ਮੋਗਾ (ਸਮਾਜ ਵੀਕਲੀ): ਕਿਸਾਨ ਪਰੇਡ ਹਿੰਸਾ ਵਾਲੇ ਦਿਨ ਦਿੱਲੀ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਇੱਥੋਂ ਨੇੜਲੇ ਪਿੰਡ ਤਤਾਰੀਏਵਾਲਾ ਦੇ 12 ਨੌਜਵਾਨਾਂ ਬਾਰੇ ਦਿੱਲੀ ਪੁਲੀਸ ਵੱਲੋਂ ਕੁਝ ਵੀ ਦੱਸਣ ਤੋਂ ਪੱਲਾ ਝਾੜ ਦੇਣ ਨਾਲ ਪਰਿਵਾਰਕ ਮੈਂਬਰ ਚਿੰਤਾ ਵਿੱਚ ਡੁੱਬ ਗਏ ਹਨ ਅਤੇ ਪਿੰਡ ਵਿੱਚ ਸਹਿਮ ਦਾ ਮਾਹੌਲ ਹੈ। ਇੱਥੇ ਅਕਾਲੀ ਆਗੂ ਮੁਖਤਿਆਰ ਸਿੰਘ, ਮਾਸਟਰ ਅਮਰਜੀਤ ਸਿੰਘ, ਗੁਰਨਾਹਰ ਸਿੰਘ ਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ 23 ਜਨਵਰੀ ਪਿੰਡ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਦਲਜਿੰਦਰ ਸਿੰਘ, ਜਗਦੀਪ ਸਿੰਘ, ਜਗਦੀਸ਼ ਸਿੰਘ, ਨਵਦੀਪ ਸਿੰਘ, ਬਲਵੀਰ ਸਿੰਘ, ਭਾਗ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਰਮਨਦੀਪ ਸਿੰਘ ਅਤੇ ਜਸਵੰਤ ਸਿੰਘ ਆਦਿ ਟਰੈਕਟਰ ਲੈ ਕੇ ਕਿਸਾਨ ਪਰੇਡ ਵਿੱਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋਏ ਸਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਕਿਸੇ ਦੇਸ਼ ਵਿਰੋਧੀ ਪਾਰਟੀ ਜਾਂ ਕਿਸੇ ਹੋਰ ਜਥੇਬੰਦੀ ਨਾਲ ਕੋਈ ਸਬੰਧ ਨਹੀਂ ਹੈ। ਇਹ ਨੌਜਵਾਨ ਕਿਸਾਨ ਜਥੇਬੰਦੀਆਂ ਦੇ ਸੱਦੇ ਅਨੁਸਾਰ ਹੀ ਦਿੱਲੀ ਗਏ ਸਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 26 ਜਨਵਰੀ ਨੂੰ ਹਿੰਸਾ ਦੀਆਂ ਘਟਨਾਵਾਂ ਬਾਅਦ ਨੌਜਵਾਨਾਂ ਨੇ ਫੋਨ ’ਤੇ ਆਪਣੇ ਪਰਿਵਾਰਾਂ ਨੂੰ ਦੱਸ ਦਿਤਾ ਸੀ ਕਿ ਉਨ੍ਹਾਂ ਨੂੰ ਟਰੈਕਟਰਾਂ ਸਮੇਤ ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਨੌਜਵਾਨਾਂ ਦੀ ਭਾਲ ਕਰ ਕੇ ਪਰਿਵਾਰ ਨੂੰ ਸੂਚਿਤ ਕਰਕੇ ਉਨ੍ਹਾਂ ਦੀ ਰਿਹਾਈ ਕਰਵਾਉਣ।
ਇਸ ਮੌਕੇ ਅਪਾਹਜ ਗੁਰਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਭਾਗ ਸਿੰਘ ਦਿੱਲੀ ਕਿਸਾਨ ਪਰੇਡ ’ਚ ਗਿਆ ਸੀ ਪਰ ਉਸ ਦਾ ਕੁਝ ਵੀ ਪਤਾ ਨਹੀਂ ਲੱਗ ਰਿਹਾ। ਉਹ ਅਪਾਹਜ ਹੈ ਤੇ ਉਸ ਦੇ ਬੱਚੇ ਨਿੱਕੇ ਹਨ। ਇਸ ਤਰ੍ਹਾਂ ਔਰਤ ਸੁਖਜਿੰਦਰ ਕੌਰ ਨੇ ਕਿਹਾ ਕਿ ਉਸ ਦਾ ਇੱਕ ਲੜਕਾ ਫ਼ੌਜ ਵਿੱਚ ਹੈ ਤੇ ਦੂਜਾ ਲੜਕਾ ਦਿੱਲੀ ਗਿਆ ਸੀ ਜਿਸ ਦਾ ਕੁਝ ਪਤਾ ਨਹੀਂ ਚੱਲ ਰਿਹਾ।