ਪੰਜਾਬ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਤੇਜ਼

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਬਿਲਾਂ ਵਿਰੁੱਧ ਸ਼ੁਰੂ ਕੀਤੇ ਅੰਦੋਲਨ ਦੇ ਕੁਝ ਦਿਨ ਹੋਰ ਭਖਦਾ ਰਹਿਣ ਦੇ ਆਸਾਰ ਬਣ ਗਏ ਹਨ। ਨਵੀਂ ਦਿੱਲੀ ਵਿੱਚ ਕੇਂਦਰੀ ਖੇਤੀ ਮੰਤਰੀ ਸੰਜੈ ਅਗਰਵਾਲ ਨਾਲ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਕਿਸਾਨ ਆਗੂਆਂ ਨੇ ਪੰਜਾਬ ਵਿੱਚ ਧਰਨਿਆਂ ਦੌਰਾਨ ਕੇਂਦਰ ਅਤੇ ਭਾਜਪਾ ਆਗੂਆਂ ਵਿਰੁੱਧ ਗੁੱਸਾ ਕੱਢਿਆ। ਕੋਟਕਪੂਰਾ ਅਤੇ ਹੋਰਨਾਂ ਕਈ ਥਾਵਾਂ ’ਤੇ ਭਾਜਪਾ ਆਗੂ ਕਿਸਾਨਾਂ ਦੇ ਰੋਹ ਦਾ ਸ਼ਿਕਾਰ ਹੋਏ।

ਸੂਬੇ ਵਿੱਚ ਅੱਜ ਲਗਾਤਾਰ 14ਵੇਂ ਦਿਨ ਵੀ ਕਿਸਾਨਾਂ ਨੇ ਰੇਲ ਮਾਰਗਾਂ, ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਦੇ ਵਪਾਰਕ ਟਿਕਾਣਿਆਂ, ਪੈਟਰੋਲ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ। ਉਧਰ 24 ਸਤੰਬਰ ਤੋਂ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿੱਚ ਰੇਲ ਮਾਰਗਾਂ ’ਤੇ ਪੱਕਾ ਮੋਰਚਾ ਲਾਈ ਬੈਠੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਆਪਣਾ ਅੰਦੋਲਨ 17 ਅਕਤੂਬਰ ਤੱਕ ਵਧਾ ਦਿੱਤਾ ਹੈ। ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਪੰਜਾਬ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਭਵਿੱਖੀ ਰਣਨੀਤੀ ਘੜਨ ਲਈ ਵੀਰਵਾਰ ਨੂੰ ਚੰਡੀਗੜ੍ਹ ’ਚ ਮੀਟਿੰਗ ਸੱਦ ਲਈ ਹੈ।

ਕਿਸਾਨ ਆਗੂ. ਡਾ ਦਰਸ਼ਨ ਪਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਰੁਖ਼ ਮਗਰੋਂ ਕਿਸਾਨ ਭਵਿੱਖ ਦੀ ਰਣਨੀਤੀ ’ਤੇ ਗੰਭੀਰਤਾ ਨਾਲ ਵਿਚਾਰ ਕਰਨਗੇ ਤਾਂ ਜੋ ਅੰਦੋਲਨ ਨੂੰ ਹਰ ਹਾਲ ਸਫਲ ਬਣਾਇਆ ਜਾ ਸਕੇ। ਇਸੇ ਦੌਰਾਨ ਭਾਜਪਾ ਮੰਤਰੀਆਂ ਵੱਲੋਂ ਵੀ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ‘ਸਮਝਾਉਣ’ ਲਈ ਮੁਹਿੰਮ ਤਾਂ ਚਲਾਈ ਹੋਈ ਹੈ, ਪਰ ਹਾਲ ਦੀ ਘੜੀ ਕਿਸਾਨਾਂ ’ਤੇ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ।  ਕਿਸਾਨ ਜਥੇਬੰਦੀਆਂ ਦੇ ਸੀਨੀਅਰ ਆਗੂ ਭਾਵੇਂ ਦਿੱਲੀ ਦਰਬਾਰ ਨਾਲ ਮੀਟਿੰਗ ਲਈ ਗਏ ਸਨ, ਪਰ ਕਿਸਾਨਾਂ ਦੇ ਹੋਰਨਾਂ ਆਗੂਆਂ ਨੇ ਅੱਜ ਧਰਨਿਆਂ ਅਤੇ ਮੁਜ਼ਾਹਰਿਆਂ ਵਿੱਚ ਮੋਰਚਾ ਸੰਭਾਲੀ ਰੱਖਿਆ।

ਨਵੀਂ ਦਿੱਲੀ ਵਿੱਚ ਜਿਵੇਂ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਗੱਲਬਾਤ ਬੇਸਿੱਟਾ ਰਹਿਣ ਦਾ ਸੁਨੇਹਾ ਦਿੱਤਾ ਤਾਂ ਧਰਨਿਆਂ ’ਤੇ ਬੈਠੇ ਕਿਸਾਨ ਰੋਹ ਵਿੱਚ ਆ ਗਏ ਤੇ ਮੋਦੀ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਵਧਾ ਦਿੱਤੀ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਰੇਲ ਮਾਰਗਾਂ ਤੋਂ ਭਾਵੇਂ ਧਰਨੇ ਚੁੱਕਣ ਦਾ ਐਲਾਨ ਕੀਤਾ ਗਿਆ ਸੀ, ਪਰ ਇਸ ਜਥੇਬੰਦੀ ਦੀ ਅਗਵਾਈ ਹੇਠ ਅੱਜ ਵੀ ਕਿਸਾਨਾਂ ਨੇ ਟੌਲ ਪਲਾਜ਼ਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ।

Previous articleਭਾਜਪਾ ਪ੍ਰਧਾਨ ’ਤੇ ਹਮਲਾ ਮੈਂ ਕਰਵਾਇਆ: ਬਿੱਟੂ
Next articleਭਾਜਪਾ ਨੇ ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰਿਆ: ਸੁਖਬੀਰ