ਫ਼ਰੀਦਕੋਟ, (ਸਮਾਜ ਵੀਕਲੀ) : ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਪਾੜ ਕੇ ਗਲੀਆਂ ਵਿੱਚ ਖਿਲਾਰਨ ਦੇ ਮਾਮਲੇ ਵਿੱਚ ਪੜਤਾਲ ਮੁਕੰਮਲ ਹੋਣ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਨੇ ਅੱਜ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਬਾਰਡਰ ਰੇਂਜ ਦੇ ਆਈਜੀ ਐੱਸਪੀਐੱਸ ਪਰਮਾਰ ਦੀ ਅਗਵਾਈ ਹੇਠ ਬਣੀ ਜਾਂਚ ਟੀਮ ਨੇ ਅੱਜ ਲਿਖਤੀ ਤੌਰ ’ਤੇ ਅਦਾਲਤ ਨੂੰ ਦੱਸਿਆ ਕਿ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਮੁਕੰਮਲ ਹੋ ਗਈ ਹੈ ਅਤੇ ਇਸ ਵਿੱਚ ਛੇ ਡੇਰਾ ਪ੍ਰੇਮੀ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਨਿਸ਼ਾਨ ਸਿੰਘ, ਬਲਜੀਤ ਸਿੰਘ, ਰਣਦੀਪ ਸਿੰਘ ਅਤੇ ਰਣਜੀਤ ਸਿੰਘ ਪ੍ਰਮੁੱਖ ਤੌਰ ’ਤੇ ਸ਼ਾਮਲ ਹਨ।
ਜਦੋਂਕਿ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਜਾਂਚ ਟੀਮ ਗ੍ਰਿਫ਼ਤਾਰ ਨਹੀਂ ਕਰ ਸਕੀ। ਜਾਂਚ ਟੀਮ ਨੇ ਇਨ੍ਹਾਂ ਛੇ ਡੇਰਾ ਪ੍ਰੇਮੀਆਂ ਖ਼ਿਲਾਫ਼ ਇਲਾਕਾ ਮੈਜਿਸਟਰੇਟ ਮਿਸ ਤਰਜ਼ਨੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ। ਇਸ ਮਾਮਲੇ ਵਿੱਚ ਪੁਲੀਸ ਨੇ 12 ਅਕਤੂਬਰ 2015 ਨੂੰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 295, 295-ਏ, 154 ਅਤੇ 120-ਬੀ ਤਹਿਤ ਮੁਕੱਦਮਾ ਦਰਜ ਕੀਤਾ ਸੀ। ਦੱਸਣਯੋਗ ਹੈ ਕਿ 12 ਅਕਤੂਬਰ 2015 ਨੂੰ ਬਰਗਾੜੀ ਪਿੰਡ ਦੀਆਂ ਗਲੀਆਂ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ 115 ਪੱਤਰੇ ਖਿੱਲਰੇ ਹੋਏ ਮਿਲੇ ਸਨ। ਇਹ ਪੱਤਰੇ ਉਸੇ ਗੁਰੂ ਗ੍ਰੰਥ ਸਾਹਿਬ ਦੇ ਸਨ, ਜਿਸ ਨੂੰ ਪਿੰਡ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿੱਚੋਂ ਪਹਿਲੀ ਜੂਨ 2015 ਨੂੰ ਚੋਰੀ ਕੀਤਾ ਗਿਆ ਸੀ। ਸਥਾਨਕ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ 13 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly