ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਦੁਗਣੇ ਤੋਂ ਵੱਧ ਵਾਧੇ ਦੀ ਸਿਫਾਰਸ਼ ਕੀਤੀ ਹੈ। ਘੱਟੋ-ਘੱਟ ਤਨਖਾਹ 6950 ਰੁਪਏ ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਇਹ ਪਹਿਲੀ ਜਨਵਰੀ 2016 ਤੋਂ ਲਾਗੂ ਹੋਵੇਗਾ।
ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ ਵਿੱਚ ਔਸਤਨ ਵਾਧਾ 20 ਫੀਸਦੀ ਦੇ ਕਰੀਬ ਹੋਣ ਦੀ ਸੰਭਾਵਨਾ ਹੈ। ਪੰਜਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨਾਲੋਂ ਤਨਖਾਹਾਂ ਵਿੱਚ ਇਹ 2.59 ਗੁਣਾ ਵਾਧਾ ਹੈ। ਸਾਰੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਕੁਝ ਭੱਤਿਆਂ ਵਿੱਚ ਰੈਸ਼ਨੇਲਾਈਜੇਸ਼ਨ ਦੇ ਨਾਲ ਵੱਡੇ ਭੱਤਿਆਂ ਨੂੰ ਡੇਢ ਤੋਂ ਦੁੱਗਣਾ ਵਧਾਉਣ ਦਾ ਪ੍ਰਸਤਾਵ ਹੈ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਛੇਵੇਂ ਵਿੱਤ ਕਮਿਸ਼ਨ ਦੇ ਸੁਝਾਵਾਂ ਦੀ ਸਕੀਮ ਅਨੁਸਾਰ ਪੈਨਸ਼ਨਾਂ ਤੇ ਡੀ.ਏ. ਵਿੱਚ ਪ੍ਰਭਾਵਸ਼ਾਲੀ ਵਾਧੇ ਦਾ ਪ੍ਰਸਤਾਵ ਹੈ ਜਦੋਂ ਕਿ ਪੱਕੇ ਮੈਡੀਕਲ ਭੱਤੇ ਅਤੇ ਡੈਥ ਕਮ ਰਿਟਾਇਰਮੈਂਟ ਗਰੈਚੂਟੀ ਦੁੱਗਣੀ ਕਰਨ ਦਾ ਪ੍ਰਸਤਾਵ ਹੈ। ਮੁਲਾਜ਼ਮਾਂ ਦੇ ਨਾਲ ਪੈਨਸ਼ਨਰਾਂ ਲਈ ਇਕੋ ਜਿਹੇ 1000 ਰੁਪਏ ਮੈਡੀਕਲ ਭੱਤੇ ਦਾ ਪ੍ਰਸਤਾਵ ਹੈ। ਡੈੱਥ-ਕਮ-ਰਿਟਾਇਰਮੈਂਟ ਗਰੈਚੂਟੀ ਨੂੰ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰਨ ਦਾ ਪ੍ਰਸਤਾਵ ਹੈ।
