• ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮਾਂ ਨੂੰ ਸਫ਼ਲ ਬਣਾਉਣ ਦੀ ਕੀਤੀ ਅਪੀਲ
ਕਪੂਰਥਲਾ (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ): ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਐਸ.ਪੀ.(ਹੈਡਕੁਆਰਟਰ) ਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਕਰਮੀਆਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਐਸ.ਪੀ.(ਹੈਡਕੁਆਰ) ਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੁਲਿਸ ਵਿਭਾਗ ਜ਼ਿਲੇ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ।
ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਗਿਅ ਹੈ ਅਤੇ ਹੁਣ ਲੋਕਾਂ ਨੂੰ ਨਸ਼ਿਆਂ ਦੀ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕਰਕੇ ਇਸ ਦੀ ਮੰਗ ਨੂੰ ਵੀ ਠੱਲ ਪਾਈ ਜਾ ਰਹੀ ਹੈ।ਉਨਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਜਾਗਰੂਕਤਾ ਮੁਹਿੰਮਾਂ ਜਿਨਾਂ ਵਿੱਚ ਬੱਡੀ ਅਤੇ ਡੈਪੋ ਪ੍ਰੋਗਰਾਮ ਅਹਿਮ ਹਨ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ।
ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੇ ਕਰਮੀਆਂ ਨੂੰ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਵੱਧ ਤੋਂ ਵੱਧ ਜਾਗਰੂਕ ਕਰਨ ਤੋਂ ਇਲਾਵਾ ਜੋ ਲੋਕ ਨਸ਼ਿਆਂ ‘ਤੇ ਨਿਰਭਰ ਹਨ ਨੂੰ ਮੁੱਖ ਧਾਰਾ ਨਾਲ ਜੁੜਨ ਲਈ ਪ੍ਰੇਰਿਤ ਕਰਨ ਤਾਂ ਕਿ ਪੰਜਾਬ ਅਤੇ ਖਾਸ ਕਰਕੇ ਜ਼ਿਲੇ ਵਿਚੋਂ ਨਸ਼ਿਆਂ ਨੂੰ ਮੁਕੰਮਲ ਤੌਰ ‘ਤੇ ਖ਼ਤਮ ਕੀਤਾ ਜਾ ਸਕੇ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਲੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਸ.ਪੀ. ਸ਼ਾਹਬਾਜ਼ ਸਿੰਘ, ਸਪੈਸ਼ਲ ਕਰਾਈਮ, ਹੈਡਕੁਆਰਟਰ ਵਲੋਂ ਵੀ ਸਹੁੰ ਚੁਕਾਈ ਗਈ।