ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਵੀ ਨਹੀਂ: ਟਿਕੈਤ

ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਟਿੱਕਰੀ ਬਾਰਡਰ ਲਾਗੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਨਾਲ 30 ਦਸੰਬਰ ਦੀ ਮੀਟਿੰਗ ’ਚ ਪੰਜੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਕਿਸੇ ਸੋਧ ਨੂੰ ਪ੍ਰਵਾਨ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਕਾਨੂੰਨਾਂ ਦੀ ਮੁਕੰਮਲ ਵਾਪਸੀ ਤੱਕ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸੰਘਰਸ਼ ਨੂੰ ਹੋਰ ਤੇਜ਼ ਤੇ ਵਿਸ਼ਾਲ ਕਰਨ ਲਈ ਭਲਕੇ ਨੂੰ ਹਰਿਆਣਾ ਦੇ ਪਿੰਡਾਂ ’ਚ ਝੰਡਾ ਮਾਰਚ ਕੀਤਾ ਜਾਵੇਗਾ ਅਤੇ ਆਉਂਦੇ ਦਿਨਾਂ ਵਿੱਚ ਟਿਕਰੀ ਬਾਰਡਰ ਤੋਂ ਲੈ ਸ਼ਾਹਜਹਾਂਪੁਰ ਬਾਰਡਰ ਤੱਕ ਵਿਸ਼ਾਲ ਮਾਰਚ ਵੀ ਕੱਢਿਆ ਜਾਵੇਗਾ। ਉਨ੍ਹਾਂ ਨੌਜਵਾਨਾਂ ਦੇ ਜਜ਼ਬੇ ਤੇ ਜ਼ਬਤ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਹੋਰ ਵਧੇਰੇ ਸ਼ਿੱਦਤ ਨਾਲ ਜ਼ਿੰਮੇਵਾਰੀਆਂ ਸੰਭਾਲਣ ਲਈ ਕਿਹਾ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਕੇਸ਼ ਟਿਕੈਤ ਨੇ ਇਸ ਮੌਕੇ ਕਿਹਾ ਕਿ ਜੇਕਰ ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਵੀ ਨਹੀਂ ਹੋਵੇਗੀ।

ਉਨ੍ਹਾਂ ਆਖਿਆ ਕਿ ਪੰਜਾਬ ਤੋਂ ਸ਼ੁਰੂ ਹੋਇਆ ਇਹ ਕਿਸਾਨ ਅੰਦੋਲਨ ਹੁਣ ਪੂਰੇ ਮੁਲਕ ਦੇ ਜਨ ਅੰਦੋਲਨ ’ਚ ਤਬਦੀਲ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨਾਲ ਭਲਕ ਦੀ ਮੀਟਿੰਗ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਤੋਂ ਇਲਾਵਾ ਬਿਜਲੀ ਸੋਧ ਬਿੱਲ 2020 ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਦਾ ਜੁਰਮਾਨਾ ਕਰਨ ਵਾਲਾ ਆਰਡੀਨੈਂਸ ਰੱਦ ਕਰਨ, ਸਾਰੇ ਸੂਬਿਆਂ ’ਚ ਐੱਮਐੱਸਪੀ ’ਤੇ ਸਰਕਾਰੀ ਖਰੀਦ ਨੂੰ ਸੰਵਿਧਾਨਕ ਦਰਜਾ ਦੇਣ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੀ ਮੰਗ ਵੀ ਕੀਤੀ ਜਾਵੇਗੀ।

Previous articleਸਿੰਘੂ ਬਾਰਡਰ ’ਤੇ ‘ਚੱਲੋ ਦਿੱਲੀ’ ਨਾਟਕ ਦਾ ਮੰਚਨ
Next articleਪਹਾੜਾਂ ਤੋਂ ਮੈਦਾਨਾਂ ਤੱਕ ਸੀਤ ਲਹਿਰ ਨੇ ਕੰਬਣੀ ਛੇੜੀ