ਕਮਿਸ਼ਨ ਨੇ ਇੰਜਨੀਅਰਿੰਗ ਸਟਾਫ ਨੂੰ ਡਿਜ਼ਾਇਨ ਭੱਤਾ ਅਤੇ ਪੁਲੀਸ ਮੁਲਾਜ਼ਮਾਂ ਨੂੰ ਕਿੱਟ ਸੰਭਾਲ ਭੱਤਾ ਦੁੱਗਣਾ ਕਰਨ ਅਤੇ ਨਾਲ ਹੀ ਮੋਬਾਈਲ ਭੱਤਾ 375 ਰੁਪਏ ਤੋਂ 750 ਰੁਪਏ ਕਰਨ ਦਾ ਸੁਝਾਅ ਵੀ ਦਿੱਤਾ ਹੈ। ਤਨਖਾਹ ਅਤੇ ਪੈਨਸ਼ਨ ਸਬੰਧੀ ਸਿਫਾਰਸ਼ਾਂ ਨੂੰ ਲਾਗੂ ਕਰਨ ਦੀ ਸਿਫਾਰਸ਼ 01.01.2016 ਤੋਂ ਕੀਤੀ ਗਈ ਹੈ ਜਦੋਂ ਕਿ ਭੱਤੇ ਨਾਲ ਸਬੰਧਤ ਸਿਫਾਰਸ਼ਾਂ ਨੂੰ ਸਰਕਾਰ ਦੁਆਰਾ ਨੋਟੀਫਿਕੇਸ਼ਨ ਦੀ ਮਿਤੀ ਤੋਂ ਲਾਗੂ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ 01.01.2016 ਤੋਂ ਲਾਗੂ ਕਰਨ ਨਾਲ ਸੰਭਾਵਤ ਤੌਰ ’ਤੇ 3500 ਕਰੋੜ ਰੁਪਏ ਸਾਲਾਨਾ ਵਾਧੂ ਖਰਚਾ ਹੋਵੇਗਾ।
ਕਮਿਸ਼ਨ ਨੇ ਸਿਫਾਰਸ਼ ਕੀਤੀ ਹੈ ਕਿ ਕੇਂਦਰੀ ਤਰਜ਼ ’ਤੇ ਮਹਿੰਗਾਈ ਭੱਤੇ ਦੀ ਮੌਜੂਦਾ ਪ੍ਰਣਾਲੀ ਨੂੰ ਜਾਰੀ ਰੱਖਣਾ ਚਾਹੀਦਾ ਹੈ ਅਤੇ ਹਰ ਵਾਰ ਸੂਚਕਾਂਕ ਵਿਚ 50 ਫ਼ੀਸਦੀ ਵਾਧੇ ਨਾਲ ਮਹਿੰਗਾਈ ਭੱਤੇ ਨੂੰ ਮਹਿੰਗਾਈ ਤਨਖਾਹ ਵਿਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਸੇਵਾਮੁਕਤੀ ਦੇ ਲਾਭ ਸਮੇਤ ਸਾਰੇ ਉਦੇਸ਼ਾਂ ਲਈ ਮੰਨਿਆ ਜਾਣਾ ਚਾਹੀਦਾ ਹੈ।
ਸਾਰੇ ਸਰਕਾਰੀ ਕਰਮਚਾਰੀਆਂ ਲਈ ਪੇਅ ਮੈਟ੍ਰਿਕਸ ਨੂੰ ਸੌਖਾ, ਪਾਰਦਰਸ਼ੀ ਅਤੇ ਅਸਾਨ ਬਣਾਉਣ ਦੀ ਸਿਫਾਰਸ਼ ਕਰਨ ਤੋਂ ਇਲਾਵਾ ਕਮਿਸ਼ਨ ਨੇ ਸੁਝਾਅ ਦਿੱਤਾ ਹੈ ਕਿ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਲਈ 65 ਸਾਲ ਦੀ ਉਮਰ ਤੋਂ 5 ਸਾਲ ਦੇ ਮੌਜੂਦਾ ਅੰਤਰਾਲਾਂ ’ਤੇ ਬੁਢਾਪਾ ਭੱਤਾ ਸੋਧੀ ਪੈਨਸ਼ਨ ਅਨੁਸਾਰ ਜਾਰੀ ਰੱਖਣਾ ਚਾਹੀਦਾ ਹੈ। ਕਮਿਸ਼ਨ ਵੱਲੋਂ ਪੈਨਸ਼ਨ ਦੀ ਕਮਿਊਟੇਸ਼ਨ 40 ਫ਼ੀਸਦੀ ਤੱਕ ਬਹਾਲ ਰੱਖਣ ਦੀ ਸਿਫਾਰਸ਼ ਵੀ ਕੀਤੀ ਹੈ। ਹਾਲਾਂਕਿ ਮਕਾਨ ਦੇ ਕਿਰਾਏ ਭੱਤੇ (ਐਚਆਰਏ) ਲਈ ਸ਼ਹਿਰਾਂ ਦੇ ਮੌਜੂਦਾ ਵਰਗੀਕਰਨ ਨੂੰ ਕਾਇਮ ਰੱਖਣ ਦੀ ਤਜਵੀਜ਼ ਕੀਤੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly