ਦਿੱਲੀ ਦੀਆਂ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਤੁਰੰਤ ਹਟਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਵਿਚ ਸ਼ੁੱਕਰਵਾਰ ਨੂੰ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਦਿੱਲੀ ਦੇ ਆਲੇ ਦੁਆਲੇ ਧਰਨਾ ਦੇ ਰਹੇ ਕਿਸਾਨਾਂ ਨੂੰ ਤੁਰੰਟ ਹਟਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਧਰਨਿਆਂ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੜਕਾਂ ’ਤੇ ਨਾਕਾਬੰਦੀ ਅਤੇ ਇਕੱਠ ਕਾਰਨ ਕੋਵਿਡ-19 ਦਾ ਖ਼ਤਰਾ ਵਧ ਗਿਆ ਹੈ। ਪਟੀਸ਼ਨ ਵਿਚ ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਉਹ ਅਧਿਕਾਰੀਆਂ ਨੂੰ ਦਿੱਲੀ ਬਾਰਡਰ ਤੇ ਸੜਕਾਂ ਖੋਲ੍ਹਣ, ਪ੍ਰਦਰਸ਼ਨਕਾਰੀਆਂ ਨੂੰ ਤੈਅ ਸਥਾਨ’ ਤੇ ਤਬਦੀਲ ਕਰਨ ਅਤੇ ਕੋਵਿਡ-19 ਨਿਯਮਾਂ ਦੀ ਪਾਲਣਾ ਕਰਵਾਉਣ ਦੇ ਨਿਰਦੇਸ਼ ਦੇਵੇ। ਪਟੀਸ਼ਨ ਕਾਨੂੰਨ ਦੇ ਵਿਦਿਆਰਥੀ ਰਿਸ਼ਭ ਸ਼ਰਮਾ ਦੁਆਰਾ ਦਾਇਰ ਕੀਤੀ ਗਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਪੁਲੀਸ ਨੇ 27 ਨਵੰਬਰ ਨੂੰ ਇੱਥੋਂ ਦੇ ਨਿਰੰਕਾਰੀ ਮੈਦਾਨ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਸੀ ਪਰ ਇਸ ਦੇ ਬਾਵਜੂਦ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਨੂੰ ਰੋਕ ਦਿੱਤਾ ਹੈ।

ਪਟੀਸ਼ਨਰ ਮੁਤਾਬਕ ਉਹ ਲੋਕ ਜਿਹੜੇ ਸਰਕਾਰੀ / ਪ੍ਰਾਈਵੇਟ ਹਸਪਤਾਲਾਂ ਵਿੱਚ ਡਾਕਟਰੀ ਇਲਾਜ ਕਰਵਾਉਣ ਲਈ ਦਿੱਲੀ ਆਉਣ-ਜਾਣ ਵਾਲੇ ਹਨ, ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਪਟੀਸ਼ਨ ਵਿੱਚ ਸਰਵਉੱਚ ਅਦਾਲਤ ਦੇ 7 ਅਕਤੂਬਰ ਦੇ ਫੈਸਲੇ ਦਾ ਹਵਾਲਾ ਦਿੱਤਾ, ਜਿਸ ਵਿੱਚ ਜਨਤਕ ਥਾਵਾਂ ’ਤੇ ਪ੍ਰਦਰਸ਼ਨ ਕਰਨ ਤੋਂ ਰੋਕਿਆ ਗਿਆ ਸੀ।

Previous articleਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ
Next articleJadeja ruled out of rest of T20I series with concussion