ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਪ੍ਰਬੰਧ ਸਿੱਖ ਸੰਸਥਾ ਤੋਂ ਲੈ ਕੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਅਧੀਨ 9 ਮੈਂਬਰੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਹਵਾਲੇ ਕਰਨ ਦੇ ਫ਼ੈਸਲੇ ਦੀ ਤਿੱਖੇ ਸ਼ਬਦਾਂ ’ਚ ਨੁਕਤਾਚੀਨੀ ਕਰਦਿਆਂ ਕਿਹਾ ਹੈ ਕਿ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਵਿਰੁੱਧ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਖਾਂ ਦੇ ਵਫ਼ਦ ਮਿਲੇ ਹਨ ਜਿਨ੍ਹਾਂ ਗੁਰਦੁਆਰੇ ਦੇ ਪ੍ਰਬੰਧ ਅਤੇ ਰੱਖ-ਰਖਾਅ ਦਾ ਜ਼ਿੰਮਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐੱਸਜੀਪੀਸੀ) ਤੋਂ ਲੈ ਕੇ ਗ਼ੈਰ ਸਿੱਖ ਸੰਸਥਾ ਹਵਾਲੇ ਕਰਨ ’ਤੇ ਡੂੰਘੀ ਚਿੰਤਾ ਜਤਾਈ ਹੈ। ਸਿੱਖਾਂ ਨੇ ਕਿਹਾ ਹੈ ਕਿ ਇਹ ਫ਼ੈਸਲਾ ਪਾਕਿਸਤਾਨ ’ਚ ਘੱਟ ਗਿਣਤੀ ਸਿੱਖਾਂ ਦੇ ਹੱਕਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ’ਚ ਦੋਵੇਂ ਮੁਲਕਾਂ ਨੇ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨਾਲ ਜੋੜਨ ਵਾਲੇ ਲਾਂਘੇ ਨੂੰ ਖੋਲ੍ਹਿਆ ਸੀ।
ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ,‘‘ਅਸੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਪੀਐੱਸਜੀਪੀਸੀ ਤੋਂ ਲੈ ਕੇ ਈਟੀਪੀਬੀ ਅਧੀਨ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਹਵਾਲੇ ਕਰਨ ਦੀਆਂ ਰਿਪੋਰਟਾਂ ਦੇਖੀਆਂ ਹਨ। ਪਾਕਿਸਤਾਨ ਦਾ ਇਹ ਇਕਪਾਸੜ ਫ਼ੈਸਲਾ ਨਿੰਦਣਯੋਗ ਹੈ ਕਿਉਂਕਿ ਇਹ ਕਰਤਾਰਪੁਰ ਸਾਹਿਬ ਲਾਂਘੇ ਅਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਖ਼ਿਲਾਫ ਹੈ।’’ ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਪਾਕਿਸਤਾਨੀ ਸਰਕਾਰ ਅਤੇ ਉਸ ਦੀ ਲੀਡਰਸ਼ਿਪ ਦੀ ਅਸਲੀਅਤ ਦਾ ਪਰਦਾਫਾਸ਼ ਹੁੰਦਾ ਹੈ ਜੋ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਦੇ ਵੱਡੇ ਵੱਡੇ ਦਾਅਵੇ ਕਰਦੇ ਹਨ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਪੱਖਪਾਤੀ ਫ਼ੈਸਲੇ ਨੂੰ ਵਾਪਸ ਲਵੇ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਸਿੱਖਾਂ ਦੀ ਸੰਸਥਾ ਹਵਾਲੇ ਕਰੇ।