ਨਵੀਂ ਦਿੱਲੀ ,ਸਮਾਜ ਵੀਕਲੀ: ਸੀਨੀਅਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਾਂਗਰਸ ਹਾਈਕਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਵਿਚ ਕਾਂਗਰਸ ਦੀ ਸਥਿਤੀ ਨੂੰ ਲੈ ਕੇ ਦਖਲ ਦੇਵੇ। ਸ੍ਰੀ ਬਾਜਵਾ ਦੀ ਮੰਗ ਉਸ ਵੇਲੇ ਆਈ ਹੈ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਕ ਸਕੱਤਰ ਵਲੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਧਮਕਾਉਣ ਦਾ ਮਾਮਲਾ ਗਰਮਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾਈ ਕਮਾਨ ਨੂੰ ਸਾਰੇ ਵਿਧਾਇਕਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
ਦੂਜੇ ਪਾਸੇ ਪੰਜਾਬ ਦੀ ਕਾਂਗਰਸ ਪਾਰਟੀ ਨੇ ਕਿਹਾ ਹੈ ਕਿ ਸੂਬਾ ਕਾਂਗਰਸ ਵਿਚ ਕੋਈ ਗੁੱਟਬੰਦੀ ਨਹੀਂ ਹੈ ਤੇ ਗਿਲੇ ਸ਼ਿਕਵਿਆਂ ਨੂੰ ਮਿਲ ਬੈਠ ਕੇ ਹੱਲ ਕਰ ਲਿਆ ਜਾਵੇਗਾ। ਜਦੋਂ ਬਾਜਵਾ ਨੂੰ ਪੁੱਛਿਆ ਗਿਆ ਕਿ ਕੀ ਉਹ ਮੁੱਖ ਮੰਤਰੀ ਨੂੰ ਬਦਲਣ ਦੀ ਮੰਗ ਕਰ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਮੁੱਦਾ ਨਹੀਂ ਹੈ ਪਰ ਇਸ ਸਬੰਧੀ ਹਾਈ ਕਮਾਨ ਨੂੰ ਗੱਲਬਾਤ ਕਰ ਕੇ ਤੇ ਜ਼ਮੀਨੀ ਹਕੀਕਤ ਦਾ ਪਤਾ ਲਾ ਕੇ ਹੀ ਕੋਈ ਫੈਸਲਾ ਲੈਣਾ ਚਾਹੀਦਾ ਹੈ।
ਦੂਜੇ ਪਾਸੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਕੋਈ ਟਿੱਪਣੀ ਨਹੀਂ ਕਰਨਗੇ। ਇਸ ਤੋਂ ਪਹਿਲਾਂ ਵਿਧਾਇਕ ਪਰਗਟ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਬੇਅਦਬੀ ਮਾਮਲੇ ਉਤੇ ਬੋਲਣ ਉਤੇ ਪੁਲੀਸ ਕੇਸ ਦਰਜ ਕਰਨ ਦਾ ਡਰਾਵਾ ਦੇ ਕੇ ਧਮਕਾਇਆ ਗਿਆ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਮਾਮਲੇ ਉਤੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly