ਚੰਡੀਗੜ੍ਹ, (ਸਮਾਜ ਵੀਕਲੀ): ਟੋਹਾਣਾ ਤੋਂ ਜੇਜੇਪੀ ਵਿਧਾਇਕ ਦਵਿੰਦਰ ਸਿੰਘ ਬਬਲੀ ਮਾਮਲੇ ਵਿੱਚ ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਸਾਨ ਜਥੇਬੰਦੀਆਂ ਦਾ ਧਰਨਾ ਥਾਣਾ ਸਦਰ ਟੋਹਾਣਾ ਅੱਗੇ ਦੂਜੇ ਦਿਨ ਵੀ ਜਾਰੀ ਰਿਹਾ। ਹਰਿਆਣਾ ਪੁਲੀਸ ਦੀ ਅੜੀ ਵੇਖਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਰਾਕੇਸ਼ ਟਿਕੈਤ ਅਤੇ ਯੋਗੇਂਦਰ ਯਾਦਵ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਨੇ ਥਾਣੇ ਵਿੱਚ ਹੀ ਪੱਕੇ ਡੇਰੇ ਲਾ ਦਿੱਤੇ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ 7 ਜੂਨ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਸੂਬੇ ਦੇ ਸਾਰੇ ਥਾਣਿਆਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਟੋਹਾਣਾ ਪੁਲੀਸ ਵੱਲੋਂ ਗਲਤ ਢੰਗ ਨਾਲ ਗ੍ਰਿਫ਼ਤਾਰ ਕੀਤੇ ਕਿਸਾਨ ਆਗੂ ਰਵੀ ਆਜ਼ਾਦ ਅਤੇ ਵਿਕਾਸ ਨੂੰ ਰਿਹਾਅ ਕੀਤਾ ਜਾਵੇ। ਜੇਕਰ ਪੁਲੀਸ ਉਨ੍ਹਾਂ ਨੂੰ ਰਿਹਾਅ ਕਰਨ ਲਈ ਤਿਆਰ ਨਹੀਂ ਹੈ ਤਾਂ ਉੱਥੇ ਹਾਜ਼ਰ ਸਾਰੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 7 ਜੂਨ ਨੂੰ ਸੂਬੇ ਭਰ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਸਾਰੇ ਥਾਣਿਆਂ ਦਾ ਘਿਰਾਓ ਕਰਨਗੇ। ਇਸ ਦੌਰਾਨ ਸਿਰਸਾ, ਫਤਿਆਬਾਦ, ਜੀਂਦ ਅਤੇ ਹਿਸਾਰ ਦੇ ਕਿਸਾਨ ਟੋਹਾਣਾ ਪਹੁੰਚਣਗੇ।
ਯੋਗੇਂਦਰ ਯਾਦਵ ਨੇ ਕਿਹਾ ਕਿ ਹਰਿਆਣਾ ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਦੋ ਮੀਟਿੰਗਾਂ ਹੋਈਆਂ ਹਨ ਜੋ ਬੇਸਿੱਟਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਦਵਿੰਦਰ ਸਿੰਘ ਬਬਲੀ ਨੇ ਮਾੜੀ ਸ਼ਬਦਾਵਲੀ ਲਈ ਮੁਆਫ਼ੀ ਮੰਗਦਿਆਂ ਆਪਣੀ ਸ਼ਿਕਾਇਤ ਵਾਪਸ ਲੈਣ ਬਾਰੇ ਆਖਿਆ ਹੈ ਜਿਸ ਤੋਂ ਬਾਅਦ ਪੁਲੀਸ ਨੂੰ ਵੀ ਕੇਸ ਰੱਦ ਕਰਨਾ ਚਾਹੀਦਾ ਹੈ। ਸ੍ਰੀ ਯਾਦਵ ਨੇ ਕਿਹਾ ਕਿ ਜਦੋਂ ਤੱਕ ਕਿਸਾਨ ਆਗੂਆਂ ਦੀ ਰਿਹਾਈ ਅਤੇ ਕੇਸ ਵਾਪਸੀ ਵਾਪਸੀ ਨਹੀਂ ਹੁੰਦੀ, ਉਦੋਂ ਤੱਕ ਥਾਣੇ ਅੱਗੇ ਧਰਨਾ ਜਾਰੀ ਰਹੇਗਾ।
ਦੱਸਣਯੋਗ ਹੈ ਕਿ 1 ਜੂਨ ਨੂੰ ਵਿਧਾਇਕ ਦਵਿੰਦਰ ਸਿੰਘ ਬਬਲੀ ਵੈਕਸੀਨੇਸ਼ਨ ਸੈਂਟਰ ਦਾ ਉਦਘਾਟਨ ਕਰਨ ਪੁੱਜੇ ਸਨ ਜਿਨ੍ਹਾਂ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਇਸ ਮੌਕੇ ਵਿਧਾਇਕ ਦੀ ਕਾਰ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ ਸੀ ਜਿਸ ਦੌਰਾਨ ਸ੍ਰੀ ਬਬਲੀ ਨੇ ਕਿਸਾਨਾਂ ਲਈ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਜਿਸ ਤੋਂ ਦੋ ਦਿਨਾਂ ਬਾਅਦ ਵਿਧਾਇਕ ਬਬਲੀ ਨੇ ਕਿਸਾਨਾਂ ਤੋਂ ਮੁਆਫ਼ੀ ਮੰਗ ਲਈ ਸੀ। ਇਸ ਮਾਮਲੇ ਵਿੱਚ ਹਰਿਆਣਾ ਪੁਲੀਸ ਨੇ ਦੋ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly