- ਪ੍ਰਧਾਨ ਮੰਤਰੀ ਵੱਲੋਂ ਕਰੋਨਾ ਦੇ ਟਾਕਰੇ ਲਈ ਸਿਹਤ ਸੰਭਾਲ ਢਾਂਚੇ ਦੀ ਸਮੀਖਿਆ
- ਰਾਜਾਂ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਮਦਦ ਤੇ ਸੇਧ ਦੇਣ ਦਾ ਭਰੋਸਾ
ਪ੍ਰਨਵੀਂ ਦਿੱਲੀ (ਸਮਾਜ ਵੀਕਲੀ) :ਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਦੇ ਟਾਕਰੇ ਲਈ ਸਿਹਤ ਸੰਭਾਲ ਨਾਲ ਜੁੜੇ ਪ੍ਰਬੰਧਾਂ ਦੀ ਅੱਜ ਵਿਆਪਕ ਸਮੀਖਿਆ ਕਰਦਿਆਂ ਕਿਹਾ ਕਿ ਸੂਬਿਆਂ ਨੂੰ ਸਿਹਤ ਸੰਭਾਲ ਨਾਲ ਜੁੜੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਹਰ ਸੰਭਵ ਮਦਦ ਤੇ ਸੇਧ ਦਿੱਤੀ ਜਾਣੀ ਚਾਹੀਦੀ ਹੈ। ਸਮੀਖਿਆ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਸਮੁੱਚੇ ਕੰਟੇਨਮੈਂਟ ਉਪਰਾਲਿਆਂ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਸ੍ਰੀ ਮੋਦੀ ਨੇ ਕਿਹਾ ਕਿ ਰਾਜਾਂ ਨੂੰ ਚੇਤੰਨ ਕਰਨ ਦੀ ਲੋੜ ਹੈ ਕਿ ਉਹ ਕੋਵਿਡ-19 ਖ਼ਿਲਾਫ਼ ਟੀਕਾਕਰਨ ਦੀ ਰਫ਼ਤਾਰ ਨੂੰ ਘੱਟ ਨਾ ਹੋਣ ਦੇਣ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ ਵਿੱਚ ਕਿਹਾ ਕਿ ਕੋਵਿਡ ਹਾਲਾਤ ਦੀ ਸਮੀਖਿਆ ਦੌਰਾਨ ਸ੍ਰੀ ਮੋਦੀ ਨੂੰ ਦੱਸਿਆ ਗਿਆ ਕਿ 45 ਸਾਲ ਤੋਂ ਵੱਧ ਉਮਰ ਦੀ 31 ਫੀਸਦ ਯੋਗ ਆਬਾਦੀ ਨੂੰ ਕਰੋਨਾ ਵੈਕਸੀਨ ਦੀ ਘੱਟੋ-ਘੱਟ ਇਕ ਖੁਰਾਕ ਦਿੱਤੀ ਜਾ ਚੁੱਕੀ ਹੈ। ਪੀਐੱਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਵੱਖ ਵੱਖ ਰਾਜਾਂ ਤੇ ਜ਼ਿਲ੍ਹਿਆਂ ਵਿੱਚ ਕੋਵਿਡ-19 ਮਹਾਮਾਰੀ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ ਤੇ ਦੱਸਿਆ ਗਿਆ ਕਿ 12 ਰਾਜਾਂ ਵਿੱਚ ਇਕ ਲੱਖ ਤੋਂ ਵੱਧ ਸਰਗਰਮ ਕੇਸ ਹਨ।
ਸ੍ਰੀ ਮੋਦੀ ਨੇ ਇਸ ਮੌਕੇ ਟੀਕਾਕਰਨ ਤੇ ਅਗਲੇ ਕੁਝ ਮਹੀਨਿਆਂ ਵਿੱਚ ਵੈਕਸੀਨਾਂ ਦਾ ਉਤਪਾਦਨ ਵਧਾਉਣ ਦੇ ਖਰੜੇ ’ਤੇ ਵੀ ਨਜ਼ਰਸਾਨੀ ਕੀਤੀ। ਪ੍ਰਧਾਨ ਮੰਤਰੀ ਨੇ ਸੂਬਾ ਵਾਰ ਵੈਕਸੀਨ ਦੀਆਂ ਡੋਜ਼ਾਂ ਖਰਾਬ ਹੋਣ ਦੇ ਰੁਝਾਨਾਂ ’ਤੇ ਵੀ ਨਿਗ੍ਹਾ ਮਾਰੀ। ਉਨ੍ਹਾਂ ਦਵਾਈਆਂ ਦੀ ਉਪਲੱਬਧਤਾ ਤੇ ਰੈਮਡੇਸਿਵਿਰ ਸਮੇਤ ਹੋਰਨਾਂ ਦਵਾਈਆਂ ਦਾ ਉਤਪਾਦਨ ਵਧਾਉਣ ਬਾਰੇ ਵੀ ਚਰਚਾ ਕੀਤੀ। ਸਮੀਖਿਆ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਸਿਹਤ ਮੰਤਰੀ ਹਰਸ਼ ਵਰਧਨ, ਵਣਜ ਤੇ ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਰਸਾਇਣ ਤੇ ਫਰਟੀਲਾਈਜ਼ਰ ਮੰਤਰੀ ਮਨਸੁਖ ਮੰਡਾਵੀਆ ਸਮੇਤ ਹੋਰ ਮੰਤਰੀ ਤੇ ਸਿਖਰਲੇ ਅਧਿਕਾਰੀ ਮੌਜੂਦ ਸਨ।
ਸਰਕਾਰੀ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼, ਉੜੀਸਾ, ਝਾਰਖੰਡ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਕੇ ਇਨ੍ਹਾਂ ਰਾਜਾਂ ਵਿਚ ਕੋਵਿਡ-19 ਹਾਲਾਤ ਬਾਰੇ ਚਰਚਾ ਕੀਤੀ। ਸ੍ਰੀ ਮੋਦੀ ਨੇ ਜੰਮੂ ਤੇ ਕਸ਼ਮੀਰ ਅਤੇ ਪੁੱਡੂਚੇਰੀ ਦੇ ਰਾਜਪਾਲਾਂ ਨਾਲ ਵੀ ਗੱਲਬਾਤ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly