ਐੱਸ.ਏ.ਐੱਸ. ਨਗਰ (ਮੁਹਾਲੀ) (ਸਮਾਜ ਵੀਕਲੀ) : ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰ ਕੇ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਧਾਰਾ 302, 364 ਸਮੇਤ ਹੋਰਨਾਂ ਸਖ਼ਤ ਧਾਰਾਵਾਂ ਤਹਿਤ ਦਰਜ ਅਪਰਾਧਿਕ ਕੇਸ ਰੱਦ ਕਰਨ ਅਤੇ ਪੱਕੀ ਜ਼ਮਾਨਤ ਦੇਣ ਬਾਰੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਪਹਿਲਾਂ ਦਿੱਤੀ ਆਰਜ਼ੀ ਜ਼ਮਾਨਤ ਨੂੰ ਬਰਕਰਾਰ ਰੱਖਦਿਆਂ ਦੋਵੇਂ ਮਾਮਲਿਆਂ ਦੀ ਅਗਲੀ ਸੁਣਵਾਈ 17 ਨਵੰਬਰ ਤੈਅ ਕੀਤੀ ਹੈ।
ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਸਮੁੱਚੇ ਮਾਮਲੇ ਦੀ ਤੈਅ ਤੱਕ ਜਾਣ ਲਈ ਸਾਬਕਾ ਡੀਜੀਪੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿਛ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਸੈਣੀ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਸਖ਼ਤੀ ਨਾਲ ਪੁੱਛਗਿਛ ਕੀਤੀ ਜਾਵੇ ਤਾਂ ਸਿੱਖ ਨੌਜਵਾਨ ਨੂੰ ਘਰ ਤੋਂ ਅਗਵਾ ਕਰ ਕੇ ਚੰਡੀਗੜ੍ਹ ਦੇ ਸੈਕਟਰ-17 ਥਾਣੇ ਵਿੱਚ ਪੁਲੀਸ ਤਸ਼ੱਦਦ ਢਾਹੁਣ ਤੋਂ ਬਾਅਦ ਉਸ ਨਾਲ ਕੀ ਵਾਪਰਿਆ ਸੀ, ਬਾਰੇ ਸਾਰੀ ਸੱਚਾਈ ਖੁੱਲ੍ਹ ਕੇ ਸਾਹਮਣੇ ਆ ਸਕਦੀ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਪਿਛਲੀ ਤਰੀਕ ’ਤੇ ਪੰਜਾਬ ਸਰਕਾਰ ਅਤੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕਰ ਕੇ ਤਿੰਨ ਹਫ਼ਤਿਆਂ ਦੇ ਅੰਦਰ-ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ, ਪ੍ਰੰਤੂ ਪੰਜਾਬ ਸਰਕਾਰ ਨੇ ਉਕਤ ਮਾਮਲੇ ਸਬੰਧੀ ਅੱਜ ਆਪਣਾ ਜਵਾਬ ਦਾਖ਼ਲ ਨਹੀਂ ਕੀਤਾ ਸਗੋਂ ਅਦਾਲਤ ਤੋਂ ਕੁੱਝ ਹੋਰ ਦਿਨਾਂ ਦੀ ਮੋਹਲਤ ਮੰਗੀ ਗਈ।
ਸਾਬਕਾ ਡੀਜੀਪੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਦੋ ਵੱਖ-ਵੱਖ ਪਟੀਸ਼ਨਾਂ ਦਾਇਰ ਕਰ ਕੇ ਉਨ੍ਹਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਮੁੱਢੋਂ ਰੱਦ ਕਰਨ ਅਤੇ ਪੱਕੀ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਖ਼ਿਲਾਫ਼ ਮਟੌਰ ਥਾਣੇ ਵਿੱਚ 29 ਸਾਲ ਬਾਅਦ ਦਰਜ ਕੀਤਾ ਗਿਆ ਅਪਰਾਧਿਕ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕੀਤਾ ਜਾਵੇ। ਉੱਧਰ, ਸਰਕਾਰੀ ਵਕੀਲ ਅਦਾਲਤ ਵਿੱਚ ਇਹ ਦਾਅਵਾ ਕਰ ਚੁੱਕੇ ਹਨ ਕਿ ਇਸ ਮਾਮਲੇ ’ਚ ਸੁਮੇਧ ਸੈਣੀ ਖ਼ਿਲਾਫ਼ ਸਰਕਾਰ ਅਤੇ ਪੰਜਾਬ ਪੁਲੀਸ ਕੋਲ ਠੋਸ ਸਬੂਤ ਹਨ। ਲਿਹਾਜ਼ਾ ਉਨ੍ਹਾਂ ਨੂੰ ਕੋਈ ਰਾਹਤ ਨਾ ਦਿੱਤੀ ਜਾਵੇ।