ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ 26 ਨਵੰਬਰ ਤੋਂ ਸਿੰਘੂ ਤੇ ਟਿਕਰੀ ਬਾਰਡਰਾਂ ’ਤੇ ਪੱਕੇ ਮੋਰਚੇ ਲਾ ਕੇ ਡਟੀਆਂ ਕਿਸਾਨ ਜਥੇਬੰਦੀਆਂ ਦੇ ਪ੍ਰਧਾਨਾਂ ਵੱਲੋਂ ਭਲਕੇ 14 ਦਸੰਬਰ ਨੂੰ ਇਕ ਰੋਜ਼ਾ ਭੁੱਖ ਹੜਤਾਲ ਕੀਤੀ ਜਾਵੇਗੀ ਜਦੋਂਕਿ ਧਰਨੇ ਪਹਿਲਾਂ ਮਿੱਥੇ ਮੁਤਾਬਕ ਹੀ ਚੱਲਦੇ ਰਹਿਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਕਾਲਤ ਕਰ ਰਹੀਆਂ ਤੇ ਅੰਦਰਖਾਤੇ ਸਰਕਾਰ ਨਾਲ ਹੱਥ ਮਿਲਾਉਣ ਵਾਲੀਆਂ ਇੱਕਾ ਦੁੱਕਾ ਜਥੇਬੰਦੀਆਂ ਨਾਲ ਉਨ੍ਹਾਂ ਦਾ ਕੋਈ ਵਾਸਤਾ ਨਹੀਂ ਹੈ। ਉਨ੍ਹਾਂ ਕਿਸਾਨ ਅੰਦੋਲਨ ਨੂੰ ਵਾਪਸ ਲੈਣ ਬਾਰੇ ਮੀਡੀਆ ਰਿਪੋਰਟਾਂ ਨੂੰ ਖਾਰਜ ਕੀਤਾ ਹੈ।
ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਗੱਲਬਾਤ ਦੀ ਪੇਸ਼ਕਸ਼ ਕਰਦੀ ਹੈ ਤਾਂ ਸੰਯੁਕਤ ਕਿਸਾਨ ਮੋਰਚਾ ਇਸ ਬਾਰੇ ਫੈਸਲਾ ਕਰੇਗਾ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ ਪੰਜਾਬ ਦੀਆਂ 32 ਤੇ ਹੋਰ ਜਥੇਬੰਦੀਆਂ ਦੇ ਆਗੂਆਂ ਵੱਲੋਂ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ਕੀਤੀ ਜਾਵੇਗੀ। ਇਹ ਭੁੱਖ ਹੜਤਾਲ 14 ਦਸੰਬਰ ਬਾਰੇ ਐਲਾਨੇ ਗਏ ਪ੍ਰੋਗਰਾਮ ਤਹਿਤ ਅੰਦੋਲਨ ਨੂੰ ਤਿੱਖਾ ਕਰਨ ਤੇ ਨਵੀਂ ਦਿਸ਼ਾ ਦੇਣ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸਾਰੇ ਪ੍ਰਧਾਨ ਇਸ ਵਿੱਚ ਸ਼ਾਮਲ ਹੋਣਗੇ ਤੇ ਕਿਸਾਨ ਦੇਸ਼ ਭਰ ਦੇ ਜ਼ਿਲ੍ਹਾ ਹੈੱਡਕੁਆਟਰਾਂ ਉਪਰ ਧਰਨੇ ਦੇ ਕੇ ਖੇਤੀ ਕਾਨੂੰਨਾਂ ਖਿਲਾਫ਼ ਕੇਂਦਰ ਸਰਕਾਰ ਕੋਲ ਆਪਣਾ ਵਿਰੋਧ ਦਰਜ ਕਰਵਾਉਣਗੇ।
ਸ੍ਰੀ ਚੜੂਨੀ ਨੇ ਕੁਝ ਕਿਸਾਨ ਯੂਨੀਅਨਾਂ ਵੱੱਲੋਂ ਅੰਦੋਲਨ ਵਾਪਸ ਲੈਣ ਬਾਰੇ ਮੀਡੀਆ ਦੇ ਇਕ ਹਿੱਸੇ ’ਚ ਆਈਆਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੀਆਂ ਇੱਕਾ-ਦੁੱਕਾ ਜਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਪਾਸ (ਖੇਤੀ) ਕਾਨੂੰਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਬੰਦ ਕਰਨ ਬਾਰੇ ਆਖ ਰਹੀਆਂ ਹਨ, ਉਹ ਇਸ ਅੰਦੋਲਨ ਦੇ ਨਾਲ ਨਹੀਂ ਜੁੜੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਜਥੇਬੰਦੀਆਂ ਨੇ ਅੰਦਰਖਾਤੇ ਕੇਂਦਰ ਸਰਕਾਰ ਨਾਲ ਹੱਥ ਮਿਲਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਾਜ਼ਿਸ਼ ਤਹਿਤ ਧਰਨਿਆਂ ਨੂੰ ਤਾਰਪੀਡੋ ਕਰਨ ਦੀ ਚਾਲ ਚੱਲ ਰਹੀ ਹੈ।
ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਏਜੰਸੀਆਂ ਵੱਲੋਂ ਧਰਨਿਆਂ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ ਰਾਹਾਂ ਵਿੱਚ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਉਨ੍ਹਾਂ ਸਪਸ਼ਟ ਕੀਤਾ ਕਿ ਖੇਤੀ ਕਾਨੂੰਨ ਰੱਦ ਕਰਨਾ ਉਨ੍ਹਾਂ ਦੀ ਮੁੱਖ ਮੰਗ ਹੈ, ਜਿਸ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਕੇ ਅੰਦੋਲਨ ਕਰ ਰਹੀਆਂ ਹਨ।
ਇਸ ਦੌਰਾਨ ਗਾਜ਼ੀਪੁਰ ਸਰਹੱਦ ’ਤੇ ਕਿਸਾਨ ਧਰਨੇ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਗੱਲਬਾਤ ਲਈ ਕੋਈ ਨਵੀਂ ਤਜਵੀਜ਼ ਦਿੰਦੀ ਹੈ ਤਾਂ ਇਸ ਬਾਰੇ ਅਗਲੇਰੀ ਰਣਨੀਤੀ ਕਿਸਾਨ ਯੂਨੀਅਨਾਂ ਦੀ ਸਾਂਝੀ ਕਮੇਟੀ ਤੈਅ ਕਰੇਗੀ, ਪਰ ਅੰਦੋਲਨ ਸ਼ਾਂਤਮਈ ਰਹੇਗਾ। ਕਿਸਾਨ ਆਗੂ ਸੰਦੀਪ ਗਿੱਡੇ ਨੇ ਕਿਹਾ ਕਿ 19 ਦਸੰਬਰ ਲਈ ਤਜਵੀਜ਼ਤ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਰੱਦ ਕਰ ਦਿੱਤੀ ਗਈ ਹੈ ਤੇ ਇਸ ਦੀ ਥਾਂ ਸੋਮਵਾਰ ਨੂੰ ਇਕ ਰੋਜ਼ਾ ਹੜਤਾਲ ਕੀਤੀ ਜਾਵੇਗੀ।