ਕਿਸਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਣਕ ਦੀਆਂ ਸਿਫ਼ਾਰਸ਼ ਸ਼ੁਦਾ ਕਿਸਮਾਂ ਹੀ ਬੀਜਣ -ਯਾਦਵਿੰਦਰ ਸਿੰਘ
ਕਪੂਰਥਲਾ (ਸਮਾਜ ਵੀਕਲੀ) (ਕੌੜਾ )-ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਜੀ ਦੇ ਹੁਕਮਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਨਾਜਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਸਬ ਡਵੀਜ਼ਨਲ ਮੈਜਿਸਟ੍ਰੇਟ ਟੀ ਬੈਨਥ ਦੇ ਹੁਕਮਾਂ ਦੀ ਪਾਲਣਾ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਡਾਲਾ ਵੱਲੋਂ ਬੋਪਾਰਾਏ ਵਿਖੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਆਈ ਟੀ ਸੀ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ ਸੁਪਰ ਸੀਡਰ ਨੂੰ ਖੇਤਾਂ ਵਿੱਚ ਚਲਾ ਕੇ ਪ੍ਰਦਰਸ਼ਨੀ ਵੀ ਦਿਖਾਈ ਗਈ ।
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਹਾ ਕਿ ਸਾਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ।
ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਵਾਤਾਵਰਨ ਵਿੱਚ ਜ਼ਹਿਰੀਲੀਆਂ ਗੈਸਾਂ ਫੈਲਦੀਆਂ ਹਨ ਅਤੇ ਸਾਹ ਵਾਲੀਆਂ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ । ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਖੇਤਾਂ ਵਿਚ ਹੀ ਦਬਾਉਣ ਨਾਲ ਜ਼ਮੀਨ ਵਿੱਚ ਜੈਵਿਕ ਮਾਦਾ ਵੱਧਦਾ ਹੈ ਅਤੇ ਖਾਦਾਂ ਦੇ ਖਰਚੇ ਘੱਟਦੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਵੱਧਦੀ ਹੇੈ। ਖੇਤੀਬਾਡ਼ੀ ਅਫਸਰ ਸੁਖਦੇਵ ਸਿੰਘ ਨੇ ਕਿਸਾਨਾਂ ਨਾਲ ਕਣਕ ਵਿੱਚ ਨਦੀਨ ਪ੍ਰਬੰਧ ਸਬੰਧੀ ਨੁਕਤੇ ਸਾਂਝੇ ਕੀਤੇ ।
ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਨਡਾਲਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫ਼ਾਰਿਸ਼ ਕੀਤੀਆਂ ਕਣਕ ਦੀਆਂ ਕਿਸਮਾਂ ਹੀ ਬੀਜਣ ।
ਖੇਤੀਬਾੜੀ ਵਿਸਥਾਰ ਅਫ਼ਸਰ ਸੁਰਜੀਤ ਸਿੰਘ ਨੇ ਕਿਸਾਨਾਂ ਨੂੰ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦਿੱਤੀ ।ਇਸ ਮੌਕੇ ਖੇਤੀਬਾੜੀ ਉਪ ਨਿਰੀਖਕ ਮੁਨੀਮ ਕੁਮਾਰ ਅਤੇ ਰਵਿੰਦਰ ਕੌਰ ਨੇ ਕਿਸਾਨਾਂ ਨੂੰ ਕਿਸਾਨ ਉਤਪਾਦਕ ਸੰਸਥਾ ਰਾਹੀਂ ਆਪਣੀ ਖੇਤੀ ਉਪਜ ਵੇਚਣ ਵਾਸਤੇ ਪ੍ਰੇਰਿਤ ਕੀਤਾ ।ਇਸ ਮੌਕੇ ਤੇ ਪਿੰਡ ਦੇ ਸਰਪੰਚ ਅਤੇ ਹੋਰ ਉੱਘੇ ਕਿਸਾਨ ਹਾਜ਼ਰ ਸਨ ।