ਸੋਨੀਪਤ (ਸਮਾਜ ਵੀਕਲੀ) : ਮਜ਼ਦੂਰ ਅਧਿਕਾਰ ਸੰਗਠਨ ਦੀ ਕਾਰਕੁਨ ਨੌਦੀਪ ਕੌਰ ਨੂੰ ਕਥਿਤ ਜਬਰੀ ਵਸੂਲੀ ਕੇਸ ਵਿੱਚ ਅੱਜ ਜ਼ਮਾਨਤ ਮਿਲ ਗਈ। ਕੌਰ ਨੂੰ ਹਾਲਾਂਕਿ ਅਜੇ ਜੇਲ੍ਹ ਵਿੱਚ ਹੀ ਰਹਿਣਾ ਪਏਗਾ ਕਿਉਂਕਿ ਸੈਸ਼ਨ ਕੋਰਟ ਨੇ 12 ਜਨਵਰੀ ਨੂੰ ਦਰਜ ਕੇਸ ਵਿੱਚ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਕੌਰ ਨੂੰ ਜਿਸ ਕੇਸ ਵਿੱਚ ਜ਼ਮਾਨਤ ਮਿਲੀ ਹੈ, ਉਹ 28 ਦਸੰਬਰ ਨੂੰ ਕੁੰਡਲੀ ਪੁਲੀਸ ਸਟੇਸ਼ਨ ਵਿੱਚ ਦਰਜ ਕੀਤਾ ਗਿਆ ਸੀ।
ਇਸ ਦੌਰਾਨ ਇਕ ਹੋਰ ਕੇਸ ਵਿੱਚ ਨੌਦੀਪ ਦੀ ਜ਼ਮਾਨਤ ਅਰਜ਼ੀ ’ਤੇ ਭਲਕੇ 13 ਫਰਵਰੀ ਨੂੰ ਸੁਣਵਾਈ ਹੋਣੀ ਹੈ। ਨੌਦੀਪ ਖ਼ਿਲਾਫ ਕੁਲ ਮਿਲਾ ਕੇ ਤਿੰਨ ਕੇਸ ਦਰਜ ਹਨ। ਨੌਦੀਪ ਪਿੱਛੋਂ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਗੰਧੜ ਨਾਲ ਸਬੰਧਤ ਹੈ। ਨੌਦੀਪ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੁੰਡਲੀ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਹੋਣ ਮਗਰੋਂ ਉਸ ਨੂੰ 12 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਚੰਡੀਗੜ੍ਹ ਤੋਂ ‘ਆਈਏਐੱਨਐੱਸ’ ਦੀ ਰਿਪੋਰਟ ਮੁਤਾਬਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ 15 ਫਰਵਰੀ ਨੂੰ ਨੌਦੀਪ ਨੂੰ ਕਰਨਾਲ ਦੀ ਜੇਲ੍ਹ ਵਿੱਚ ਮਿਲਣਗੇ।
ਗੁਲਾਟੀ ਨੇ ਹਰਿਆਣਾ ਦੀ ਆਪਣੀ ਹਮਰੁਤਬਾ ਨਾਲ ਗੱਲਬਾਤ ਕਰਕੇ ਇਸ ਪੂਰੇ ਮਾਮਲੇ ’ਚ ਉਨ੍ਹਾਂ ਦਾ ਦਖਲ ਮੰਗਿਆ ਹੈ। ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਫੌਰੀ ਹਰਕਤ ਵਿੱਚ ਆਉਂਦਿਆਂ ਡਾਇਰੈਕਟਰ ਜਨਰਲ (ਜੇਲ੍ਹਾਂ) ਕੇ.ਸੇਲਵਾਰਾਜ ਨੂੰ ਲਿਖਤੀ ਹਦਾਇਤਾਂ ਜਾਰੀ ਕਰਦਿਆਂ ਨੌਦੀਪ ਲਈ ਕਾਨੂੰਨੀ ਸਹਾਇਤਾ ਤੇ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡੀਜੀ ਦੇ ਤਰਜਮਾਨ ਨੇ ਕਿਹਾ ਕਿ 15 ਫਰਵਰੀ ਨੂੰ ਬਾਅਦ ਦੁਪਹਿਰ 12 ਵਜੇ ਦੇ ਕਰੀਬ ਹੋਣ ਵਾਲੀ ਇਸ ਮੀਟਿੰਗ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਡੀਜੀ ਨੂੰ ਕਾਰਵਾਈ ਰਿਪੋਰਟ ਸੌਂਪਣ ਲਈ ਵੀ ਕਿਹਾ ਗਿਆ ਹੈ।