੀਐੱਸਓ ਦੇ ਬਿਆਨਾਂ ’ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਨੈਸ਼ਨਲ ਹਾਈਵੇਜ਼ ਐਕਟ 1956 ਦੀ ਧਾਰਾ 8ਬੀ ਅਤੇ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।