ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤ ਵਿੱਚ ਕਰੋਨਾਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਸ਼ੁਰੂ ਹੋਵੇਗੀ ਅਤੇ ਪਹਿਲੇ ਗੇੜ ’ਚ ਤਿੰਨ ਕਰੋੜ ਸਿਹਤ ਕਾਮਿਆਂ ਤੇ ਪਹਿਲੀਆਂ ਸਫ਼ਾਂ ’ਚ ਡਟੇ ਹੋਏ ਕਰੋਨਾ ਯੋਧਿਆਂ ਨੂੰ ਤਰਜੀਹੀ ਆਧਾਰ ’ਤੇ ਟੀਕੇ ਲਗਾਏ ਜਾਣਗੇ। ਪ੍ਰਧਾਨ ਮੰਤਰੀ ਵੱਲੋਂ ਮੀਟਿੰਗ ਦੌਰਾਨ ਦੇਸ਼ ’ਚ ਕਰੋਨਾਵਾਇਰਸ ਦੇ ਹਾਲਾਤ ਤੇ ਟੀਕੇ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੇ ਜਾਣ ਤੋਂ ਬਾਅਦ ਇਸ ਸਬੰਧੀ ਫ਼ੈਸਲਾ ਲਿਆ ਗਿਆ ਹੈ।
ਇਸ ਮੀਟਿੰਗ ’ਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਮੁੱਖ ਸਕੱਤਰ, ਸਿਹਤ ਸਕੱਤਰ ਸਮੇਤ ਕਈ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਸਿਹਤ ਮੰਤਰਾਲੇ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨੇ ਕੋਵਿਡ-19 ਪ੍ਰਬੰਧਨ ਨਾਲ ਜੁੜੇ ਵੱਖ ਵੱਖ ਪਹਿਲੂਆਂ ਦੀ ਸਮੀਖਿਆ ਕੀਤੀ ਹੈ। ਉਨ੍ਹਾਂ ਕਿਹਾ, ‘ਲੋਹੜੀ, ਮਾਘੀ, ਪੌਂਗਲ ਵਰਗੇ ਤਿਓਹਾਰਾਂ ਨੂੰ ਧਿਆਨ ’ਚ ਰੱਖਦਿਆਂ ਸਮੀਖਿਆ ਤੋਂ ਬਾਅਦ ਫ਼ੈਸਲਾ ਕੀਤਾ ਗਿਆ ਹੈ ਕਿ ਕੋਵਿਡ-19 ਟੀਕਾਕਰਨ ਮੁਹਿੰਮ 16 ਜਨਵਰੀ 2021 ਤੋਂ ਸ਼ੁਰੂ ਕੀਤੀ ਜਾਵੇਗੀ।’
ਕੋਵਿਡ-19 ਟੀਕਾਕਰਨ ਮੁਹਿੰਮ ’ਚ ਕਰੀਬ ਤਿੰਨ ਕਰੋੜ ਸਿਹਤ ਕਾਮਿਆਂ ਤੇ ਮੂਹਰਲੀਆਂ ਸਫ਼ਾਂ ’ਚ ਤਾਇਨਾਤ ਕਰਮਚਾਰੀਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ 50 ਸਾਲ ਤੋਂ ਵੱਧ ਉਮਰ ਦੇ ਕਰੀਬ 27 ਕਰੋੜ ਵਿਅਕਤੀਆਂ ਤੇ ਹੋਰ ਬਿਮਾਰੀਆਂ ਤੋਂ ਪੀੜਤ 50 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਦਿੱਤੀ ਜਾਵੇਗੀ।