ਕਪੂਰਥਲਾ (ਸਮਾਜ ਵੀਕਲੀ) (ਕੌੜਾ) – ਦਿੱਲੀ ਅੰਮ੍ਰਿਤਸਰ ਕਟੜਾ ਅਤੇ ਜਾਮਨਗਰ ਬਠਿੰਡਾ ਐਕਸਪ੍ਰੈਸ ਵੇਅ ਉਸਾਰੇ ਜਾਣ ਨਾਲ ਹਲਕਾ ਸੁਲਤਾਨਪੁਰ ਲੋਧੀ ਦੇ ਕਿਸਾਨਾਂ ਦੀਆਂ ਜ਼ਮੀਨਾਂ ਵੱਡੇ ਪੱਧਰ ਤੇ ਬਰਬਾਦ ਹੋ ਰਹੀਆਂ ਹਨ। ਜਿਸ ਕਰਕੇ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਪ੍ਰਭਾਵਿਤ ਹੋਣ ਵਾਲੇ ਕਿਸਾਨਾਂ ਨੂੰ ਬਜ਼ਾਰੀ ਮੁੱਲ ਦਾ ਚਾਰ ਗੁਣਾ,ਉਜਾੜਾ ਭੱਤਾ ਅਤੇ ਹੋਰ ਖਰਚੇ ਜੋੜ ਕੇ ਜ਼ਮੀਨਾਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ।
ਐਕਸਪ੍ਰੈਸ ਵੇਅ ਨਾਲ਼ ਪ੍ਰਭਾਵਿਤ ਹੋਣ ਵਾਲੇ ਕਿਸਾਨਾਂ ਦੇ ਹੱਕ ਵਿੱਚ ਨਿੱਤਰਦਿਆਂ ਸੀਨੀਅਰ ਅਕਾਲੀ ਆਗੂ ਸੱਜਣ ਸਿੰਘ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਅਤੇ ਸਰਕਾਰ ਵੱਲੋਂ ਪਿਛਲੇ ਸਮਿਆਂ ਦੌਰਾਨ ਐਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੇ ਕਿਸਾਨਾਂ ਨੂੰ ਚੋਖੇ ਮੁਆਵਜ਼ੇ ਦਿੱਤੇ ਗਏ ਸਨ। ਪਰ ਹੁਣ ਸਰਕਾਰ ਵੱਲੋਂ ਕੁਲੈਕਟਰ ਰੇਟ ਆਧਾਰ ਬਣਾ ਕੇ ਜ਼ਮੀਨਾਂ ਦੇ ਭਾਅ ਮਿੱਥੇ ਜਾ ਰਹੇ ਹਨ । ਜੋ ਕਿ ਕਿਸਾਨਾਂ ਨਾਲ਼ ਸਰਾਸਰ ਧੱਕਾ ਹੈ। ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਖਰੀਦਣਾ ਚਾਹੁੰਦੀ।
ਜੋ ਵੱਡੀ ਬੇਇਨਸਾਫ਼ੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪ੍ਰਭਾਵਿਤ ਹੋ ਰਹੇ ਕਿਸਾਨ ਪਟਿਆਲਾ ਵਿਖੇ ਧਰਨਾ ਲਾ ਕੇ ਬੈਠੇ ਹਨ । ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ। ਸਗੋਂ ਉਨ੍ਹਾਂ ਨੂੰ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਪਹਿਲਾਂ ਹੀ ਆਰਥਿਕ ਹਾਲਾਤ ਬਹੁਤ ਖਸਤਾ ਹੈ। ਉਨ੍ਹਾਂ ਦੀਆਂ ਜ਼ਮੀਨਾਂ ਨੂੰ ਬਹੁਤ ਘੱਟ ਕੀਮਤਾਂ ਦੇ ਕੇ ਹਥਿਆਇਆ ਜਾ ਰਿਹਾ ਹੈ।ਇਸ ਧੱਕੇਸ਼ਾਹੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly