ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ

ਐੱਸਏਐੱਸ ਨਗਰ (ਮੁਹਾਲੀ) (ਸਮਾਜ ਵੀਕਲੀ)  : ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲ ਕੇ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੇ ਦਿਨੀਂ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਇਸ ਬਾਰੇ ਐਲਾਨ ਕੀਤਾ ਸੀ। ਇਸ ਸਬੰਧੀ ਕਰਵਾਏ ਗਏ ਵਿਸ਼ੇਸ਼ ਸਮਾਰੋਹ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਕੇਂਦਰੀ ਮੰਤਰੀ ਜਨਰਲ ਵੀ.ਕੇ. ਸਿੰਘ, ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਆਦਿ ਮੌਜੂਦ ਸਨ। ਇਸ ਤੋਂ ਪਹਿਲਾਂ ਸੀਤਾਰਾਮਨ ਨੇ ਉਕਤ ਮਹਿਮਾਨਾਂ ਦੀ ਮੌਜੂਦਗੀ ਵਿੱਚ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਵਾਲੀ ਤਖ਼ਤੀ ਤੋਂ ਪਰਦਾ ਚੁੱਕਿਆ।

ਕੇਂਦਰੀ ਵਿੱਤ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ, ‘‘ਇਨ੍ਹਾਂ ਛੋਟੇ-ਛੋਟੇ ਸੰਕੇਤਾਂ ਰਾਹੀਂ ਅਸੀਂ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਹੀਦ ਹੋਏ ਭਗਤ ਸਿੰਘ ਵਰਗੇ ਨੌਜਵਾਨਾਂ ਵੱਲੋਂ ਦਿੱਤੇ ਗਏ ਬਲੀਦਾਨ ਨੂੰ ਸਦੀਵੀ ਯਾਦ ਰੱਖ ਸਕਾਂਗੇ।’’ ਉਨ੍ਹਾਂ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਹਾਮੀ ਭਰਨ ਲਈ ਪੰਜਾਬ ਤੇ ਹਰਿਆਣਾ ਸਰਕਾਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਆਤਮਨਿਰਭਰ ਭਾਰਤ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਦਾ ਆਜ਼ਾਦੀ ਦੇ 100 ਸਾਲ ਪੂਰੇ ਹੋਣ ’ਤੇ 2047 ਤੱਕ ਦੇਸ਼ ਨੂੰ ਇਕ ਵਿਕਸਤ ਦੇਸ਼ ਬਣਾਉਣ ਦਾ ਟੀਚਾ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਪਿਛਲੇ ਅੱਠ ਸਾਲ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਨਾ ਸਿਰਫ਼ ਉਸ ਦੀ ਬਹਾਦਰੀ ਲਈ ਬਲਕਿ ਸਮਾਜਵਾਦ ਦੇ ਫ਼ਲਸਫ਼ੇ ਅਤੇ ਬੇਇਨਸਾਫ਼ੀ ਵਿਰੁੱਧ ਲੜਾਈ ਲਈ ਵੀ ਚੇਤੇ ਕੀਤਾ ਜਾਂਦਾ ਹੈ। ਉਨ੍ਹਾਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਦੀ ਸਹੂਲਤ ਲਈ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਉਡਾਣਾਂ ਨਾਲ ਪੰਜਾਬ ਦੇ ਯਾਤਰੀਆਂ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਦੇ ਯਾਤਰੀਆਂ ਨੂੰ ਫਾਇਦਾ ਹੋਵੇਗਾ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੇਵਾਮੁਕਤ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਨਵੇਂ ਸੀਡੀਐੱਸ ਨਿਯੁਕਤ
Next articleਭਾਰਤੀ ਪੁਲੀਸ ਢਾਂਚੇ ’ਚ ਵੱਡੇ ਪੱਧਰ ’ਤੇ ਬਦਲਾਅ ਦੀ ਲੋੜ: ਗੁਰਬਚਨ ਜਗਤ