ਚੰਡੀਗੜ੍ਹ (ਸਮਾਜ ਵੀਕਲੀ) : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ’ਤੇ ਚਿੰਤਾ ਜ਼ਾਹਿਰ ਕਰਦਿਆਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਿਸਾਨਾਂ ਨਾਲ ਮੁੜ ਤੋਂ ਗੱਲਬਾਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਬੈਠਾ ਹੋਇਆ ਹੈ। ਇਸ ਕਰਕੇ ਕੇਂਦਰ ਸਰਕਾਰ ਨੂੰ ਮੁੜ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ,‘‘ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿੰਨ-ਚਾਰ ਮੰਤਰੀਆਂ ਦੀ ਕਮੇਟੀ ਬਣਾਵੇ ਜੋ ਕਿਸਾਨਾਂ ਨਾਲ ਸੰਪਰਕ ਕਰਕੇ ਇਸ ਅੰਦੋਲਨ ਨੂੰ ਜਲਦੀ ਖ਼ਤਮ ਕਰਵਾਏ।’’
ਹਰਿਆਣਾ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਅੰਦੋਲਨ ਨੂੰ ਲੰਬਾ ਚਲਾਉਣ ਦੀਆਂ ਤਿਆਰੀ ਕਰ ਰਹੀਆਂ ਹਨ ਜੋ ਚਿੰਤਾ ਦਾ ਵਿਸ਼ਾ ਹੈ। ‘ਹਰ ਸਮੱਸਿਆ ਦਾ ਹੱਲ ਆਪਸੀ ਚਰਚਾ ਨਾਲ ਕੱਢਿਆ ਜਾ ਸਕਦਾ ਹੈ। ਕਿਸਾਨਾਂ ਦੀਆਂ ਕਈ ਮੰਗਾਂ ਦਾ ਤਾਂ ਪਿਛਲੀਆਂ ਮੀਟਿੰਗਾਂ ਦੌਰਾਨ ਹੱਲ ਕੱਢਿਆ ਜਾ ਚੁੱਕਿਆ ਹੈ। ਇਸ ਲਈ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਕੇ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਨਿਬੇੜਿਆ ਜਾਵੇ।’
ਸ੍ਰੀ ਚੌਟਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਕਿ ਦੇਸ਼ ਵਿੱਚ ਹਰਿਆਣਾ ਅਜਿਹਾ ਸੂਬਾ ਹੈ ਜੋ 6 ਫ਼ਸਲਾਂ ਦੀ ਖਰੀਦ ਐੱਮਐੱਸਪੀ ’ਤੇ ਕਰ ਰਿਹਾ ਹੈ ਜਿਨ੍ਹਾਂ ਵਿੱਚ ਕਣਕ, ਸਰ੍ਹੋਂ, ਸੂਰਜਮੁਖੀ, ਚਨਾ ਅਤੇ ਜੌਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਕਿਸਾਨਾਂ ਦੀਆਂ ਫ਼ਸਲਾਂ ਨੂੰ ਐੱਮਐੱਸਪੀ ’ਤੇ ਖਰੀਦਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਕਾਰ 11 ਗੇੜ ਦੀ ਮੀਟਿੰਗ ਹੋ ਚੁੱਕੀ ਹੈ ਅਤੇ ਆਖਰੀ ਮੀਟਿੰਗ 22 ਜਨਵਰੀ ਨੂੰ ਹੋਈ ਸੀ।